Sri Guru Granth Sahib Ji — Ang 138 (punjabi)
ਆਇਆ ਗਇਆ ਮੁਇਆ ਨਾਉ ॥
ਜੀਵ ਜਗਤ ਵਿਚ ਆਇਆ ਤੇ ਤੁਰ ਗਿਆ, (ਜਗਤ ਵਿਚ ਉਸ ਦਾ) ਨਾਮ ਭੀ ਭੁੱਲ ਗਿਆ,
ਪਿਛੈ ਪਤਲਿ ਸਦਿਹੁ ਕਾਵ ॥
(ਉਸ ਦੇ ਮਰਨ) ਪਿਛੋਂ ਪੁੱਤਰਾਂ ਉਤੇ (ਪਿੰਡ ਭਰਾ ਕੇ) ਕਾਂਵਾਂ ਨੂੰ ਹੀ ਸੱਦੀਦਾ ਹੈ (ਉਸ ਜੀਵ ਨੂੰ ਕੁਝ ਨਹੀਂ ਅੱਪੜਦਾ) ।
ਨਾਨਕ ਮਨਮੁਖਿ ਅੰਧੁ ਪਿਆਰੁ ॥
ਹੇ ਨਾਨਕ ! ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ (ਜਗਤ ਨਾਲ) ਪਿਆਰ ਅੰਨ੍ਹਿਆਂ ਵਾਲਾ ਪਿਆਰ ਹੈ,
ਬਾਝੁ ਗੁਰੂ ਡੁਬਾ ਸੰਸਾਰੁ ॥੨॥
ਗੁਰੂ (ਦੀ ਸ਼ਰਣ ਆਉਣ) ਤੋਂ ਬਿਨਾ ਜਗਤ (ਇਸ ‘ਅੰਧ ਪਿਆਰ’ ਵਿਚ) ਡੁੱਬ ਰਿਹਾ ਹੈ ।੨।
ਮਃ ੧ ॥
ਪਹਿਲੀ ਪਾਤਸ਼ਾਹੀ।
ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥
ਦਸਾਂ ਸਾਲਾਂ ਦਾ (ਜੀਵ) ਬਾਲਪਨ ਵਿਚ (ਹੁੰਦਾ ਹੈ) ਵੀਹਾਂ ਵਰ੍ਹਿਆਂ ਦਾ ਹੋ ਕੇ ਕਾਮ-ਚੇਸ਼ਟਾ ਵਾਲੀ ਅਵਸਥਾ ਵਿਚ (ਅੱਪੜਦਾ ਹੈ), ਤੀਹਾਂ ਸਾਲਾਂ ਦਾ ਹੋ ਕੇ ਸੋਹਣਾ ਅਖਵਾਂਦਾ ਹੈ ।
ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ ॥
ਚਾਲੀ ਸਾਲਾਂ ਦੀ ਉਮਰੇ ਭਰ-ਜੁਆਨ ਹੁੰਦਾ ਹੈ, ਪੰਜਾਹ ਤੇ ਅੱਪੜ ਕੇ ਪੈਰ (ਜੁਆਨੀ ਤੋਂ ਹਿਠਾਂਹ) ਖਿਸਕਣ ਲੱਗ ਪੈਂਦਾ ਹੈ, ਸੱਠ ਸਾਲਾਂ ਤੇ ਬੁਢੇਪਾ ਆ ਜਾਂਦਾ ਹੈ
ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥
ਸੱਤਰ ਸਾਲਾਂ ਦਾ ਜੀਵ ਅਕਲੋਂ ਹੀਣਾ ਹੋਣ ਲੱਗ ਜਾਂਦਾ ਹੈ, ਤੇ ਅੱਸੀ ਸਾਲਾਂ ਦਾ ਕੰਮ ਕਾਰ ਜੋਗਾ ਨਹੀਂ ਰਹਿੰਦਾ ।
