Sri Guru Granth Sahib Ji — Ang 1057 (punjabi)
ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਮਨੁੱਖ ਪਰਮਾਤਮਾ ਦਾ ਨਾਮ ਉਚਾਰਦਾ ਹੈ ।
ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ ਚੁਕਾਹਾ ਹੇ ॥੮॥
ਉਹ ਦਿਨ ਰਾਤ ਹਰ ਵੇਲੇ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰਦਾ ਹੈ, (ਤੇ, ਇਸ ਤਰ੍ਹਾਂ ਆਪਣੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ ਲੈਂਦਾ ਹੈ ।੮।
ਗੁਰ ਸੇਵਾ ਤੇ ਸਭੁ ਕਿਛੁ ਪਾਏ ॥
ਹੇ ਭਾਈ! ਗੁਰੂ ਦੀ ਸਰਨ ਪੈਣ ਨਾਲ ਮਨੁੱਖ ਹਰੇਕ ਚੀਜ਼ ਹਾਸਲ ਕਰ ਲੈਂਦਾ ਹੈ,
ਹਉਮੈ ਮੇਰਾ ਆਪੁ ਗਵਾਏ ॥
ਉਹ ਮਨੁੱਖ ਹਉਮੈ ਮਮਤਾ ਆਪਾ-ਭਾਵ ਦੂਰ ਕਰ ਲੈਂਦਾ ਹੈ ।
ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈ ਸਬਦੇ ਸੋਹਾ ਹੇ ॥੯॥
ਹੇ ਭਾਈ! ਜਿਸ ਮਨੁੱਖ ਉੱਤੇ ਸੁਖਾਂ ਦਾ ਦਾਤਾ ਪ੍ਰਭੂ ਕਿਰਪਾ ਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਆਤਮਕ ਜੀਵਨ ਸੋਹਣਾ ਬਣਾ ਲੈਂਦਾ ਹੈ ।੯।
ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥
ਹੇ ਭਾਈ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲੀ ਬਾਣੀ ਹੈ,
ਅਨਦਿਨੁ ਹਰਿ ਕਾ ਨਾਮੁ ਵਖਾਣੀ ॥
(ਇਸ ਵਿਚ ਜੁੜ ਕੇ) ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ ।
ਹਰਿ ਹਰਿ ਸਚਾ ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥੧੦॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆ ਵੱਸਦਾ ਹੈ, ਉਸ ਮਨੁੱਖ ਦਾ ਉਹ ਹਿਰਦਾ ਪਵਿੱਤਰ ਹੋ ਜਾਂਦਾ ਹੈ ।੧੦।
ਸੇਵਕ ਸੇਵਹਿ ਸਬਦਿ ਸਲਾਹਹਿ ॥
ਹੇ ਭਾਈ! (ਪ੍ਰਭੂ ਦੇ) ਸੇਵਕ (ਗੁਰੂ ਦੇ) ਸ਼ਬਦ ਦੀ ਰਾਹੀਂ (ਪ੍ਰਭੂ ਦੀ) ਸੇਵਾ-ਭਗਤੀ ਕਰਦੇ ਹਨ, ਸਿਫ਼ਤਿ-ਸਾਲਾਹ ਕਰਦੇ ਹਨ,
ਸਦਾ ਰੰਗਿ ਰਾਤੇ ਹਰਿ ਗੁਣ ਗਾਵਹਿ ॥
ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਹੋ ਕੇ ਸਦਾ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ ।
ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥੧੧॥
ਹੇ ਭਾਈ! ਜਿਸ ਮਨੁੱਖ ਨੂੰ ਪ੍ਰਭੂ ਆਪ ਹੀ ਮਿਹਰ ਕਰ ਕੇ (ਗੁਰੂ ਦੇ) ਸ਼ਬਦ ਵਿਚ ਜੋੜਦਾ ਹੈ, ਉਸ ਮਨੁੱਖ ਦੇ ਮਨ ਵਿਚ (ਮਾਨੋ) ਚੰਦਨ ਦੀ ਸੁਗੰਧੀ ਪੈਦਾ ਹੋ ਜਾਂਦੀ ਹੈ ।੧੧।
ਸਬਦੇ ਅਕਥੁ ਕਥੇ ਸਾਲਾਹੇ ॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਅਕੱਥ ਪ੍ਰਭੂ ਦੇ ਗੁਣ ਬਿਆਨ ਕਰਦਾ ਰਹਿੰਦਾ ਹੈ,
ਮੇਰੇ ਪ੍ਰਭ ਸਾਚੇ ਵੇਪਰਵਾਹੇ ॥
ਸਦਾ-ਥਿਰ ਵੇਪਰਵਾਹ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ,
ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥੧੨॥
ਗੁਣਾਂ ਦੀ ਦਾਤਿ ਕਰਨ ਵਾਲਾ ਪ੍ਰਭੂ ਆਪ ਹੀ ਉਸ ਨੂੰ ਗੁਰੂ ਦੇ ਸ਼ਬਦ ਵਿਚ ਜੋੜੀ ਰੱਖਦਾ ਹੈ, ਉਸ ਨੂੰ ਸ਼ਬਦ ਦਾ ਆਨੰਦ ਆਉਣ ਲੱਗ ਪੈਂਦਾ ਹੈ ।੧੨।
ਮਨਮੁਖੁ ਭੂਲਾ ਠਉਰ ਨ ਪਾਏ ॥
ਹੇ ਭਾਈ! ਮਨ ਦਾ ਮੁਰੀਦ ਮਨੁੱਖ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦਾ ਹੈ (ਭਟਕਦਾ ਫਿਰਦਾ ਹੈ, ਉਸ ਨੂੰ ਕੋਈ) ਟਿਕਾਣਾ ਨਹੀਂ ਮਿਲਦਾ ।
ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥
(ਪਰ ਉਸ ਦੇ ਭੀ ਕੀਹ ਵੱਸ? ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਜੋ ਕੁਝ ਧੁਰੋਂ ਉਸ ਦੇ ਮੱਥੇ ਤੇ ਲਿਖਿਆ ਗਿਆ ਹੈ ਉਹ ਕਰਮ ਉਹ ਹੁਣ ਕਰ ਰਿਹਾ ਹੈ ।
ਬਿਖਿਆ ਰਾਤੇ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ ॥੧੩॥
ਮਾਇਆ (ਦੇ ਰੰਗ ਵਿਚ) ਮਸਤ ਹੋਣ ਕਰਕੇ ਉਹ (ਹੁਣ ਭੀ) ਮਾਇਆ ਦੀ ਭਾਲ ਹੀ ਕਰਦਾ ਫਿਰਦਾ ਹੈ, ਕਦੇ ਮਰਦਾ ਹੈ ਕਦੇ ਜੰਮਦਾ ਹੈ (ਕਦੇ ਹਰਖ ਕਦੇ ਸੋਗ), ਇਹ ਦੁੱਖ ਉਸ ਨੂੰ ਵਾਪਰਿਆ ਰਹਿੰਦਾ ਹੈ ।੧੩।
ਆਪੇ ਆਪਿ ਆਪਿ ਸਾਲਾਹੇ ॥
ਹੇ ਭਾਈ! (ਜੇ ਕੋਈ ਵਡਭਾਗੀ ਸਿਫ਼ਤਿ-ਸਾਲਾਹ ਕਰ ਰਿਹਾ ਹੈ, ਤਾਂ ਉਸ ਵਿਚ ਬੈਠਾ ਭੀ ਪ੍ਰਭੂ) ਆਪ ਹੀ ਆਪ ਸਿਫ਼ਤਿ-ਸਾਲਾਹ ਕਰ ਰਿਹਾ ਹੈ ।
ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥
ਹੇ ਪ੍ਰਭੂ! ਤੇਰੇ ਗੁਣ ਤੇਰੇ ਵਿਚ ਹੀ ਹਨ (ਤੇਰੇ ਵਰਗਾ ਹੋਰ ਕੋਈ ਨਹੀਂ);
ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਅਲਖੁ ਅਥਾਹਾ ਹੇ ॥੧੪॥
ਹੇ ਪ੍ਰਭੂ! ਤੂੰ ਆਪ ਅਟੱਲ ਹੈਂ, ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਅਟੱਲ ਹੈ, ਤੂੰ ਆਪ ਹੀ ਅਲੱਖ ਤੇ ਅਥਾਹ ਹੈਂ ।੧੪।
ਬਿਨੁ ਗੁਰ ਦਾਤੇ ਕੋਇ ਨ ਪਾਏ ॥
ਹੇ ਭਾਈ! ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਣ ਵਾਲੇ ਗੁਰੂ ਤੋਂ ਬਿਨਾ ਉਹ ਨਾਮ ਦੀ ਦਾਤਿ ਹਾਸਲ ਨਹੀਂ ਕਰ ਸਕਦਾ ।
ਲਖ ਕੋਟੀ ਜੇ ਕਰਮ ਕਮਾਏ ॥
ਜੇ (ਕੋਈ ਮਨਮੁਖ ਨਾਮ ਤੋਂ ਬਿਨਾ ਹੋਰ ਹੋਰ ਧਾਰਮਿਕ ਮਿਥੇ ਹੋਏ) ਕਰਮ ਕਰਦਾ ਫਿਰੇ,
ਗੁਰ ਕਿਰਪਾ ਤੇ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥੧੫॥
ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਹਿਰਦੇ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ ।੧੫।
ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਧੁਰੋਂ ਆਪਣੇ ਹੁਕਮ ਨਾਲ ਪ੍ਰਭੂ ਆਪਣੇ ਚਰਨਾਂ ਵਿਚ ਮਿਲਾਂਦਾ ਹੈ ਉਹੀ ਮਿਲਦੇ ਹਨ ।
ਸਾਚੀ ਬਾਣੀ ਸਬਦਿ ਸੁਹਾਏ ॥
ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਗੁਰੂ ਦੇ ਸ਼ਬਦ ਦੀ ਰਾਹੀਂ ਉਹਨਾਂ ਦੇ ਜੀਵਨ ਸੋਹਣੇ ਬਣ ਜਾਂਦੇ ਹਨ ।
ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥੧੬॥੪॥੧੩॥
ਹੇ ਨਾਨਕ! ਪ੍ਰਭੂ ਦਾ ਸੇਵਕ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਹੈ । ਆE, ਅਸੀ ਭੀ ਗੁਣ ਗਾਵੀਏ । (ਜਿਹੜਾ ਮਨੁੱਖ ਗੁਣ ਗਾਂਦਾ ਹੈ, ਉਹ) ਗੁਣਾਂ ਦੇ ਮਾਲਕ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ।੧੬।੪।੧੩।
ਮਾਰੂ ਮਹਲਾ ੩ ॥
ਮਾਰੂ ਤੀਜੀ ਪਾਤਿਸ਼ਾਹੀ।
ਨਿਹਚਲੁ ਏਕੁ ਸਦਾ ਸਚੁ ਸੋਈ ॥
ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਅਟੱਲ ਸਿਰਫ਼ ਉਹ ਪਰਮਾਤਮਾ ਹੀ ਹੈ ।
