Sri Guru Granth Sahib Ji — Ang 227 (punjabi)
ਹਉਮੈ ਬੰਧਨ ਬੰਧਿ ਭਵਾਵੈ ॥
ਹਉਮੈ (ਜੀਵਾਂ ਨੂੰ ਮੋਹ ਦੇ) ਬੰਧਨਾਂ ਵਿਚ ਬੰਨ੍ਹ ਕੇ ਜਨਮ ਮਰਨ ਦੇ ਗੇੜ ਵਿਚ ਪਾਂਦੀ ਹੈ ।
ਨਾਨਕ ਰਾਮ ਭਗਤਿ ਸੁਖੁ ਪਾਵੈ ॥੮॥੧੩॥
ਜੇਹੜਾ ਮਨੁੱਖ ਪਰਮਾਤਮਾ ਦੀ ਭਗਤੀ ਕਰਦਾ ਹੈ (ਉਹ ਹਉਮੈ ਤੋਂ ਬਚਿਆ ਰਹਿੰਦਾ ਹੈ, ਤੇ) ਸੁਖ ਪਾਂਦਾ ਹੈ ।੮।੧੩।
ਗਉੜੀ ਮਹਲਾ ੧ ॥
ਗਊੜੀ ਪਾਤਸ਼ਾਹੀ ਪਹਿਲੀ।
ਪ੍ਰਥਮੇ ਬ੍ਰਹਮਾ ਕਾਲੈ ਘਰਿ ਆਇਆ ॥
ਹੋਰ ਜੀਵਾਂ ਦੀ ਤਾਂ ਗੱਲ ਹੀ ਕੀਹ ਕਰਨੀ ਹੈ) ਸਭ ਤੋਂ ਪਹਿਲਾਂ ਬ੍ਰਹਮਾ ਹੀ ਆਤਮਕ ਮੌਤ ਦੀ ਫਾਹੀ ਵਿਚ ਫਸ ਗਿਆ,
ਬ੍ਰਹਮ ਕਮਲੁ ਪਇਆਲਿ ਨ ਪਾਇਆ ॥
(ਵਿਸ਼ਨੂੰ ਦੀ ਨਾਭੀ ਤੋਂ ਉੱਗੇ ਹੋਏ ਜਿਸ ਕਮਲ ਵਿਚੋਂ ਬ੍ਰਹਮਾ ਜੰਮਿਆ ਸੀ, ਉਸ ਦਾ ਅੰਤ ਲੈਣ ਲਈ) ਪਾਤਾਲ ਵਿਚ (ਜਾ ਪਹੁੰਚਿਆ) ਪਰ ਬ੍ਰਹਮ ਕਮਲ (ਦਾ ਅੰਤ) ਨਾਹ ਲੱਭ ਸਕਿਆ (ਤੇ ਸ਼ਰਮਿੰਦਾ ਹੋਣਾ ਪਿਆ । ਇਹ ਹਉਮੈ ਹੀ ਮੌਤ ਹੈ)
ਆਗਿਆ ਨਹੀ ਲੀਨੀ ਭਰਮਿ ਭੁਲਾਇਆ ॥੧॥
ਉਸ ਨੇ ਆਪਣੇ ਗੁਰੂ ਦੀ ਆਗਿਆ ਵਲ ਗਹੁ ਨਾਹ ਕੀਤਾ, (ਇਸ ਹਉਮੈ ਵਿਚ ਆ ਕੇ ਕਿ ਮੈਂ ਇਤਨਾ ਵੱਡਾ ਹਾਂ ਮੈਂ ਕਿਵੇਂ ਕਮਲ ਦੀ ਡੰਡੀ ਵਿਚੋਂ ਪੈਦਾ ਹੋ ਸਕਦਾ ਹਾਂ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਗਿਆ ।੧।
ਜੋ ਉਪਜੈ ਸੋ ਕਾਲਿ ਸੰਘਾਰਿਆ ॥
(ਜਗਤ ਵਿਚ) ਜੇਹੜਾ ਜੇਹੜਾ ਜੀਵ ਜਨਮ ਲੈਂਦਾ ਹੈ (ਤੇ ਗੁਰੂ ਦਾ ਸ਼ਬਦ ਆਪਣੇ ਹਿਰਦੇ ਵਿਚ ਨਹੀਂ ਵਸਾਂਦਾ) ਮੌਤ (ਦੇ ਸਹਮ) ਨੇ ਉਸ ਉਸ ਦਾ ਆਤਮਕ ਜੀਵਨ ਪਲਰਨ ਨਹੀਂ ਦਿੱਤਾ ।
ਹਮ ਹਰਿ ਰਾਖੇ ਗੁਰ ਸਬਦੁ ਬੀਚਾਰਿਆ ॥੧॥ ਰਹਾਉ ॥
