Sri Guru Granth Sahib Ji — Ang 143 (punjabi)
ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥
ਫਿਰ ਵੇਲਣੇ ਦੀਆਂ ਲੱਠਾਂ ਵਿਚ ਰੱਖ ਕੇ ਭਲਵਾਨ (ਭਾਵ, ਜ਼ਿਮੀਦਾਰ) ਇਸ ਨੂੰ (ਮਾਨੋ) ਸਜ਼ਾ ਦੇਂਦੇ ਹਨ (ਭਾਵ, ਪੀੜਦੇ ਹਨ) ।
ਰਸੁ ਕਸੁ ਟਟਰਿ ਪਾਈਐ ਤਪੈ ਤੈ ਵਿਲਲਾਇ ॥
ਸਾਰੀ ਰਹੁ ਕੜਾਹੇ ਵਿਚ ਪਾ ਲਈਦੀ ਹੈ, (ਅੱਗ ਦੇ ਸੇਕ ਨਾਲ ਇਹ ਰਹੁ) ਕੜ੍ਹਦੀ ਹੈ ਤੇ (ਮਾਨੋ) ਵਿਲਕਦੀ ਹੈ ।
ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥
(ਗੰਨੇ ਦਾ) ਉਹ ਫੋਗ (ਚੂਰਾ) ਭੀ ਸਾਂਭ ਲਈਦਾ ਹੈ ਤੇ (ਸੁਕਾ ਕੇ ਕੜਾਹੇ ਹੇਠ) ਅੱਗ ਵਿਚ ਸਾੜ ਦੇਈਦਾ ਹੈ ।
ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ॥੨॥
ਹੇ ਨਾਨਕ ! (ਆਖ—) ਹੇ ਲੋਕੋ ! ਆ ਕੇ (ਗੰਨੇ ਦਾ ਹਾਲ) ਵੇਖੋ, ਮਿੱਠੇ ਦੇ ਕਾਰਣ (ਮਾਇਆ ਦੀ ਮਿਠਾਸ ਦੇ ਮੋਹ ਦੇ ਕਾਰਨ ਗੰਨੇ ਵਾਂਗ ਇਉਂ ਹੀ) ਖ਼ੁਆਰ ਹੋਈਦਾ ਹੈ ।੨।
ਪਵੜੀ ॥
paUVI[
ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥
ਕਈ ਬੰਦੇ (ਦੁਨੀਆ ਦੀਆਂ) ਬੜੀਆਂ ਆਸਾਂ (ਮਨ ਵਿਚ ਬਣਾਂਦੇ ਰਹਿੰਦੇ ਹਨ, ਮੌਤ ਦਾ ਖ਼ਿਆਲ ਉਹਨਾਂ ਦੇ) ਚਿੱਤ ਵਿਚ ਨਹੀਂ ਆਉਂਦਾ,
ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥
ਉਹ ਨਿੱਤ ਜੰਮਦੇ ਮਰਦੇ ਹਨ, (ਭਾਵ, ਹਰ ਵੇਲੇ ਸਹਸਿਆਂ ਵਿਚ ਦੁਖੀ ਹੁੰਦੇ ਹਨ; ਕਦੇ ਘੜੀ ਸੁਖਾਲੇ ਤੇ ਫਿਰ ਦੁਖੀ ਦੇ ਦੁਖੀ) ।
ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥
ਉਹ ਲੋਕ ਆਪਣੇ ਮਨ ਵਿਚ ਚਿੱਤ ਵਿਚ (ਆਪਣੇ ਆਪ ਨੂੰ) ਚੰਗੇ ਆਖਦੇ ਹਨ,
ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥
(ਪਰ) ਉਹਨਾਂ ਮਨਮੁਖਾਂ ਨੂੰ ਸਦਾ ਹੀ ਜਮਰਾਜ ਵੇਖਦਾ ਰਹਿੰਦਾ ਹੈ (ਭਾਵ, ਸਮਝਦੇ ਤਾਂ ਆਪਣੇ ਆਪ ਨੂੰ ਨੇਕ ਹਨ, ਪਰ ਕਰਤੂਤਾਂ ਉਹ ਹਨ ਜਿਨ੍ਹਾਂ ਕਰਕੇ ਜਮਾਂ ਦੇ ਵੱਸ ਪੈਂਦੇ ਹਨ) ।
ਮਨਮੁਖ ਲੂਣ ਹਾਰਾਮ ਕਿਆ ਨ ਜਾਣਿਆ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਲੂਣ-ਹਰਾਮੀ ਬੰਦੇ ਪਰਮਾਤਮਾ ਦੇ ਕੀਤੇ ਉਪਕਾਰ (ਦੀ ਸਾਰ) ਨਹੀਂ ਜਾਣਦੇ ।
ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥
ਬੱਧੇ-ਰੁੱਧੇ ਹੀ (ਉਸ ਨੂੰ) ਸਲਾਮਾਂ ਕਰਦੇ ਹਨ, (ਇਸ ਤਰ੍ਹਾਂ) ਉਸ ਖਸਮ ਨੂੰ ਪਿਆਰੇ ਨਹੀਂ ਲੱਗ ਸਕਦੇ ।
ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥
(ਜਿਸ ਮਨੁੱਖ ਨੂੰ) ਰੱਬ ਮਿਲ ਪਿਆ ਹੈ, ਜਿਸ ਦੇ ਮੂੰਹ ਵਿਚ ਰੱਬ ਦਾ ਨਾਮ ਹੈ, ਉਹ ਖਸਮ (ਰੱਬ) ਨੂੰ ਪਿਆਰਾ ਲੱਗਦਾ ਹੈ ।
ਕਰਸਨਿ ਤਖਤਿ ਸਲਾਮੁ ਲਿਖਿਆ ਪਾਵਸੀ ॥੧੧॥
ਉਸ ਨੂੰ ਤਖਤ ਉਤੇ (ਬੈਠੇ ਨੂੰ) ਸਾਰੇ ਲੋਕ ਸਲਾਮ ਕਰਦੇ ਹਨ, (ਧੁਰੋਂ ਰੱਬ ਵਲੋਂ) ਲਿਖੇ ਇਸ ਲੇਖ (ਦੇ ਫਲ ਨੂੰ) ਉਹ ਪ੍ਰਾਪਤ ਕਰਦਾ ਹੈ ।੧੧।
ਮਃ ੧ ਸਲੋਕੁ ॥
ਪਹਿਲੀ ਪਾਤਸ਼ਾਹੀ, ਸਲੋਕ।
ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥
ਤਾਰੂ ਪਾਣੀ ਮੱਛੀ ਨੂੰ ਕੀਹ ਕਰ ਸਕਦਾ ਹੈ ? (ਭਾਵੇਂ ਕਿਤਨਾ ਹੀ ਡੂੰਘਾ ਹੋਵੇ ਮੱਛੀ ਨੂੰ ਪਰਵਾਹ ਨਹੀਂ) । ਆਕਾਸ਼ ਪੰਛੀ ਨੂੰ ਕੀਹ ਕਰ ਸਕਦਾ ਹੈ ? (ਆਕਾਸ਼ ਕਿਤਨਾ ਹੀ ਖੁਲ੍ਹਾ ਹੋਵੇ ਪੰਛੀ ਨੰੂ ਪਰਵਾਹ ਨਹੀਂ) (ਪਾਣੀ ਆਪਣੀ ਡੂੰਘਾਈ ਦਾ ਤੇ ਆਕਾਸ਼ ਆਪਣੀ ਖੁਲ੍ਹਾ ਦਾ ਅਸਰ ਨਹੀਂ ਪਾ ਸਕਦਾ) ।
ਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ ॥
ਪਾਲਾ (ਕੱਕਰ) ਪੱਥਰ ਉਤੇ ਅਸਰ ਨਹੀਂ ਪਾ ਸਕਦਾ, ਘਰ ਦੇ ਵਸੇਬੇ ਦਾ ਅਸਰ ਖੁਸਰੇ (ਹੀਜੜੇ) ਉਤੇ ਨਹੀਂ ਪੈਂਦਾ ।
ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ॥
ਜੇ ਕੁੱਤੇ ਨੂੰ ਚੰਦਨ ਭੀ ਲਾ ਦੇਈਏ, ਤਾਂ ਭੀ ਉਸ ਦਾ ਅਸਲਾ ਕੁੱਤਿਆਂ ਵਾਲਾ ਹੀ ਰਹਿੰਦਾ ਹੈ ।
ਬੋਲਾ ਜੇ ਸਮਝਾਈਐ ਪੜੀਅਹਿ ਸਿੰਮ੍ਰਿਤਿ ਪਾਠ ॥
ਬੋਲੇ ਮਨੁੱਖ ਨੂੰ ਜੇ ਮੱਤਾਂ ਦੇਈਏ ਤੇ ਸਿੰਮ੍ਰਿਤੀਆਂ ਦੇ ਪਾਠ ਉਸ ਦੇ ਕੋਲ ਕਰੀਏ (ਉਹ ਤਾਂ ਸੁਣ ਹੀ ਨਹੀਂ ਸਕਦਾ) ।
ਅੰਧਾ ਚਾਨਣਿ ਰਖੀਐ ਦੀਵੇ ਬਲਹਿ ਪਚਾਸ ॥
ਅੰਨ੍ਹੇ ਮਨੁੱਖ ਨੂੰ ਚਾਨਣ ਵਿਚ ਰੱਖਿਆ ਜਾਏ, (ਉਸ ਦੇ ਪਾਸ ਭਾਵੇਂ) ਪੰਜਾਹ ਦੀਵੇ ਪਏ ਬਲਣ (ਉਸ ਨੂੰ ਕੁਝ ਨਹੀਂ ਦਿੱਸਣਾ) ।
ਚਉਣੇ ਸੁਇਨਾ ਪਾਈਐ ਚੁਣਿ ਚੁਣਿ ਖਾਵੈ ਘਾਸੁ ॥
ਚੁਗਣ ਗਏ ਪਸ਼ੂਆਂ ਦੇ ਵੱਗ ਅਗੇ ਜੇ ਸੋਨਾ ਖਿਲਾਰ ਦੇਈਏ, ਤਾਂ ਭੀ ਉਹ ਘਾਹ ਚੁਗ ਚੁਗ ਕੇ ਹੀ ਖਾਏਗਾ (ਸੋਨੇ ਦੀ ਉਸ ਨੂੰ ਕਦਰ ਨਹੀਂ ਪੈ ਸਕਦੀ) ।
ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸ ॥
ਲੋਹੇ ਦਾ ਕੁਸ਼ਤਾ ਕਰ ਦੇਈਏ, ਤਾਂ ਭੀ ਢਲ ਕੇ ਉਹ ਕਪਾਹ (ਵਰਗਾ ਨਰਮ) ਨਹੀਂ ਬਣ ਸਕਦਾ ।
ਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ ॥੧॥
ਹੇ ਨਾਨਕ ! ਇਹੀ ਖ਼ੋਆਂ ਮੂਰਖ ਦੀਆਂ ਹਨ, ਕਿਤਨੀ ਮਤ ਦਿE, ਉਹ ਜਦੋਂ ਭੀ ਬੋਲਦਾ ਹੈ ਸਦਾ (ਉਹੀ ਬੋਲਦਾ ਹੈ ਜਿਸ ਨਾਲ ਕਿਸੇ ਦਾ) ਨੁਕਸਾਨ ਹੀ ਹੋਵੇ ।੬।