ਪੂਰੇ ਗੁਰ ਤੇ ਸੋਝੀ ਹੋਈ ॥
ਪੂਰੇ ਗੁਰੂ ਪਾਸੋਂ ਜਿਨ੍ਹਾਂ ਮਨੁੱਖਾਂ ਨੂੰ ਇਹ ਸਮਝ ਆ ਜਾਂਦੀ ਹੈ,
ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ ਸੰਨਾਹਾ ਹੇ ॥੧॥
ਉਹ ਪਰਮਾਤਮਾ ਦੇ ਨਾਮ-ਰਸ ਵਿਚ ਭਿੱਜੇ ਰਹਿੰਦੇ ਹਨ, ਸਦਾ ਪਰਮਾਤਮਾ ਦਾ ਸਿਮਰਨ ਕਰਦੇ ਹਨ, ਗੁਰੂ ਦੀ ਮਤਿ ਉੱਤੇ ਤੁਰ ਕੇ ਉਹ ਮਨੁੱਖ ਚੰਗੇ ਆਚਰਨ ਦਾ ਸੰਜੋਅ (ਪਹਿਨੀ ਰੱਖਦੇ ਹਨ, ਜਿਸ ਕਰਕੇ ਕੋਈ ਵਿਕਾਰ ਉਹਨਾਂ ਉਤੇ ਹੱਲਾ ਨਹੀਂ ਕਰ ਸਕਦੇ) ।੧।
ਅੰਦਰਿ ਰੰਗੁ ਸਦਾ ਸਚਿਆਰਾ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਹੈ, ਉਹ ਸਦਾ ਸੁਰਖ਼ਰੂ ਹੈ ।
ਗੁਰ ਕੈ ਸਬਦਿ ਹਰਿ ਨਾਮਿ ਪਿਆਰਾ ॥
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਪ੍ਰਭੂ ਦੇ ਨਾਮ ਵਿਚ ਪ੍ਰੇਮ ਬਣਾਈ ਰੱਖਦਾ ਹੈ ।
ਨਉ ਨਿਧਿ ਨਾਮੁ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥੨॥
ਉਸ ਦੇ ਹਿਰਦੇ ਵਿਚ ਸਾਰੇ ਹੀ ਸੁਖਾਂ ਤੇ ਪਦਾਰਥਾਂ ਦਾ ਖ਼ਜ਼ਾਨਾ ਹਰਿ-ਨਾਮ ਵੱਸਦਾ ਹੈ, ਉਹ ਮਾਇਆ ਨੂੰ ਅਸਲ ਖੱਟੀ ਮੰਨਣਾ ਛੱਡ ਦੇਂਦਾ ਹੈ ।੨।
ਰਈਅਤਿ ਰਾਜੇ ਦੁਰਮਤਿ ਦੋਈ ॥
ਹੇ ਭਾਈ! ਖੋਟੀ ਮਤਿ ਦੇ ਕਾਰਨ ਹਾਕਮ ਤੇ ਪਰਜਾ ਸਭ ਦੁਬਿਧਾ ਵਿਚ ਫਸੇ ਰਹਿੰਦੇ ਹਨ ।
ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥
ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਸੇ ਦੇ ਅੰਦਰ ਇਕ ਪਰਮਾਤਮਾ ਦਾ ਪਰਕਾਸ਼ ਨਹੀਂ ਹੁੰਦਾ ।
ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥੩॥
ਜਿਹੜੇ ਮਨੁੱਖ ਸਿਰਫ਼ ਪਰਮਾਤਮਾ ਨੂੰ ਸਿਮਰਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ । ਉਹਨਾਂ ਨੂੰ ਅਟੱਲ (ਆਤਮਕ) ਰਾਜ ਮਿਲਿਆ ਰਹਿੰਦਾ ਹੈ ।੩।
ਆਵਣੁ ਜਾਣਾ ਰਖੈ ਨ ਕੋਈ ॥
ਹੇ ਭਾਈ! (ਪਰਮਾਤਮਾ ਤੋਂ ਬਿਨਾ ਹੋਰ) ਕੋਈ ਜਨਮ ਮਰਨ ਦੇ ਗੇੜ ਤੋਂ ਬਚਾਅ ਨਹੀਂ ਸਕਦਾ ।
ਜੰਮਣੁ ਮਰਣੁ ਤਿਸੈ ਤੇ ਹੋਈ ॥