ਮੇਰੇ ਆਤਮਕ ਜੀਵਨ ਨੂੰ ਪਰਮਾਤਮਾ ਨੇ ਆਪ ਬਚਾ ਲਿਆ, (ਕਿਉਂਕਿ ਉਸ ਦੀ ਮਿਹਰ ਨਾਲ) ਮੈਂ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ।੧।ਰਹਾਉ।
ਮਾਇਆ ਮੋਹੇ ਦੇਵੀ ਸਭਿ ਦੇਵਾ ॥
ਸਾਰੇ ਦੇਵੀਆਂ ਤੇ ਦੇਵਤੇ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ (ਇਹੀ ਹੈ ਆਤਮਕ ਮੌਤ,
ਕਾਲੁ ਨ ਛੋਡੈ ਬਿਨੁ ਗੁਰ ਕੀ ਸੇਵਾ ॥
ਇਹ ਆਤਮਕ) ਮੌਤ ਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਖ਼ਲਾਸੀ ਨਹੀਂ ਕਰਦੀ ।
ਓਹੁ ਅਬਿਨਾਸੀ ਅਲਖ ਅਭੇਵਾ ॥੨॥
(ਇਸ ਆਤਮਕ) ਮੌਤ ਤੋਂ ਬਚਿਆ ਹੋਇਆ ਸਿਰਫ਼ ਇਕ ਪਰਮਾਤਮਾ ਹੈ ਜਿਸ ਦੇ ਗੁਣ ਬਿਆਨ ਨਹੀਂ ਹੋ ਸਕਦੇ, ਜਿਸ ਦਾ ਭੇਤ ਪਾਇਆ ਨਹੀਂ ਜਾ ਸਕਦਾ ।੨।
ਸੁਲਤਾਨ ਖਾਨ ਬਾਦਿਸਾਹ ਨਹੀ ਰਹਨਾ ॥
(ਉਂਞ ਤਾਂ) ਸੁਲਤਾਨ ਹੋਣ, ਖ਼ਾਨ ਹੋਣ, ਬਾਦਿਸ਼ਾਹ ਹੋਣ, ਕਿਸੇ ਨੇ ਭੀ ਇਥੇ ਸਦਾ ਟਿਕੇ ਨਹੀਂ ਰਹਿਣਾ
ਨਾਮਹੁ ਭੂਲੈ ਜਮ ਕਾ ਦੁਖੁ ਸਹਨਾ ॥
ਪਰ ਪਰਮਾਤਮਾ ਦੇ ਨਾਮ ਤੋਂ ਜੋ ਜੋ ਖੁੰਝਦਾ ਹੈ ਉਹ ਜਮ ਦਾ ਦੁੱਖ ਸਹਾਰਦਾ ਹੈ (ਉਹ ਆਪਣੀ ਆਤਮਕ ਮੌਤ ਭੀ ਸਹੇੜ ਲੈਂਦਾ ਹੈ, ਇਸੇ ਕਰਕੇ,
ਮੈ ਧਰ ਨਾਮੁ ਜਿਉ ਰਾਖਹੁ ਰਹਨਾ ॥੩॥
ਹੇ ਪ੍ਰਭੂ!) ਮੈਨੂੰ ਤੇਰਾ ਨਾਮ ਹੀ ਸਹਾਰਾ ਹੈ (ਮੈਂ ਇਹੀ ਅਰਦਾਸ ਕਰਦਾ ਹਾਂ) ਜਿਵੇਂ ਹੋ ਸਕੇ ਮੈਨੂੰ ਆਪਣੇ ਨਾਮ ਵਿਚ ਜੋੜੀ ਰੱਖ, ਮੈਂ ਤੇਰੇ ਨਾਮ ਵਿਚ ਹੀ ਟਿਕਿਆ ਰਹਾਂ ।੩।
ਚਉਧਰੀ ਰਾਜੇ ਨਹੀ ਕਿਸੈ ਮੁਕਾਮੁ ॥
ਚਉਧਰੀ ਹੋਣ, ਰਾਜੇ ਹੋਣ, ਕਿਸੇ ਦਾ ਭੀ ਇਥੇ ਪੱਕਾ ਡੇਰਾ ਨਹੀਂ ਹੈ ।