ਨਵੈ ਕਾ ਸਿਹਜਾਸਣੀ ਮੂਲਿ ਨ ਜਾਣੈ ਅਪ ਬਲੁ ॥
ਨੱਵੇ ਸਾਲ ਦਾ ਮੰਜੇ ਤੋਂ ਹੀ ਨਹੀਂ ਹਿੱਲ ਸਕਦਾ, ਆਪਣਾ ਆਪ ਭੀ ਸੰਭਾਲ ਨਹੀਂ ਸਕਦਾ ।
ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥੩॥
ਹੇ ਨਾਨਕ ! ਮੈਂ ਢੂੰਢਿਆ ਹੈ, ਭਾਲਿਆ ਹੈ, ਵੇਖਿਆ ਹੈ, ਇਹ ਜਗਤ ਚਿੱਟਾ ਪਲਸਤਰੀ ਮੰਦਰ ਹੈ (ਭਾਵ, ਵੇਖਣ ਨੂੰ ਸੋਹਣਾ ਹੈ) ਪਰ ਹੈ ਧੂੰਏਂ ਦਾ (ਭਾਵ, ਸਦਾ ਰਹਿਣ ਵਾਲਾ ਨਹੀਂ) ।੩।
ਪਉੜੀ ॥
paUVI[
ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ ॥
ਹੇ (ਪ੍ਰਭੂ !) ਤੂੰ ਸਿਰਜਣਹਾਰ ਹੈਂ, ਸਭ ਵਿਚ ਮੌਜੂਦ ਹੈਂ, (ਫਿਰ ਭੀ) ਤੇਰੇ ਤੀਕ ਕਿਸੇ ਦੀ ਪਹੁੰਚ ਨਹੀਂ ਹੈ, ਤੂੰ ਆਪ (ਸਾਰੀ) ਸ੍ਰਿਸ਼ਟੀ ਉਪਾਈ ਹੈ,
ਰੰਗ ਪਰੰਗ ਉਪਾਰਜਨਾ ਬਹੁ ਬਹੁ ਬਿਧਿ ਭਾਤੀ ॥
(ਇਹ ਰਚਨਾ) ਤੂੰ ਕਈ ਰੰਗਾਂ ਦੀ ਕਈ ਕਿਸਮਾਂ ਦੀ ਕਈ ਤਰੀਕਿਆਂ ਨਾਲ ਬਣਾਈ ਹੈ ।
ਤੂੰ ਜਾਣਹਿ ਜਿਨਿ ਉਪਾਈਐ ਸਭੁ ਖੇਲੁ ਤੁਮਾਤੀ ॥
(ਜਗਤ ਦਾ ਇਹ) ਸਾਰਾ ਤਮਾਸ਼ਾ ਤੇਰਾ ਹੀ (ਬਣਾਇਆ ਹੋਇਆ) ਹੈ, (ਇਸ ਤਮਾਸ਼ੇ ਦੇ ਭੇਤ ਨੂੰ) ਤੂੰ ਆਪ ਹੀ ਜਾਣਦਾ ਹੈਂ, ਜਿਸ ਨੇ (ਖੇਲ ਬਣਾਇਆ ਹੋਇਆ) ਹੈ ।)
ਇਕਿ ਆਵਹਿ ਇਕਿ ਜਾਹਿ ਉਠਿ ਬਿਨੁ ਨਾਵੈ ਮਰਿ ਜਾਤੀ ॥
ਇਸ ਤਮਾਸ਼ੇ ਵਿਚ) ਕਈ ਜੀਵ ਆ ਰਹੇ ਹਨ, ਕਈ (ਤਮਾਸ਼ਾ ਵੇਖ ਕੇ) ਤੁਰੇ ਜਾ ਰਹੇ ਹਨ, (ਪਰ ਜੋ) ‘ਨਾਮ’ ਤੋਂ ਸੱਖਣੇ ਹਨ ਉਹ ਮਰ ਕੇ (ਭਾਵ, ਦੁਖੀ ਹੋ ਕੇ) ਜਾਂਦੇ ਹਨ,