ਮਃ ੧ ॥
ਪਹਿਲੀ ਪਾਤਸ਼ਾਹੀ।
ਕੈਹਾ ਕੰਚਨੁ ਤੁਟੈ ਸਾਰੁ ॥
ਜੇ ਕੈਹਾਂ, ਸੋਨਾ ਜਾਂ ਲੋਹਾ ਟੁੱਟ ਜਾਏ,
ਅਗਨੀ ਗੰਢੁ ਪਾਏ ਲੋਹਾਰੁ ॥
ਅੱਗ ਨਾਲ ਲੋਹਾਰ (ਆਦਿਕ) ਗਾਂਢਾ ਲਾ ਦੇਂਦਾ ਹੈ,
ਗੋਰੀ ਸੇਤੀ ਤੁਟੈ ਭਤਾਰੁ ॥
ਜੇ ਵਹੁਟੀ ਨਾਲ ਖਸਮ ਨਾਰਾਜ਼ ਹੋ ਜਾਏ,
ਪੁਤਂੀ ਗੰਢੁ ਪਵੈ ਸੰਸਾਰਿ ॥
ਤਾਂ ਜਗਤ ਵਿਚ (ਇਹਨਾਂ ਦਾ) ਜੋੜ ਪੁੱਤ੍ਰਾਂ ਦੀ ਰਾਹੀਂ ਬਣਦਾ ਹੈ ।
ਰਾਜਾ ਮੰਗੈ ਦਿਤੈ ਗੰਢੁ ਪਾਇ ॥
ਰਾਜਾ (ਪਰਜਾ ਪਾਸੋਂ ਮਾਮਲਾ) ਮੰਗਦਾ ਹੈ (ਨਾਹ ਦਿੱਤਾ ਜਾਏ ਤਾਂ ਰਾਜਾ ਪਰਜਾ ਦੀ ਵਿਗੜਦੀ ਹੈ, ਮਾਮਲਾ) ਦਿੱਤਿਆਂ (ਰਾਜਾ ਪਰਜਾ ਦਾ) ਮੇਲ ਬਣਦਾ ਹੈ ।
ਭੁਖਿਆ ਗੰਢੁ ਪਵੈ ਜਾ ਖਾਇ ॥
ਭੁੱਖ ਨਾਲ ਆਤੁਰ ਹੋਏ ਬੰਦੇ ਦਾ (ਆਪਣੇ ਸਰੀਰ ਨਾਲ ਤਾਂ ਹੀ) ਸੰਬੰਧ ਬਣਿਆ ਰਹਿੰਦਾ ਹੈ ਜੇ ਉਹ (ਰੋਟੀ) ਖਾਏ ।
ਕਾਲਾ ਗੰਢੁ ਨਦੀਆ ਮੀਹ ਝੋਲ ॥
ਕਾਲਾਂ ਨੂੰ ਗੰਢ ਪੈਂਦੀ ਹੈ (ਭਾਵ, ਕਾਲ ਮੁੱਕ ਜਾਂਦੇ ਹਨ) ਜੇ ਬਹੁਤੇ ਮੀਂਹ ਪੈ ਕੇ ਨਦੀਆਂ ਚੱਲਣ ।
ਗੰਢੁ ਪਰੀਤੀ ਮਿਠੇ ਬੋਲ ॥
ਮਿੱਠੇ ਬਚਨਾਂ ਨਾਲ ਪਿਆਰ ਦੀ ਗੰਢ ਪੈਂਦੀ ਹੈ (ਭਾਵ, ਪਿਆਰ ਪੱਕਾ ਹੁੰਦਾ ਹੈ ।
ਬੇਦਾ ਗੰਢੁ ਬੋਲੇ ਸਚੁ ਕੋਇ ॥
ਵੈਦ (ਆਦਿਕ ਧਰਮ ਪੁਸਤਕਾਂ) ਨਾਲ (ਮਨੁੱਖ ਦਾ ਤਦੋਂ) ਜੋੜ ਜੋੜਦਾ ਹੈ ਜੇ ਮਨੁੱਖ ਸੱਚ ਬੋਲੇ ।
ਮੁਇਆ ਗੰਢੁ ਨੇਕੀ ਸਤੁ ਹੋਇ ॥
ਮੁਏ ਬੰਦਿਆਂ ਦਾ (ਜਗਤ ਨਾਲ) ਸੰਬੰਧ ਬਣਿਆ ਰਹਿੰਦਾ ਹੈ (ਭਾਵ, ਪਿਛੋਂ ਲੋਕ ਯਾਦ ਕਰਦੇ ਹਨ) ਜੇ ਮਨੁੱਖ ਭਲਾਈ ਤੇ ਦਾਨ ਕਰਦਾ ਰਹੇ ।
ਏਤੁ ਗੰਢਿ ਵਰਤੈ ਸੰਸਾਰੁ ॥