ਇਹ ਜਨਮ ਮਰਨ (ਦਾ ਚੱਕਰ) ਉਸ ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਹੁੰਦਾ ਹੈ ।
ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥੪॥
ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦਾ ਨਿੱਤ ਸਿਮਰਨ ਕਰਦੇ ਰਹੋ । ਉੱਚੀ ਆਤਮਕ ਅਵਸਥਾ ਤੇ ਵਿਕਾਰਾਂ ਤੋਂ ਖ਼ਲਾਸੀ ਉਸ ਪਰਮਾਤਮਾ ਪਾਸੋਂ ਹੀ ਮਿਲਦੀ ਹੈ ।੪।
ਸਚੁ ਸੰਜਮੁ ਸਤਿਗੁਰੂ ਦੁਆਰੈ ॥
ਹੇ ਭਾਈ! ਵਿਕਾਰਾਂ ਤੋਂ ਬਚਣ ਦਾ ਪੱਕਾ ਪ੍ਰਬੰਧ ਗੁਰੂ ਦੇ ਦਰ ਤੇ (ਪ੍ਰਾਪਤ ਹੁੰਦਾ ਹੈ),
ਹਉਮੈ ਕ੍ਰੋਧੁ ਸਬਦਿ ਨਿਵਾਰੈ ॥
(ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਲੈਂਦਾ ਹੈ, ਕੋ®ਧ ਦੂਰ ਕਰ ਲੈਂਦਾ ਹੈ ।
ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਸਭੁ ਤਾਹਾ ਹੇ ॥੫॥
ਹੇ ਭਾਈ! ਗੁਰੂ ਦੀ ਸਰਨ ਪਿਆਂ ਹੀ ਸਦਾ ਆਤਮਕ ਆਨੰਦ ਮਿਲਦਾ ਹੈ । ਚੰਗਾ ਆਚਰਨ, ਸੰਤੋਖ—ਇਹ ਸਭ ਕੁਝ ਗੁਰੂ ਦੇ ਦਰ ਤੇ ਹੀ ਹੈ ।੫।
ਹਉਮੈ ਮੋਹੁ ਉਪਜੈ ਸੰਸਾਰਾ ॥
ਹੇ ਭਾਈ! ਸੰਸਾਰ ਵਿਚ ਖਚਿਤ ਰਿਹਾਂ (ਮਨੁੱਖ ਦੇ ਅੰਦਰ) ਹਉਮੈ ਪੈਦਾ ਹੋ ਜਾਂਦੀ ਹੈ, ਮਾਇਆ ਦਾ ਮੋਹ ਪੈਦਾ ਹੋ ਜਾਂਦਾ ਹੈ,
ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥
(ਇਹਨਾਂ ਦੇ ਕਾਰਨ) ਪਰਮਾਤਮਾ ਦਾ ਨਾਮ ਭੁਲਾ ਕੇ ਸਾਰਾ ਜਗਤ ਆਤਮਕ ਮੌਤ ਸਹੇੜ ਲੈਂਦਾ ਹੈ ।
ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥੬॥
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦਾ ਨਾਮ ਨਹੀਂ ਮਿਲਦਾ । ਹਰਿ-ਨਾਮ ਹੀ ਜਗਤ ਵਿਚ ਸਦਾ ਕਾਇਮ ਰਹਿਣ ਵਾਲੀ ਖੱਟੀ ਹੈ ।੬।
ਸਚਾ ਅਮਰੁ ਸਬਦਿ ਸੁਹਾਇਆ ॥
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ (ਜਿਸ ਮਨੁੱਖ ਨੂੰ) ਪਰਮਾਤਮਾ ਦਾ ਅਟੱਲ ਹੁਕਮ ਮਿੱਠਾ ਲੱਗਣ ਲੱਗ ਪੈਂਦਾ ਹੈ,
ਪੰਚ ਸਬਦ ਮਿਲਿ ਵਾਜਾ ਵਾਇਆ ॥
(ਉਸ ਦੇ ਅੰਦਰ ਇਉਂ ਆਨੰਦ ਬਣਿਆ ਰਹਿੰਦਾ ਹੈ, ਜਿਵੇਂ) ਪੰਜ ਹੀ ਕਿਸਮਾਂ ਦੇ ਸਾਜ਼ਾਂ ਨੇ ਮਿਲ ਕੇ ਸੁੰਦਰ ਰਾਗ ਪੈਦਾ ਕੀਤਾ ਹੋਇਆ ਹੈ ।