ਗੁਰਮੁਖਿ ਰੰਗਿ ਚਲੂਲਿਆ ਰੰਗਿ ਹਰਿ ਰੰਗਿ ਰਾਤੀ ॥
ਉਹ ਮਨੁੱਖ ਗੁਰੂ ਦੇ ਸਨਮੁਖ ਹਨ ਉਹ (ਪ੍ਰਭੂ ਦੇ) ਪਿਆਰ ਵਿਚ ਗੂੜ੍ਹੇ ਰੰਗੇ ਹੋਏ ਹਨ, ਉਹ ਨਿਰੋਲ ਹਰੀ ਦੇ ਪਿਆਰ ਰੰਗੇ ਹੋਏ ਹਨ ।
ਸੋ ਸੇਵਹੁ ਸਤਿ ਨਿਰੰਜਨੋ ਹਰਿ ਪੁਰਖੁ ਬਿਧਾਤੀ ॥
(ਹੇ ਭਾਈ !) ਜੋ ਪ੍ਰਭੂ ਸਭ ਵਿਚ ਵਿਆਪਕ (ਪੁਰਖ) ਹੈ, ਜਗਤ ਦਾ ਰਚਨ ਵਾਲਾ ਹੈ, ਸਦਾ-ਥਿਰ ਰਹਿਣ ਵਾਲਾ ਹੈ ਤੇ ਮਾਇਆ ਤੋਂ ਰਹਿਤ ਹੈ, ਉਸ ਨੂੰ ਸਿਮਰੋ ।
ਤੂੰ ਆਪੇ ਆਪਿ ਸੁਜਾਣੁ ਹੈ ਵਡ ਪੁਰਖੁ ਵਡਾਤੀ ॥
ਹੇ ਪ੍ਰਭੂ ! ਤੂੰ ਸਭ ਤੋਂ ਵੱਡੀ ਹਸਤੀ ਵਾਲਾ ਹੈਂ, ਤੂੰ ਆਪ ਹੀ ਸਭ ਕੁਝ ਜਾਣਨ ਵਾਲਾ ਹੈਂ;
ਜੋ ਮਨਿ ਚਿਤਿ ਤੁਧੁ ਧਿਆਇਦੇ ਮੇਰੇ ਸਚਿਆ ਬਲਿ ਬਲਿ ਹਉ ਤਿਨ ਜਾਤੀ ॥੧॥
ਹੇ ਮੇਰੇ ਸੱਚੇ (ਸਾਹਿਬ !) ਜੋ ਤੈਨੂੰ ਮਨ ਲਾ ਕੇ ਚਿੱਤ ਲਾ ਕੇ ਸਿਮਰਦੇ ਹਨ, ਮੈਂ ਉਹਨਾਂ ਤੋਂ ਸਦਕੇ ਹਾਂ ।੧।
ਸਲੋਕ ਮਃ ੧ ॥
ਸਲੋਕ, ਪਹਿਲੀ ਪਾਤਸ਼ਾਹੀ।
ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ ॥
(ਪ੍ਰਭੂ ਨੇ) ਜਿੰਦ ਪਾ ਕੇ (ਮਨੁੱਖ ਦਾ) ਸਰੀਰ ਬਣਾਇਆ ਹੈ, (ਕਿਆ ਸੋਹਣੀ) ਘਾੜਤ ਘੜ ਕੇ ਰੱਖੀ ਹੈ ।
ਅਖੀ ਦੇਖੈ ਜਿਹਵਾ ਬੋਲੈ ਕੰਨੀ ਸੁਰਤਿ ਸਮਾਇ ॥
ਅੱਖਾਂ ਨਾਲ ਇਹ ਵੇਖਦਾ ਹੈ, ਜੀਭ ਨਾਲ ਬੋਲਦਾ ਹੈ, (ਇਸ ਦੇ) ਕੰਨਾਂ ਵਿਚ ਸੁਣਨ ਦੀ ਸੱਤਿਆ ਮੌਜੂਦ ਹੈ,
ਪੈਰੀ ਚਲੈ ਹਥੀ ਕਰਣਾ ਦਿਤਾ ਪੈਨੈ ਖਾਇ ॥
ਪੈਰਾਂ ਨਾਲ ਤੁਰਦਾ ਹੈ, ਹੱਥਾਂ ਨਾਲ (ਕੰਮ) ਕਰਦਾ ਹੈ, ਤੇ (ਪ੍ਰਭੂ ਦਾ) ਦਿੱਤਾ ਖਾਂਦਾ ਪਹਿਨਦਾ ਹੈ ।
ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਅੰਧਾ ਅੰਧੁ ਕਮਾਇ ॥
ਪਰ, ਜਿਸ (ਪ੍ਰਭੂ) ਨੇ (ਇਸ ਦੇ ਸਰੀਰ ਨੂੰ) ਬਣਾਇਆ ਸੁਆਰਿਆ ਹੈ, ਉਸ ਨੂੰ ਇਹ ਪਛਾਣਦਾ (ਭੀ) ਨਹੀਂ, ਅੰਨ੍ਹਾ ਮਨੁੱਖ (ਭਾਵ, ਆਤਮਕ ਜੀਵਨ ਵਲੋਂ ਬੇ-ਸਮਝ) ਅੰਨ੍ਹਿਆਂ ਵਾਲਾ ਕੰਮ ਕਰਦਾ ਹੈ (ਭਾਵ, ਔਝੜੇ ਪਿਆ ਭਟਕਦਾ ਹੈ) ।
ਜਾ ਭਜੈ ਤਾ ਠੀਕਰੁ ਹੋਵੈ ਘਾੜਤ ਘੜੀ ਨ ਜਾਇ ॥
ਜਦੋਂ (ਇਹ ਸਰੀਰ-ਰੂਪ ਭਾਂਡਾ) ਟੁੱਟ ਜਾਂਦਾ ਹੈ, ਤਾਂ (ਇਹ ਤਾਂ) ਠੀਕਰਾ ਹੋ ਜਾਂਦਾ ਹੈ (ਭਾਵ, ਕਿਸੇ ਕੰਮ ਦਾ ਨਹੀਂ ਰਹਿ ਜਾਂਦਾ) ਤੇ ਮੁੜ ਇਹ (ਸਰੀਰਕ) ਬਣਤਰ ਬਣ ਭੀ ਨਹੀਂ ਸਕਦੀ ।
ਨਾਨਕ ਗੁਰ ਬਿਨੁ ਨਾਹਿ ਪਤਿ ਪਤਿ ਵਿਣੁ ਪਾਰਿ ਨ ਪਾਇ ॥੧॥
ਹੇ ਨਾਨਕ ! (ਅੰਨ੍ਹਾ ਮਨੁੱਖ) ਗੁਰੂ (ਦੀ ਸ਼ਰਨ) ਤੋਂ ਬਿਨਾ ਬਖ਼ਸ਼ਿਸ਼ ਤੋਂ ਵਾਂਝਿਆ ਰਹਿੰਦਾ ਹੈ, ਤੇ ਪ੍ਰਭੂ ਦੀ ਮਿਹਰ ਤੋਂ ਬਿਨਾ (ਇਸ ਔਝੜ ਵਿਚੋਂ) ਪਾਰ ਨਹੀਂ ਲੰਘ ਸਕਦਾ ।੧।
ਮਃ ੨ ॥
ਦੂਜੀ ਪਾਤਸ਼ਾਹੀ।
ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ ॥
ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਇਹੋ ਜਿਹਾ ਸਮਝ ਲਵੋ (ਕਿ ਉਸ ਨੂੰ) ਦੇਣ ਵਾਲੇ (ਪਰਮਾਤਮਾ) ਨਾਲੋਂ (ਉਸ ਦਾ) ਦਿੱਤਾ ਹੋਇਆ (ਪਦਾਰਥ) ਚੰਗਾ ਲੱਗਦਾ ਹੈ ।
ਸੁਰਤਿ ਮਤਿ ਚਤੁਰਾਈ ਤਾ ਕੀ ਕਿਆ ਕਰਿ ਆਖਿ ਵਖਾਣੀਐ ॥
ਉਸ ਮਨੁੱਖ ਦੀ ਸੂਝ, ਅਕਲ ਤੇ ਸਿਆਣਪ (ਅਜੇਹੀ ਨੀਵੀਂ ਹੈ ਕਿ) ਲਫ਼ਜ਼ਾਂ ਨਾਲ ਬਿਆਨ ਨਹੀਂ ਕੀਤੀ ਜਾ ਸਕਦੀ ਹੈ ।
ਅੰਤਰਿ ਬਹਿ ਕੈ ਕਰਮ ਕਮਾਵੈ ਸੋ ਚਹੁ ਕੁੰਡੀ ਜਾਣੀਐ ॥
