Sri Guru Granth Sahib Ji — Ang 1054 (punjabi)
ਪੂਰੈ ਸਤਿਗੁਰਿ ਸੋਝੀ ਪਾਈ ॥
ਹੇ ਭਾਈ! ਪੂਰੇ ਸਤਿਗੁਰੂ ਨੇ (ਮੈਨੂੰ ਆਤਮਕ ਜੀਵਨ ਦੀ) ਸਮਝ ਬਖ਼ਸ਼ੀ ਹੈ,
ਏਕੋ ਨਾਮੁ ਮੰਨਿ ਵਸਾਈ ॥
ਹੁਣ ਮੈਂ ਪਰਮਾਤਮਾ ਦਾ ਹੀ ਨਾਮ ਆਪਣੇ ਮਨ ਵਿਚ ਵਸਾਂਦਾ ਹਾਂ ।
ਨਾਮੁ ਜਪੀ ਤੈ ਨਾਮੁ ਧਿਆਈ ਮਹਲੁ ਪਾਇ ਗੁਣ ਗਾਹਾ ਹੇ ॥੧੧॥
ਮੈਂ ਪਰਮਾਤਮਾ ਦਾ ਨਾਮ ਜਪਦਾ ਹਾਂ, ਅਤੇ ਉਸ ਦਾ ਨਾਮ ਧਿਆਉਂਦਾ ਹਾਂ, (ਨਾਮ ਦੀ ਬਰਕਤਿ ਨਾਲ ਪ੍ਰਭੂ-ਚਰਨਾਂ ਵਿਚ) ਟਿਕਾਣਾ ਪ੍ਰਾਪਤ ਕਰ ਕੇ ਮੈਂ ਉਸ ਦੇ ਗੁਣਾਂ ਵਿਚ ਚੁੱਭੀ ਲਾ ਰਿਹਾ ਹਾਂ ।੧੧।
ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥
ਹੇ ਭਾਈ! ਪਰਮਾਤਮਾ ਦੇ ਭਗਤ ਤਾਂ ਉਸ ਬੇਅੰਤ ਪ੍ਰਭੂ ਦਾ ਹੁਕਮ ਮੰਨ ਕੇ ਉਸ ਦੀ ਸੇਵਾ-ਭਗਤੀ ਕਰਦੇ ਹਨ,
ਮਨਮੁਖ ਹੁਕਮੁ ਨ ਜਾਣਹਿ ਸਾਰਾ ॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਉਸ ਦੇ ਹੁਕਮ ਦੀ ਕਦਰ ਨਹੀਂ ਸਮਝਦੇ ।
ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥੧੨॥
ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੇ ਹੁਕਮ ਨੂੰ ਮੰਨਦਾ ਹੈ, ਉਹ ਪ੍ਰਭੂ ਹੁਕਮ (ਮੰਨਣ) ਦੀ ਰਾਹੀਂ (ਲੋਕ ਪਰਲੋਕ ਦੀ) ਵਡਿਆਈ ਪ੍ਰਾਪਤ ਕਰਦਾ ਹੈ, ਉਹ ਵੇਪਰਵਾਹ ਪ੍ਰਭੂ ਦੇ ਹੁਕਮ ਵਿਚ ਹੀ ਲੀਨ ਰਹਿੰਦਾ ਹੈ ।੧੨।
ਗੁਰ ਪਰਸਾਦੀ ਹੁਕਮੁ ਪਛਾਣੈ ॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੀ ਰਜ਼ਾ ਨੂੰ ਪਛਾਣਦਾ ਹੈ,
ਧਾਵਤੁ ਰਾਖੈ ਇਕਤੁ ਘਰਿ ਆਣੈ ॥
ਉਹ ਆਪਣੇ ਭਟਕਦੇ ਮਨ ਨੂੰ ਰੋਕ ਰੱਖਦਾ ਹੈ, ਉਹ (ਆਪਣੇ ਮਨ ਨੂੰ) ਇੱਕ ਘਰ ਵਿਚ ਹੀ ਲੈ ਆਉਂਦਾ ਹੈ,
ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥੧੩॥
ਉਹ ਮਨੁੱਖ ਹਰਿ-ਨਾਮ ਵਿਚ ਰੰਗਿਆ ਰਹਿੰਦਾ ਹੈ, ਉਹ (ਵਿਕਾਰਾਂ ਤੋਂ) ਸਦਾ ਨਿਰਲੇਪ ਰਹਿੰਦਾ ਹੈ, ਪਰਮਾਤਮਾ ਦਾ ਰਤਨ-ਨਾਮ ਉਸ ਦੇ ਮਨ ਵਿਚ ਵੱਸਿਆ ਰਹਿੰਦਾ ਹੈ ।੧੩।
ਸਭ ਜਗ ਮਹਿ ਵਰਤੈ ਏਕੋ ਸੋਈ ॥