ਸਾਹ ਮਰਹਿ ਸੰਚਹਿ ਮਾਇਆ ਦਾਮ ॥
ਪਰ (ਜੇਹੜੇ) ਸ਼ਾਹ ਨਿਰੀ ਮਾਇਆ ਹੀ ਜੋੜਦੇ ਹਨ ਨਿਰੇ ਪੈਸੇ ਹੀ ਇਕੱਠੇ ਕਰਦੇ ਹਨ, ਉਹ ਆਤਮਕ ਮੌਤੇ ਮਰ ਜਾਂਦੇ ਹਨ ।
ਮੈ ਧਨੁ ਦੀਜੈ ਹਰਿ ਅੰਮ੍ਰਿਤ ਨਾਮੁ ॥੪॥
ਹੇ ਹਰੀ! ਮੈਨੂੰ ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ-ਧਨ ਬਖ਼ਸ਼ ।੪।
ਰਯਤਿ ਮਹਰ ਮੁਕਦਮ ਸਿਕਦਾਰੈ ॥
ਪਰਜਾ, ਪਰਜਾ ਦੇ ਮੁਖੀਏ, ਚੌਧਰੀ, ਸਰਦਾਰ
ਨਿਹਚਲੁ ਕੋਇ ਨ ਦਿਸੈ ਸੰਸਾਰੈ ॥
ਕੋਈ ਭੀ ਐਸਾ ਨਹੀਂ ਦਿੱਸਦਾ ਜੋ ਸੰਸਾਰ ਵਿਚ ਸਦਾ ਟਿਕਿਆ ਰਹਿ ਸਕੇ ।
ਅਫਰਿਉ ਕਾਲੁ ਕੂੜੁ ਸਿਰਿ ਮਾਰੈ ॥੫॥
ਪਰ ਬਲੀ ਕਾਲ ਉਸ ਦੇ ਸਿਰ ਉਤੇ ਚੋਟ ਮਾਰਦਾ ਹੈ (ਉਸ ਨੂੰ ਆਤਮਕ ਮੌਤੇ ਮਾਰਦਾ ਹੈ) ਜਿਸ ਦੇ ਹਿਰਦੇ ਵਿਚ ਮਾਇਆ ਦਾ ਮੋਹ ਹੈ ।੫।
ਨਿਹਚਲੁ ਏਕੁ ਸਚਾ ਸਚੁ ਸੋਈ ॥
ਸਦਾ ਅਟੱਲ ਰਹਿਣ ਵਾਲਾ ਕੇਵਲ ਇਕੋ ਇਕ ਪਰਮਾਤਮਾ ਹੀ ਹੈ,
ਜਿਨਿ ਕਰਿ ਸਾਜੀ ਤਿਨਹਿ ਸਭ ਗੋਈ ॥
ਜਿਸ ਨੇ ਇਹ ਸਾਰੀ ਸ੍ਰਿਸ਼ਟੀ ਰਚੀ ਬਣਾਈ ਹੈ, ਉਹ ਆਪ ਹੀ ਇਸ ਨੂੰ (ਆਪਣੇ ਅੰਦਰ) ਲੈ ਕਰ ਲੈਂਦਾ ਹੈ ।
ਓਹੁ ਗੁਰਮੁਖਿ ਜਾਪੈ ਤਾਂ ਪਤਿ ਹੋਈ ॥੬॥
ਜਦੋਂ ਗੁਰੂ ਦੀ ਸਰਨ ਪਿਆਂ ਉਹ ਪਰਮਾਤਮਾ ਹਰ ਥਾਂ ਦਿੱਸ ਪਏ (ਤਾਂ ਜੀਵ ਦਾ ਆਤਮਕ ਜੀਵਨ ਪਲਰਦਾ ਹੈ) ਤਦੋਂ (ਇਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਮਿਲਦਾ ਹੈ ।੬।
ਕਾਜੀ ਸੇਖ ਭੇਖ ਫਕੀਰਾ ॥
ਕਾਜ਼ੀ ਅਖਵਾਣ, ਸ਼ੇਖ ਅਖਵਾਣ, ਵੱਡੇ ਵੱਡੇ ਭੇਖਾਂ ਵਾਲੇ ਫ਼ਕੀਰ ਅਖਵਾਣ, (ਦੁਨੀਆ ਵਿਚ ਆਪਣੇ ਆਪ ਨੂੰ) ਵੱਡੇ ਵੱਡੇ ਅਖਵਾਣ;
ਵਡੇ ਕਹਾਵਹਿ ਹਉਮੈ ਤਨਿ ਪੀਰਾ ॥