(ਉਹ ਆਪਣੇ ਵਲੋਂ) ਲੁਕ ਕੇ (ਮੰਦੇ) ਕੰਮ ਕਰਦਾ ਹੈ, (ਪਰ ਜੋ ਕੁਝ ਉਹ ਕਰਦਾ ਹੈ) ਉਹ ਹਰ ਥਾਂ ਨਸ਼ਰ ਹੋ ਜਾਂਦਾ ਹੈ ।
ਜੋ ਧਰਮੁ ਕਮਾਵੈ ਤਿਸੁ ਧਰਮ ਨਾਉ ਹੋਵੈ ਪਾਪਿ ਕਮਾਣੈ ਪਾਪੀ ਜਾਣੀਐ ॥
(ਕੁਦਰਤ ਦਾ ਨੇਮ ਹੀ ਐਸਾ ਹੈ ਕਿ) ਜੋ ਮਨੁੱਖ ਭਲਾ ਕੰਮ ਕਰਦਾ ਹੈ, ਉਸਦਾ ਨਾਮ ‘ਧਰਮੀ’ ਪੈ ਜਾਂਦਾ ਹੈ, ਮੰਦੇ ਕੰਮ ਕੀਤਿਆਂ ਮਨੁੱਖ ਮੰਦਾ ਹੀ ਸਮਝਿਆ ਜਾਂਦਾ ਹੈ ।
ਤੂੰ ਆਪੇ ਖੇਲ ਕਰਹਿ ਸਭਿ ਕਰਤੇ ਕਿਆ ਦੂਜਾ ਆਖਿ ਵਖਾਣੀਐ ॥
(ਪਰ ਮੰਦਾ ਕਿਸ ਨੂੰ ਆਖੀਏ ?) (ਹੇ ਪ੍ਰਭੂ !) ਸਾਰੇ ਕੋੌਤਕ ਤੂੰ ਆਪ ਹੀ ਕਰ ਰਿਹਾ ਹੈਂ । ਤੈਥੋਂ ਵੱਖਰਾ ਹੋਰ ਕੇਹੜਾ ਦੱਸੀਏ ?
ਜਿਚਰੁ ਤੇਰੀ ਜੋਤਿ ਤਿਚਰੁ ਜੋਤੀ ਵਿਚਿ ਤੂੰ ਬੋਲਹਿ ਵਿਣੁ ਜੋਤੀ ਕੋਈ ਕਿਛੁ ਕਰਿਹੁ ਦਿਖਾ ਸਿਆਣੀਐ ॥
(ਜੀਵਾਂ ਦੇ ਅੰਦਰ) ਜਿਤਨਾ ਚਿਰ ਤੇਰੀ ਜੋਤਿ ਮੌਜੂਦ ਹੈ ਉਤਨਾ ਚਿਰ ਉਸ ਜੋਤਿ ਵਿਚ ਤੂੰ (ਆਪ ਹੀ) ਬੋਲਦਾ ਹੈਂ । ਜਦੋਂ ਤੇਰੀ ਜੋਤਿ ਨਿਕਲ ਜਾਏ, ਤਾਂ ਭਲਾ ਕੋਈ ਕੁਝ ਕਰੇ ਤਾਂ ਸਹੀ, ਅਸੀ ਪਰਖ ਕੇ ਵੇਖੀਏ, (ਭਾਵ, ਤੇਰੀ ਜੋਤਿ ਤੋਂ ਬਿਨਾ ਕੋਈ ਕੁਝ ਨਹੀਂ ਕਰ ਸਕਦਾ; ਸੋ, ਮਨਮੁਖ ਵਿਚ ਭੀ ਤੇਰੀ ਹੀ ਜੋਤਿ ਹੈ) ।
ਨਾਨਕ ਗੁਰਮੁਖਿ ਨਦਰੀ ਆਇਆ ਹਰਿ ਇਕੋ ਸੁਘੜੁ ਸੁਜਾਣੀਐ ॥੨॥
ਹੇ ਨਾਨਕ ! ਗੁਰੂ ਦੀ ਸ਼ਰਨ ਆਏ ਮਨੁੱਖ ਨੂੰ (ਹਰ ਥਾਂ) ਇਕੋ ਸਿਆਣਾ ਤੇ ਸੁਜਾਨ ਪ੍ਰਭੂ ਹੀ ਦਿੱਸਦਾ ਹੈ ।੨।
ਪਉੜੀ ॥
pauVI[
ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ ॥