ਹੇ ਭਾਈ! ਸਾਰੇ ਜਗਤ ਵਿਚ ਇਕ ਪਰਮਾਤਮਾ ਹੀ ਵੱਸਦਾ ਹੈ,
ਗੁਰ ਪਰਸਾਦੀ ਪਰਗਟੁ ਹੋਈ ॥
ਪਰ ਉਹ ਗੁਰੂ ਦੀ ਕਿਰਪਾ ਨਾਲ ਦਿੱਸਦਾ ਹੈ ।
ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥੧੪॥
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ ਵਸਾ ਕੇ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦੇ ਹਨ, ਉਹ ਪਵਿੱਤਰ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ ਦਾ ਨਿਵਾਸ ਸਦਾ ਸੈ੍ਵ-ਸਰੂਪ ਵਿਚ ਹੋਇਆ ਰਹਿੰਦਾ ਹੈ ।੧੪।
ਸਦਾ ਭਗਤ ਤੇਰੀ ਸਰਣਾਈ ॥
ਹੇ ਪ੍ਰਭੂ! ਹੇ ਅਪਹੁੰਚ ਤੇ ਅਗੋਚਰ! ਤੇਰੇ ਭਗਤ ਸਦਾ ਤੇਰੀ ਸਰਨ ਵਿਚ ਰਹਿੰਦੇ ਹਨ ।
ਅਗਮ ਅਗੋਚਰ ਕੀਮਤਿ ਨਹੀ ਪਾਈ ॥
ਪਰ ਕੋਈ ਤੇਰਾ ਮੁੱਲ ਨਹੀਂ ਪਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਤੂੰ ਮਿਲ ਨਹੀਂ ਸਕਦਾ) ।
ਜਿਉ ਤੁਧੁ ਭਾਵਹਿ ਤਿਉ ਤੂ ਰਾਖਹਿ ਗੁਰਮੁਖਿ ਨਾਮੁ ਧਿਆਹਾ ਹੇ ॥੧੫॥
ਹੇ ਪ੍ਰਭੂ! ਤੂੰ (ਆਪਣੇ ਭਗਤਾਂ ਨੂੰ) ਉਵੇਂ ਹੀ ਰੱਖਦਾ ਹੈਂ, ਜਿਵੇਂ ਉਹ ਤੈਨੂੰ ਪਿਆਰੇ ਲੱਗਦੇ ਹਨ । (ਤੇਰੇ ਭਗਤ) ਗੁਰੂ ਦੀ ਸਰਨ ਪੈ ਕੇ ਤੇਰਾ ਨਾਮ ਧਿਆਉਂਦੇ ਹਨ ।੧੫।
ਸਦਾ ਸਦਾ ਤੇਰੇ ਗੁਣ ਗਾਵਾ ॥
ਹੇ ਪ੍ਰਭੂ! (ਮਿਹਰ ਕਰ) ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ, ਤਾਕਿ,
ਸਚੇ ਸਾਹਿਬ ਤੇਰੈ ਮਨਿ ਭਾਵਾ ॥
ਹੇ ਸਦਾ-ਥਿਰ ਮਾਲਕ! ਮੈਂ ਤੇਰੇ ਮਨ ਵਿਚ ਪਿਆਰਾ ਲੱਗਦਾ ਰਹਾਂ ।
ਨਾਨਕੁ ਸਾਚੁ ਕਹੈ ਬੇਨੰਤੀ ਸਚੁ ਦੇਵਹੁ ਸਚਿ ਸਮਾਹਾ ਹੇ ॥੧੬॥੧॥੧੦॥
(ਤੇਰਾ ਦਾਸ) ਨਾਨਕ (ਤੇਰੇ ਅੱਗੇ) ਬੇਨਤੀ ਕਰਦਾ ਹੈ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਮੈਨੂੰ ਆਪਣਾ ਸਦਾ-ਥਿਰ ਨਾਮ ਦੇਹ, ਮੈਂ ਤੇਰੇ ਸਦਾ-ਥਿਰ ਨਾਮ ਵਿਚ ਲੀਨ ਹੋਇਆ ਰਹਾਂ ।੧੬।੧।੧੦।
ਮਾਰੂ ਮਹਲਾ ੩ ॥
ਮਾਰੂ ਤੀਜੀ ਪਾਤਿਸ਼ਾਹੀ।
ਸਤਿਗੁਰੁ ਸੇਵਨਿ ਸੇ ਵਡਭਾਗੀ ॥
ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ;