ਪਰ ਜੇ ਸਰੀਰ ਵਿਚ ਹਉਮੈ ਦੀ ਪੀੜ ਹੈ, ਤਾਂ ਮੌਤ ਖ਼ਲਾਸੀ ਨਹੀਂ ਕਰਦੀ (ਆਤਮਕ ਮੌਤ ਖ਼ਲਾਸੀ ਨਹੀਂ ਕਰਦੀ, ਆਤਮਕ ਜੀਵਨ ਪਲਰਦਾ ਨਹੀਂ) ।
ਕਾਲੁ ਨ ਛੋਡੈ ਬਿਨੁ ਸਤਿਗੁਰ ਕੀ ਧੀਰਾ ॥੭॥
ਸਤਿਗੁਰੂ ਤੋਂ ਮਿਲੇ (ਨਾਮ-) ਆਧਾਰ ਤੋਂ ਬਿਨਾ (ਇਹ ਆਤਮਕ ਮੌਤ ਟਿਕੀ ਹੀ ਰਹਿੰਦੀ ਹੈ) ।੭।
ਕਾਲੁ ਜਾਲੁ ਜਿਹਵਾ ਅਰੁ ਨੈਣੀ ॥
(ਨਿੰਦਿਆ ਆਦਿਕ ਦੇ ਕਾਰਨ) ਜੀਭ ਦੀ ਰਾਹੀਂ, (ਪਰਾਇਆ ਰੂਪ ਤੱਕਣ ਦੇ ਕਾਰਨ) ਅੱਖਾਂ ਦੀ ਰਾਹੀਂ,
ਕਾਨੀ ਕਾਲੁ ਸੁਣੈ ਬਿਖੁ ਬੈਣੀ ॥
ਅਤੇ ਕੰਨਾਂ ਦੀ ਰਾਹੀਂ (ਕਿਉਂਕਿ ਜੀਵ) ਆਤਮਕ ਮੌਤ ਲਿਆਉਣ ਵਾਲੇ (ਨਿੰਦਿਆ ਆਦਿਕ ਦੇ) ਬਚਨ ਸੁਣਦਾ ਹੈ ਆਤਮਕ ਮੌਤ (ਦਾ) ਜਾਲ (ਜੀਵਾਂ ਦੇ ਸਿਰ ਉਤੇ ਸਦਾ ਤਣਿਆ ਰਹਿੰਦਾ ਹੈ) ।
ਬਿਨੁ ਸਬਦੈ ਮੂਠੇ ਦਿਨੁ ਰੈਣੀ ॥੮॥
ਗੁਰੂ ਦੇ ਸ਼ਬਦ (ਦਾ ਆਸਰਾ ਲੈਣ) ਤੋਂ ਬਿਨਾ ਜੀਵ ਦਿਨ ਰਾਤ (ਆਤਮਕ ਜੀਵਨ ਦੇ ਗੁਣਾਂ ਤੋਂ) ਲੁੱਟੇ ਜਾ ਰਹੇ ਹਨ ।੮।
ਹਿਰਦੈ ਸਾਚੁ ਵਸੈ ਹਰਿ ਨਾਇ ॥ ਕਾਲੁ ਨ ਜੋਹਿ ਸਕੈ ਗੁਣ ਗਾਇ ॥
ਜਿਸ ਮਨੁੱਖ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ (ਸਦਾ) ਵੱਸਿਆ ਰਹਿੰਦਾ ਹੈ, ਜੋ ਮਨੁੱਖ ਪਰਮਾਤਮਾ ਦੇ ਨਾਮ ਵਿਚ (ਸਦਾ) ਟਿਕਿਆ ਰਹਿੰਦਾ ਹੈ, ਆਤਮਕ ਮੌਤ (ਮੌਤ ਦਾ ਸਹਮ) ਉਸ ਵਲ ਕਦੇ ਤੱਕ ਭੀ ਨਹੀਂ ਸਕਦੀ (ਕਿਉਂਕਿ ਉਹ ਸਦਾ ਪ੍ਰਭੂ ਦੇ) ਗੁਣ ਗਾਂਦਾ ਹੈ ।
ਨਾਨਕ ਗੁਰਮੁਖਿ ਸਬਦਿ ਸਮਾਇ ॥੯॥੧੪॥
ਹੇ ਨਾਨਕ! ਉਹ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਗੁਰ-ਸ਼ਬਦ ਦੀ ਰਾਹੀਂ (ਪ੍ਰਭੂ-ਚਰਨਾਂ ਵਿਚ ਸਦਾ) ਲੀਨ ਰਹਿੰਦਾ ਹੈ ।੯।੧੪।