(ਸੋ) ਇਸ ਤਰ੍ਹਾਂ ਦੇ ਸੰਬੰਧ ਨਾਲ ਜਗਤ (ਦਾ ਵਿਹਾਰ) ਚੱਲਦਾ ਹੈ ।
ਮੂਰਖ ਗੰਢੁ ਪਵੈ ਮੁਹਿ ਮਾਰ ॥
ਮੂੰਹ ਤੇ ਮਾਰ ਪਿਆਂ ਮੂਰਖ (ਦੇ ਮੂਰਖ-ਪੁਣੇ) ਨੂੰ ਰੋਕ ਪਾਂਦੀ ਹੈ ।
ਨਾਨਕੁ ਆਖੈ ਏਹੁ ਬੀਚਾਰੁ ॥
ਨਾਨਕ ਇਹ ਵਿਚਾਰ (ਦੀ ਗੱਲ) ਦੱਸਦਾ ਹੈ,
ਸਿਫਤੀ ਗੰਢੁ ਪਵੈ ਦਰਬਾਰਿ ॥੨॥
ਕਿ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦੀ ਰਾਹੀਂ (ਪ੍ਰਭੂ ਦੇ ਦਰਬਾਰ ਵਿਚ (ਆਦਰ-ਪਿਆਰ ਦਾ) ਜੋੜ ਜੁੜਦਾ ਹੈ ।੨।
ਪਉੜੀ ॥
paUVI[
ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ ॥
ਪਰਮਾਤਮਾ ਆਪ ਹੀ ਦੁਨੀਆ ਪੈਦਾ ਕਰ ਕੇ ਆਪ ਹੀ ਇਸ ਦਾ ਧਿਆਨ ਰੱਖਦਾ ਹੈ,
ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ ॥
(ਪਰ ਇਥੇ) ਕਈ ਜੀਵ ਖੋਟੇ ਹਨ (ਭਾਵ, ਮਨੁੱਖਤਾ ਦੇ ਮਾਪ ਤੋਂ ਹੌਲੇ ਹਨ) ਤੇ ਕਈ (ਸ਼ਾਹੀ ਸਿੱਕੇ ਵਾਂਗ ਖਰੇ ਹਨ, (ਇਹਨਾਂ ਸਭਨਾਂ ਦੀ) ਪਰਖ ਕਰਨ ਵਾਲਾ ਭੀ ਆਪ ਹੀ ਹੈ ।
ਖਰੇ ਖਜਾਨੈ ਪਾਈਅਹਿ ਖੋਟੇ ਸਟੀਅਹਿ ਬਾਹਰ ਵਾਰਿ ॥
(ਰੁਪਏ ਆਦਿਕ ਵਾਂਗ) ਖਰੇ ਬੰਦੇ (ਪ੍ਰਭੂ ਦੇ) ਖ਼ਜ਼ਾਨੇ ਵਿਚ ਪਾਏ ਜਾਂਦੇ ਹਨ (ਭਾਵ, ਉਹਨਾਂ ਦਾ ਜੀਵਨ ਪ੍ਰਵਾਨ ਹੁੰਦਾ ਹੈ ਤੇ) ਖੋਟੇ ਬਾਹਰਲੇ ਪਾਸੇ ਸੁੱਟੇ ਜਾਂਦੇ ਹਨ (ਭਾਵ, ਇਹ ਜੀਵ ਭਲਿਆਂ ਵਿਚ ਰਲ ਨਹੀਂ ਸਕਦੇ)।
ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ ॥
ਸੱਚੀ ਦਰਗਾਹ ਵਿਚੋਂ ਇਹਨਾਂ ਨੂੰ ਧੱਕਾ ਮਿਲਦਾ ਹੈ । ਕੋਈ ਹੋਰ ਥਾਂ ਐਸਾ ਨਹੀਂ ਜਿਥੇ ਇਹ (ਸਹੈਤਾ ਲਈ) ਫ਼ਰਿਆਦ ਕਰ ਸਕਣ ।
ਸਤਿਗੁਰ ਪਿਛੈ ਭਜਿ ਪਵਹਿ ਏਹਾ ਕਰਣੀ ਸਾਰੁ ॥