ਅਨਦਿਨੁ ਸਾਚਿ ਨਾਮਿ ਲਿਵ ਲਾਗੀ ॥
ਸਦਾ-ਥਿਰ ਹਰਿ-ਨਾਮ ਵਿਚ ਉਹਨਾਂ ਦੀ ਲਗਨ ਹਰ ਵੇਲੇ ਲੱਗੀ ਰਹਿੰਦੀ ਹੈ ।
ਸਦਾ ਸੁਖਦਾਤਾ ਰਵਿਆ ਘਟ ਅੰਤਰਿ ਸਬਦਿ ਸਚੈ ਓਮਾਹਾ ਹੇ ॥੧॥
ਸਾਰੇ ਸੁਖਾਂ ਦਾ ਦਾਤਾ ਪਰਮਾਤਮਾ ਹਰ ਵੇਲੇ ਉਹਨਾਂ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ । ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ ਉਹਨਾਂ ਦੇ ਅੰਦਰ ਆਤਮਕ ਜੀਵਨ ਦਾ ਹੁਲਾਰਾ ਬਣਿਆ ਰਹਿੰਦਾ ਹੈ ।੧।
ਨਦਰਿ ਕਰੇ ਤਾ ਗੁਰੂ ਮਿਲਾਏ ॥
ਪਰ, ਹੇ ਭਾਈ! ਜਦੋਂ ਪਰਮਾਤਮਾ ਮਿਹਰ ਦੀ ਨਿਗਾਹ ਕਰਦਾ ਹੈ ਤਦੋਂ (ਹੀ) ਗੁਰੂ ਮਿਲਾਂਦਾ ਹੈ,
ਹਰਿ ਕਾ ਨਾਮੁ ਮੰਨਿ ਵਸਾਏ ॥
(ਗੁਰੂ ਦੇ ਮਿਲਾਪ ਦੀ ਬਰਕਤਿ ਨਾਲ ਉਹ ਮਨੁੱਖ) ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ ਵਸਾ ਲੈਂਦਾ ਹੈ ।
ਹਰਿ ਮਨਿ ਵਸਿਆ ਸਦਾ ਸੁਖਦਾਤਾ ਸਬਦੇ ਮਨਿ ਓਮਾਹਾ ਹੇ ॥੨॥
ਸਾਰੇ ਸੁਖਾਂ ਦਾ ਦਾਤਾ ਪ੍ਰਭੂ ਉਸ ਦੇ ਮਨ ਵਿਚ ਵੱਸਿਆ ਰਹਿੰਦਾ ਹੈ, ਸ਼ਬਦ ਦੀ ਬਰਕਤਿ ਨਾਲ ਉਸ ਦੇ ਮਨ ਵਿਚ ਜੀਵਨ-ਹੁਲਾਰਾ ਟਿਕਿਆ ਰਹਿੰਦਾ ਹੈ ।੨।
ਕ੍ਰਿਪਾ ਕਰੇ ਤਾ ਮੇਲਿ ਮਿਲਾਏ ॥
ਹੇ ਭਾਈ! ਜਦੋਂ ਪ੍ਰਭੂ ਕਿਰਪਾ ਕਰਦਾ ਹੈ ਤਦੋਂ (ਜੀਵ ਨੂੰ ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਨਾਲ) ਮਿਲਾ ਲੈਂਦਾ ਹੈ ।
ਹਉਮੈ ਮਮਤਾ ਸਬਦਿ ਜਲਾਏ ॥
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਅਤੇ ਮਮਤਾ ਨੂੰ ਸਾੜ ਲੈਂਦਾ ਹੈ ।
ਸਦਾ ਮੁਕਤੁ ਰਹੈ ਇਕ ਰੰਗੀ ਨਾਹੀ ਕਿਸੈ ਨਾਲਿ ਕਾਹਾ ਹੇ ॥੩॥
ਸਿਰਫ਼ ਪਰਮਾਤਮਾ ਦੇ ਪ੍ਰੇਮ-ਰੰਗ ਦਾ ਸਦਕਾ ਉਹ ਮਨੁੱਖ (ਹਉਮੈ ਮਮਤਾ ਤੋਂ) ਸਦਾ ਆਜ਼ਾਦ ਰਹਿੰਦਾ ਹੈ, ਉਸ ਦਾ ਕਿਸੇ ਨਾਲ ਭੀ ਵੈਰ-ਵਿਰੋਧ ਨਹੀਂ ਹੁੰਦਾ ।੩।
ਬਿਨੁ ਸਤਿਗੁਰ ਸੇਵੇ ਘੋਰ ਅੰਧਾਰਾ ॥
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ (ਜੀਵ ਦੇ ਜੀਵਨ-ਰਾਹ ਵਿਚ ਹਉਮੈ ਮਮਤਾ ਆਦਿਕ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ,