ਗਉੜੀ ਮਹਲਾ ੧ ॥
ਗਊੜੀ ਪਾਤਿਾਹੀ ਪਹਿਲੀ।
ਬੋਲਹਿ ਸਾਚੁ ਮਿਥਿਆ ਨਹੀ ਰਾਈ ॥
ਇਸ ਵਾਸਤੇ ਉਹ ਰਤਾ ਭੀ ਝੂਠ ਨਹੀਂ ਬੋਲਦੇ, ਉਹ ਸਦਾ ਅਟੱਲ ਰਹਿਣ ਵਾਲਾ ਬੋਲ ਹੀ ਬੋਲਦੇ ਹਨ
ਚਾਲਹਿ ਗੁਰਮੁਖਿ ਹੁਕਮਿ ਰਜਾਈ ॥
ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਰਜ਼ਾ ਦੇ ਮਾਲਕ ਪ੍ਰਭੂ ਦੇ ਹੁਕਮ ਵਿਚ ਤੁਰਦੇ ਹਨ,
ਰਹਹਿ ਅਤੀਤ ਸਚੇ ਸਰਣਾਈ ॥੧॥
ਉਹ ਸਦਾ-ਥਿਰ ਪ੍ਰਭੂ ਦੀ ਸਰਨ ਵਿਚ ਰਹਿ ਕੇ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਰਹਿੰਦੇ ਹਨ।੧।
ਸਚ ਘਰਿ ਬੈਸੈ ਕਾਲੁ ਨ ਜੋਹੈ ॥
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ, ਉਸ ਨੂੰ ਮੌਤ ਦਾ ਸਹਮ ਪੋਹ ਨਹੀਂ ਸਕਦਾ (ਉਸ ਦੇ ਆਤਮਕ ਜੀਵਨ ਨੂੰ ਕੋਈ ਖ਼ਤਰਾ ਨਹੀਂ ਹੁੰਦਾ) ।
ਮਨਮੁਖ ਕਉ ਆਵਤ ਜਾਵਤ ਦੁਖੁ ਮੋਹੈ ॥੧॥ ਰਹਾਉ ॥
ਪਰ ਆਪਣੇ ਮਨ ਦੇ ਮੁਰੀਦ ਮਨੁੱਖ ਨੂੰ ਮੋਹ (ਵਿਚ ਫਸੇ ਹੋਣ) ਦੇ ਕਾਰਨ ਜਨਮ ਮਰਨ ਦਾ ਦੁੱਖ (ਦਬਾਈ ਰੱਖਦਾ) ਹੈ ।੧।ਰਹਾਉ।
ਅਪਿਉ ਪੀਅਉ ਅਕਥੁ ਕਥਿ ਰਹੀਐ ॥
ਕੋਈ ਭੀ ਜੀਵ ਨਾਮ-ਰਸ ਪੀਏ (ਤੇ ਪੀ ਕੇ ਵੇਖ ਲਏ), ਬੇਅੰਤ ਗੁਣਾਂ ਦੇ ਮਾਲਕ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ (“ਨਿਜ ਘਰ ਵਿਚ”) ਟਿਕੇ ਰਹਿ ਸਕੀਦਾ ਹੈ,
ਨਿਜ ਘਰਿ ਬੈਸਿ ਸਹਜ ਘਰੁ ਲਹੀਐ ॥
ਤੇ ਉਸ ਸੈ੍ਵ-ਸਰੂਪ ਵਿਚ ਬੈਠ ਕੇ ਆਤਮਕ ਅਡੋਲਤਾ ਦਾ ਟਿਕਾਣਾ ਲੱਭ ਸਕੀਦਾ ਹੈ ।
ਹਰਿ ਰਸਿ ਮਾਤੇ ਇਹੁ ਸੁਖੁ ਕਹੀਐ ॥੨॥
ਹਰਿ-ਨਾਮ-ਰਸ ਵਿਚ ਮਸਤ ਹੋਇਆਂ ਇਹ ਕਹਿ ਸਕੀਦਾ ਹੈ ਕਿ ਇਹੀ ਹੈ ਅਸਲ ਆਤਮਕ ਸੁਖ ।੨।