(ਇਹਨਾਂ ਹੌਲੇ ਜੀਵਨ ਵਾਲੇ ਜੀਵਾਂ ਲਈ) ਸਭ ਤੋਂ ਚੰਗੀ ਕਰਨ ਵਾਲੀ ਗੱਲ ਇਹੀ ਹੈ ਕਿ ਸਤਿਗੁਰੂ ਦੀ ਸ਼ਰਨੀ ਜਾ ਪੈਣ ।
ਸਤਿਗੁਰੁ ਖੋਟਿਅਹੁ ਖਰੇ ਕਰੇ ਸਬਦਿ ਸਵਾਰਣਹਾਰੁ ॥
ਗੁਰੂ ਖੋਟਿਆਂ ਤੋਂ ਖਰੇ ਬਣਾ ਦੇਂਦਾ ਹੈ (ਕਿਉਂਕਿ ਗੁਰੂ ਆਪਣੇ) ਸ਼ਬਦ ਦੀ ਰਾਹੀਂ ਖਰੇ ਬਣਾਣ ਦੇ ਸਮਰੱਥ ਹੈ,
ਸਚੀ ਦਰਗਹ ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ ॥
(ਫਿਰ ਉਹ) ਸਤਿਗੁਰ ਦੇ ਬਖ਼ਸ਼ੇ ਪ੍ਰੇਮ ਪਿਆਰ ਦੇ ਕਾਰਨ ਪਰਮਾਤਮਾ ਦੀ ਦਰਗਾਹ ਵਿਚ ਆਦਰ ਪਾਂਦੇ ਹਨ ਤੇ
ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥੧੨॥
ਜਿਨ੍ਹਾਂ ਨੂੰ ਕਰਤਾਰ ਨੇ ਆਪ ਬਖ਼ਸ਼ ਲਿਆ ਉਹਨਾਂ ਦੀ ਐਬ-ਜੋਈ ਕਿਸੇ ਕੀਹ ਕਰਨੀ ਹੋਈ ? ।੧੨।
ਸਲੋਕੁ ਮਃ ੧ ॥
ਸਲੋਕ, ਪਹਿਲੀ ਪਾਤਸ਼ਾਹੀ।
ਹਮ ਜੇਰ ਜਿਮੀ ਦੁਨੀਆ ਪੀਰਾ ਮਸਾਇਕਾ ਰਾਇਆ ॥
ਪੀਰ, ਸ਼ੇਖ਼, ਰਾਇ (ਆਦਿਕ) ਸਾਰੀ ਦੁਨੀਆ ਧਰਤੀ ਦੇ ਥੱਲੇ (ਅੰਤ ਨੂੰ ਆ ਜਾਂਦੇ ਹਨ)
ਮੇ ਰਵਦਿ ਬਾਦਿਸਾਹਾ ਅਫਜੂ ਖੁਦਾਇ ॥
(ਇਸ ਧਰਤੀ ਤੇ ਹੁਕਮ ਕਰਨ ਵਾਲੇ) ਬਾਦਸ਼ਾਹ ਭੀ ਨਾਸ ਹੋ ਜਾਂਦੇ ਹਨ,
ਏਕ ਤੂਹੀ ਏਕ ਤੁਹੀ ॥੧॥
ਸਦਾ ਟਿਕੇ ਰਹਿਣ ਵਾਲਾ, ਹੇ ਖ਼ੁਦਾਇ ! ਇਕ ਤੂੰ ਹੀ ਹੈਂ, ਇਕ ਤੂੰ ਹੀ ਹੈਂ ।੧।
ਮਃ ੧ ॥
ਪਹਿਲੀ ਪਾਤਸ਼ਾਹੀ।
ਨ ਦੇਵ ਦਾਨਵਾ ਨਰਾ ॥ ਨ ਸਿਧ ਸਾਧਿਕਾ ਧਰਾ ॥
ਨਾਹ ਦੇਵਤੇ, ਨਾਹ ਦੈਂਤ, ਨਾਹ ਮਨੁੱਖ, ਨਾਹ ਜੋਗ-ਸਾਧਨਾਂ ਵਿਚ ਪੁੱਗੇ ਜੋਗੀ, ਨਾਹ ਜੋਗ-ਸਾਧਨ ਕਰਨ ਵਾਲੇ, ਕੋਈ ਭੀ ਧਰਤੀ ਤੇ ਨਾਹ ਰਿਹਾ ।
ਅਸਤਿ ਏਕ ਦਿਗਰਿ ਕੁਈ ॥
ਸਦਾ-ਥਿਰ ਰਹਿਣ ਵਾਲਾ ਹੋਰ ਦੂਜਾ ਕੌਣ ਹੈ ?