ਬਿਨੁ ਸਬਦੈ ਕੋਇ ਨ ਪਾਵੈ ਪਾਰਾ ॥
ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ (ਇਸ ਘੁੱਪ ਹਨੇਰੇ ਦਾ) ਪਾਰਲਾ ਬੰਨਾ ਨਹੀਂ ਲੱਭ ਸਕਦਾ ।
ਜੋ ਸਬਦਿ ਰਾਤੇ ਮਹਾ ਬੈਰਾਗੀ ਸੋ ਸਚੁ ਸਬਦੇ ਲਾਹਾ ਹੇ ॥੪॥
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਮਸਤ ਰਹਿੰਦੇ ਹਨ, ਉਹ ਵੱਡੇ ਤਿਆਗੀ ਹਨ । ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਹਰਿ-ਨਾਮ ਹੀ (ਉਹਨਾਂ ਵਾਸਤੇ ਅਸਲ) ਖੱਟੀ ਹੈ ।੪।
ਦੁਖੁ ਸੁਖੁ ਕਰਤੈ ਧੁਰਿ ਲਿਖਿ ਪਾਇਆ ॥
ਹੇ ਭਾਈ! ਕਰਤਾਰ ਨੇ ਆਪਣੇ ਹੁਕਮ ਨਾਲ ਹੀ ਦੁੱਖ ਅਤੇ ਸੁਖ (ਭੋਗਣਾ ਜੀਵਾਂ ਦੇ ਭਾਗਾਂ ਵਿਚ) ਲਿਖ ਕੇ ਪਾ ਦਿੱਤਾ ਹੈ ।
ਦੂਜਾ ਭਾਉ ਆਪਿ ਵਰਤਾਇਆ ॥
ਮਾਇਆ ਦਾ ਮੋਹ ਭੀ ਪਰਮਾਤਮਾ ਨੇ ਆਪ ਹੀ ਵਰਤਾਇਆ ਹੋਇਆ ਹੈ ।
ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੇ ॥੫॥
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਮਾਇਆ ਦੇ ਮੋੋਹ ਤੋਂ) ਨਿਰਲੇਪ ਰਹਿੰਦਾ ਹੈ; ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸਕਦਾ (ਕਿ ਕਿਹੜੇ ਵੇਲੇ ਮਾਇਆ ਦੇ ਮੋਹ ਵਿਚ ਫਸ ਜਾਏ) ।੫।
ਸੇ ਮਨਮੁਖ ਜੋ ਸਬਦੁ ਨ ਪਛਾਣਹਿ ॥
ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਆਪਣੇ ਮਨ ਦੇ ਪਿੱਛੇ ਤੁਰਨ ਲੱਗ ਪੈਂਦੇ ਹਨ,
ਗੁਰ ਕੇ ਭੈ ਕੀ ਸਾਰ ਨ ਜਾਣਹਿ ॥
ਉਹ ਮਨੁੱਖ ਗੁਰੂ ਦੇ ਡਰ-ਅਦਬ ਦੀ ਕਦਰ ਨਹੀਂ ਜਾਣਦੇ ।
ਭੈ ਬਿਨੁ ਕਿਉ ਨਿਰਭਉ ਸਚੁ ਪਾਈਐ ਜਮੁ ਕਾਢਿ ਲਏਗਾ ਸਾਹਾ ਹੇ ॥੬॥
ਜਿਤਨਾ ਚਿਰ ਗੁਰੂ ਦੇ ਡਰ-ਅਦਬ ਵਿਚ ਨਾਹ ਰਹੀਏ, ਉਨਾ ਚਿਰ ਸਦਾ-ਥਿਰ ਨਿਰਭਉ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ, (ਸਦਾ ਇਹ ਸਹਮ ਬਣਿਆ ਰਹਿੰਦਾ ਹੈ ਕਿ ਪਤਾ ਨਹੀਂ) ਜਮਰਾਜ (ਕਦੋਂ ਆ ਕੇ) ਜਿੰਦ ਕੱਢ ਲਏਗਾ ।੬।
ਅਫਰਿਓ ਜਮੁ ਮਾਰਿਆ ਨ ਜਾਈ ॥