ਗੁਰਮਤਿ ਚਾਲ ਨਿਹਚਲ ਨਹੀ ਡੋਲੈ ॥
ਗੁਰੂ ਦੀ ਮਤਿ ਤੇ ਤੁਰਨ ਵਾਲੀ ਜੀਵਨ-ਜੁਗਤਿ (ਐਸੀ ਹੈ ਕਿ ਇਸ) ਨੂੰ ਮਾਇਆ ਦਾ ਮੋਹ ਹਿਲਾ ਨਹੀਂ ਸਕਦਾ, ਮਾਇਆ ਦੇ ਮੋਹ ਵਿਚ ਇਹ ਡੋਲ ਨਹੀਂ ਸਕਦੀ ।
ਗੁਰਮਤਿ ਸਾਚਿ ਸਹਜਿ ਹਰਿ ਬੋਲੈ ॥
ਜੇਹੜਾ ਮਨੁੱਖ ਗੁਰੂ ਦੀ ਮਤਿ ਧਾਰਨ ਕਰ ਕੇ ਸਦਾ-ਥਿਰ ਪ੍ਰਭੂ ਵਿਚ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ,
ਪੀਵੈ ਅੰਮ੍ਰਿਤੁ ਤਤੁ ਵਿਰੋਲੈ ॥੩॥
ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਂਦਾ ਹੈ, ਉਹ ਅਸਲੀਅਤ ਨੂੰ ਵਿਰੋਲ ਕੇ ਲੱਭ ਲੈਂਦਾ ਹੈ ।੩।
ਸਤਿਗੁਰੁ ਦੇਖਿਆ ਦੀਖਿਆ ਲੀਨੀ ॥
ਜਿਸ ਮਨੁੱਖ ਨੇ (ਪੂਰੇ) ਗੁਰੂ ਦਾ ਦਰਸਨ ਕਰ ਲਿਆ ਤੇ ਗੁਰੂ ਦੀ ਸਿੱਖਿਆ ਗ੍ਰਹਣ ਕਰ ਲਈ,
ਮਨੁ ਤਨੁ ਅਰਪਿਓ ਅੰਤਰ ਗਤਿ ਕੀਨੀ ॥
ਆਪਣੇ ਅੰਤਰ ਆਤਮੇ ਵਸਾ ਲਈ ਤੇ (ਉਸ ਸਿੱਖਿਆ ਦੀ ਖ਼ਾਤਰ) ਆਪਣਾ ਮਨ ਤੇ ਆਪਣਾ ਤਨ ਭੇਟ ਕਰ ਦਿੱਤਾ, (ਤੇ ਜਿਸ ਮਨੁੱਖ ਨੇ ਇਸ ਸਿੱਖਿਆ ਦੀ ਬਰਕਤਿ ਨਾਲ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜਨਾ ਸ਼ੁਰੂ ਕਰ ਦਿੱਤਾ) ਉਸ ਨੇ ਆਪਣੇ ਅਸਲੇ ਨੂੰ ਪਛਾਣ ਲਿਆ,
ਗਤਿ ਮਿਤਿ ਪਾਈ ਆਤਮੁ ਚੀਨੀ ॥੪॥
ਉਸ ਨੂੰ ਸਮਝ ਆ ਗਈ ਕਿ ਪਰਮਾਤਮਾ ਸਭ ਤੋਂ ਉੱਚੀ ਆਤਮਕ ਅਵਸਥਾ ਵਾਲਾ ਹੈ ਤੇ ਬੇਅੰਤ ਵਡਾਈ ਵਾਲਾ ਹੈ ।੪।
ਭੋਜਨੁ ਨਾਮੁ ਨਿਰੰਜਨ ਸਾਰੁ ॥
ਜੇਹੜਾ ਮਨੁੱਖ (ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜਦਾ ਹੈ) ਨਿਰੰਜਨ ਦੇ ਸ੍ਰੇਸ਼ਟ ਨਾਮ ਨੂੰ ਆਪਣੀ ਆਤਮਕ ਖ਼ੁਰਾਕ ਬਣਾਂਦਾ ਹੈ,