(ਹੇ ਪ੍ਰਭੂ !) ਤੂੰ ਆਪ ਹੀ ਜਗਤ ਪੈਦਾ ਕਰ ਕੇ ਤੂੰ ਆਪ ਹੀ (ਇਸ ਨੂੰ) ਜੰਜਾਲ ਵਿਚ ਪਾ ਦਿੱਤਾ ਹੈ ।
ਮੋਹ ਠਗਉਲੀ ਪਾਇ ਕੈ ਤੁਧੁ ਆਪਹੁ ਜਗਤੁ ਖੁਆਇਆ ॥
(ਮਾਇਆ ਦੇ) ਮੋਹ ਦੀ ਠਗ ਬੂਟੀ ਖੁਆ ਕੇ ਤੂੰ ਜਗਤ ਨੂੰ ਆਪਣੇ ਆਪ ਤੋਂ (ਭਾਵ, ਆਪਣੀ ਯਾਦ ਤੋਂ) ਖੁੰਝਾ ਦਿੱਤਾ ਹੈ ।
ਤਿਸਨਾ ਅੰਦਰਿ ਅਗਨਿ ਹੈ ਨਹ ਤਿਪਤੈ ਭੁਖਾ ਤਿਹਾਇਆ ॥
(ਜਗਤ ਦੇ) ਅੰਦਰ ਤ੍ਰਿਸ਼ਨਾ ਦੀ ਅੱਗ (ਬਲ ਰਹੀ) ਹੈ, (ਇਸ ਵਾਸਤੇ ਇਹ ਮਾਇਆ ਦੀ) ਤ੍ਰਿਹ ਤੇ ਭੁੱਖ ਦਾ ਮਾਰਿਆ ਹੋਇਆ ਰੱਜਦਾ ਨਹੀਂ ਹੈ ।
ਸਹਸਾ ਇਹੁ ਸੰਸਾਰੁ ਹੈ ਮਰਿ ਜੰਮੈ ਆਇਆ ਜਾਇਆ ॥
ਇਹ ਜਗਤ ਹੈ ਹੀ ਤੌਖ਼ਲਾ (ਰੂਪ), (ਇਸ ਤੌਖ਼ਲੇ ਵਿਚ ਪਿਆ ਜੀਵ) ਜੰਮਦਾ ਮਰਦਾ ਤੇ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।
ਬਿਨੁ ਸਤਿਗੁਰ ਮੋਹੁ ਨ ਤੁਟਈ ਸਭਿ ਥਕੇ ਕਰਮ ਕਮਾਇਆ ॥
(ਮਾਇਆ ਦਾ ਇਹ) ਮੋਹ ਗੁਰੂ (ਦੀ ਸ਼ਰਨ) ਤੋਂ ਬਿਨਾ ਟੁੱਟਦਾ ਨਹੀਂ, (ਬਥੇਰੇ ਜੀਵ) ਹੋਰ ਹੋਰ (ਧਾਰਮਿਕ) ਕੰੰਮ ਕਰ ਕੇ ਹਾਰ ਚੁਕੇ ਹਨ ।
ਗੁਰਮਤੀ ਨਾਮੁ ਧਿਆਈਐ ਸੁਖਿ ਰਜਾ ਜਾ ਤੁਧੁ ਭਾਇਆ ॥
ਪ੍ਰਭੂ ਦਾ ਨਾਮ ਗੁਰੂ ਦੀ ਸਿੱਖਿਆ ਦੀ ਰਾਹੀਂ ਹੀ ਸਿਮਰਿਆ ਜਾ ਸਕਦਾ ਹੈ । (ਹੇ ਪ੍ਰਭੂ !) ਜਦੋਂ ਤੈਨੂੰ ਭਾਵੇ (ਤਾਂ ਜੀਵ ਤੇਰੇ ਨਾਮ ਦੇ) ਸੁਖ ਵਿਚ (ਟਿਕ ਕੇ) ਤ੍ਰਿਪਤ ਹੁੰਦਾ ਹੈ ।
ਕੁਲੁ ਉਧਾਰੇ ਆਪਣਾ ਧੰਨੁ ਜਣੇਦੀ ਮਾਇਆ ॥
ਧੰਨ ਹੈ (ਉਸ ਜੀਵ ਦੀ) ਜੰਮਣ ਵਾਲੀ ਮਾਂ, (ਨਾਮ ਦੀ ਬਰਕਤਿ ਨਾਲ ਉਹ) ਆਪਣਾ ਖ਼ਾਨਦਾਨ (ਹੀ ਵਿਕਾਰਾਂ ਤੋਂ) ਬਚਾ ਲੈਂਦਾ ਹੈ ।