ਹੇ ਭਾਈ! ਜਮਰਾਜ ਨੂੰ ਰੋਕਿਆ ਨਹੀਂ ਜਾ ਸਕਦਾ, ਜਮਰਾਜ ਨੂੰ ਮਾਰਿਆ ਨਹੀਂ ਜਾ ਸਕਦਾ ।
ਗੁਰ ਕੈ ਸਬਦੇ ਨੇੜਿ ਨ ਆਈ ॥
ਪਰ ਗੁਰੂ ਦੇ ਸ਼ਬਦ ਵਿਚ ਜੁੜਿਆਂ (ਜਮਰਾਜ ਦਾ ਸਹਮ ਮਨੁੱਖ ਦੇ) ਨੇੜੇ ਨਹੀਂ ਢੁਕਦਾ ।
ਸਬਦੁ ਸੁਣੇ ਤਾ ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥੭॥
ਜਦੋਂ ਉਹ ਗੁਰੂ ਦਾ ਸ਼ਬਦ (ਗੁਰਮੁਖ ਦੇ ਮੂੰਹੋਂ) ਸੁਣਦਾ ਹੈ, ਤਾਂ ਦੂਰੋਂ ਹੀ (ਉਸ ਦੇ ਕੋਲੋਂ) ਭੱਜ ਜਾਂਦਾ ਹੈ ਕਿ ਮਤਾਂ ਵੇਪਰਵਾਹ ਪ੍ਰਭੂ (ਇਸ ਖੁਨਾਮੀ ਪਿੱਛੇ) ਸਜ਼ਾ ਹੀ ਨ ਦੇਵੇ (ਜਮਰਾਜ ਗੁਰਮੁਖ ਮਨੁੱਖ ਨੂੰ ਮੌਤ ਦਾ ਡਰ ਦੇ ਹੀ ਨਹੀਂ ਸਕਦਾ) ।੭।
ਹਰਿ ਜੀਉ ਕੀ ਹੈ ਸਭ ਸਿਰਕਾਰਾ ॥
ਹੇ ਭਾਈ! ਸਾਰੀ ਹੀ ਸ੍ਰਿਸ਼ਟੀ ਪਰਮਾਤਮਾ ਦੇ ਹੁਕਮ ਵਿਚ ਹੈ (ਜਮਰਾਜ ਭੀ ਪਰਮਾਤਮਾ ਦਾ ਹੀ ਰਈਅਤ ਹੈ),
ਏਹੁ ਜਮੁ ਕਿਆ ਕਰੇ ਵਿਚਾਰਾ ॥
ਪਰਮਾਤਮਾ ਦੇ ਹੁਕਮ ਤੋਂ ਬਿਨਾ ਜਮਰਾਜ ਵਿਚਾਰਾ ਕੁਝ ਨਹੀਂ ਕਰ ਸਕਦਾ ।
ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਦਾ ਸਾਹਾ ਹੇ ॥੮॥
ਜਮਰਾਜ ਭੀ ਪ੍ਰਭੂ ਦੇ ਹੁਕਮ ਵਿਚ ਹੀ ਤੁਰਨ ਵਾਲਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਹੀ ਕਾਰ ਕਰਦਾ ਹੈ, ਹੁਕਮ ਅਨੁਸਾਰ ਹੀ ਜਿੰਦ ਕੱਢਦਾ ਹੈ ।੮।
ਗੁਰਮੁਖਿ ਸਾਚੈ ਕੀਆ ਅਕਾਰਾ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸਮਝਦਾ ਹੈ ਕਿ) ਸਾਰਾ ਜਗਤ ਸਦਾ-ਥਿਰ ਪਰਮਾਤਮਾ ਨੇ ਪੈਦਾ ਕੀਤਾ ਹੈ,
ਗੁਰਮੁਖਿ ਪਸਰਿਆ ਸਭੁ ਪਾਸਾਰਾ ॥
ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਦਾ ਹੀ ਖਿਲਾਰਿਆ ਹੋਇਆ ਹੈ ।
ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥੯॥
ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੯।
ਗੁਰਮੁਖਿ ਜਾਤਾ ਕਰਮਿ ਬਿਧਾਤਾ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਪ੍ਰਭੂ ਦੀ) ਬਖ਼ਸ਼ਸ਼ ਨਾਲ ਸਿਰਜਣਹਾਰ ਪ੍ਰਭੂ ਨਾਲ ਸਾਂਝ ਪਾਂਦਾ ਹੈ ।