ਪਰਮ ਹੰਸੁ ਸਚੁ ਜੋਤਿ ਅਪਾਰ ॥
ਉਹ ਸਦਾ-ਥਿਰ ਰਹਿਣ ਵਾਲਾ ਪਰਮ ਹੰਸ ਬਣ ਜਾਂਦਾ ਹੈ, ਬੇਅੰਤ (ਪ੍ਰਭੂ) ਦੀ ਜੋਤਿ (ਉਸ ਦੇ ਅੰਦਰ ਚਮਕ ਪੈਂਦੀ ਹੈ) ।
ਜਹ ਦੇਖਉ ਤਹ ਏਕੰਕਾਰੁ ॥੫॥
ਬੇਸ਼ਕ ਕਿਸੇ ਭੀ ਪਾਸੇ ਉਹ ਤੱਕ ਕੇ ਵੇਖ ਲਏ, ਉਸ ਨੂੰ ਹਰ ਥਾਂ ਇੱਕ ਪਰਮਾਤਮਾ ਹੀ ਦਿੱਸਦਾ ਹੈ ।੫।
ਰਹੈ ਨਿਰਾਲਮੁ ਏਕਾ ਸਚੁ ਕਰਣੀ ॥
(“ਸਚ ਘਰ” ਵਿਚ ਬੈਠਣ ਵਾਲਾ) ਉਹ ਮਨੁੱਖ ਮਾਇਆ (ਦੇ ਪ੍ਰਭਾਵ) ਤੋਂ ਨਿਰਲੇਪ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦਾ ਸਿਮਰਨ ਹੀ ਉਸ ਦੀ ਨਿੱਤ ਦੀ ਕਾਰ ਹੋ ਜਾਂਦੀ ਹੈ ।
ਪਰਮ ਪਦੁ ਪਾਇਆ ਸੇਵਾ ਗੁਰ ਚਰਣੀ ॥
ਗੁਰੂ ਦੀ ਦੱਸੀ ਸੇਵਾ ਕਰ ਕੇ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਿ ਕੇ ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ।
ਮਨ ਤੇ ਮਨੁ ਮਾਨਿਆ ਚੂਕੀ ਅਹੰ ਭ੍ਰਮਣੀ ॥੬॥
ਅੰਦਰੇ ਅੰਦਰ ਉਸ ਦਾ ਮਨ ਸਿਮਰਨ ਵਿਚ ਗਿੱਝ ਜਾਂਦਾ ਹੈ, ਹਉਮੈ ਵਾਲੀ ਉਸ ਦੀ ਭਟਕਣਾ ਮੁੱਕ ਜਾਂਦੀ ਹੈ ।੬।
ਇਨ ਬਿਧਿ ਕਉਣੁ ਕਉਣੁ ਨਹੀ ਤਾਰਿਆ ॥
(“ਸਚ ਘਰ” ਵਿਚ ਬੈਠੇ ਰਹਿਣ ਦੀ) ਇਸ ਵਿਧੀ ਨੇ ਕਿਸ ਕਿਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾਇਆ?
ਹਰਿ ਜਸਿ ਸੰਤ ਭਗਤ ਨਿਸਤਾਰਿਆ ॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਨੇ ਸਾਰੇ ਸੰਤਾਂ ਨੂੰ ਭਗਤਾਂ ਨੂੰ ਪਾਰ ਲੰਘਾ ਦਿੱਤਾ ਹੈ । ਜਿਸ ਜਿਸ ਨੇ ਜਸ ਕੀਤਾ, ਉਸ ਨੂੰ ਪ੍ਰਭੂ ਜੀ ਮਿਲ ਪਏ ।