Sri Guru Granth Sahib Ji — Ang 347 (punjabi)
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਣਹਾਰ ਤੇ ਸਰਬ-ਬਿਆਪੀ ਉਸ ਦੀ ਵਿਅਕਤੀ ਅਤੇ ਅਵਿਨਾਸ਼ੀ ਉਸ ਦਾ ਸਰੂਪ। ਉਹ ਨਿੱਡਰ, ਕੀਨਾ-ਰਹਿਤ, ਅਜਨਮ ਅਤੇ ਸਵੈ-ਪਰਕਾਸ਼ਵਾਨ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।
ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥
ਏਹ ਸੋਦਰੁ ਦਾ ਸਬਦ ਜਬ ਸਚਖੰਡ ਮੇਂ ਗਏ ਹੈਂ ਤਬ ਬਿਸਨੂੰ ਦੇ ਹਜੂਰ ਉਚਾਰਨ ਕੀਆ ਹੈ। ਥੋੜੇ ਮਾਤ੍ਰ ਜਪਜੀ ਵਾਲੇ ਸੋਦਰ ਸੇ ਭੇਦ ਹੈ। ਕੋਈਕ ਕਹਿਤੇ ਹੈਂ ਵੇਈਂ ਸੇ ਨਿਕਸ ਕਰ ਬੀਬੀ ਨਾਨਕੀ ਕੋ ਸੁਨਾਇਆ ਹੈ, ਸੋਈ ਈਹਾਂ ਹੈ।
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮੑਾਲੇ ॥
ਉਹ ਦਰ-ਘਰ ਬੜਾ ਹੀ ਅਸਚਰਜ ਹੈ, ਜਿਥੇ ਬੈਠ ਕੇ (ਹੇ ਨਿਰੰਕਾਰ!) ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ ।
ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
(ਤੇਰੀ ਇਸ ਰਚੀ ਹੋਈ ਕੁਦਰਤਿ ਵਿਚ) ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ, ਬੇਅੰਤ ਹੀ ਜੀਵ (ਉਹਨਾਂ ਵਾਜਿਆਂ ਨੂੰ) ਵਜਾਣ ਵਾਲੇ ਹਨ,
ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
ਰਾਗਣੀਆਂ ਸਣੇ ਬੇਅੰਤ ਹੀ ਰਾਗ ਕਹੇ ਜਾਂਦੇ ਹਨ ਅਤੇ ਅਨੇਕਾਂ ਹੀ ਜੀਵ (ਇਹਨਾਂ ਰਾਗਾਂ ਦੇ) ਗਾਵਣ ਵਾਲੇ ਹਨ (ਜੋ ਤੈਨੂੰ ਗਾ ਰਹੇ ਹਨ) ।
ਗਾਵਨਿੑ ਤੁਧਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥
(ਹੇ ਨਿਰੰਕਾਰ!) ਹਵਾ, ਪਾਣੀ, ਅੱਗ ਤੇਰੇ ਗੁਣ ਗਾ ਰਹੇ ਹਨ । ਧਰਮਰਾਜ ਤੇਰੇ ਦਰ ਤੇ (ਖਲੋ ਕੇ) ਤੈਨੂੰ ਵਡਿਆਇ ਰਿਹਾ ਹੈ ।
ਗਾਵਨਿੑ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ ॥
ਉਹ ਚਿਤ੍ਰਗੁਪਤ ਭੀ ਜੋ (ਜੀਵਾਂ ਦੇ ਚੰਗੇ ਮੰਦੇ ਕਰਮਾਂ ਦੇ ਲੇਖੇ) ਲਿਖਣੇ ਜਾਣਦੇ ਹਨ ਅਤੇ ਜਿਨ੍ਹਾਂ ਦੇ ਲਿਖੇ ਹੋਏ ਲੇਖੇ ਧਰਮਰਾਜ ਵਿਚਾਰਦਾ ਹੈ, ਤੇਰੀਆਂ ਵਡਿਆਈਆਂ ਕਰ ਰਹੇ ਹਨ ।
ਗਾਵਨਿੑ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
(ਹੇ ਅਕਾਲ ਪੁਰਖ!) ਦੇਵੀਆਂ, ਸ਼ਿਵ ਤੇ ਬ੍ਰਹਮਾ ਜੋ ਤੇਰੇ ਸਵਾਰੇ ਹੋਏ ਹਨ ਤੇ ਸੋਭ ਰਹੇ ਹਨ, ਤੈਨੂੰ ਗਾ ਰਹੇ ਹਨ ।
ਗਾਵਨਿੑ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
ਕਈ ਇੰਦ੍ਰ ਆਪਣੇ ਤਖ਼ਤ ਉਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ ਤੇ ਤੈਨੂੰ ਸਾਲਾਹ ਰਹੇ ਹਨ ।
ਗਾਵਨਿੑ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿੑ ਤੁਧਨੋ ਸਾਧ ਬੀਚਾਰੇ ॥
ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ, ਸਾਧ ਵਿਚਾਰ ਕਰ ਕਰ ਕੇ ਤੈਨੂੰ ਸਾਲਾਹ ਰਹੇ ਹਨ ।
ਗਾਵਨਿੑ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
ਜਤ-ਧਾਰੀ, ਦਾਨ ਕਰਨ ਵਾਲੇ ਤੇ ਸੰਤੋਖ ਵਾਲੇ ਪੁਰਸ਼ ਤੇਰੇ ਗੁਣ ਗਾ ਰਹੇ ਹਨ, ਅਤੇ (ਬੇਅੰਤ) ਤਕੜੇ ਸੂਰਮੇ ਤੇਰੀਆਂ ਵਡਿਆਈਆਂ ਕਰ ਰਹੇ ਹਨ ।
ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ ॥
(ਹੇ ਅਕਾਲ ਪੁਰਖ!) ਪੜ੍ਹੇ ਹੋਏ ਪੰਡਿਤ ਤੇ ਮਹਾ ਰਿਖੀ ਵੇਦਾਂ ਸਣੇ ਤੈਨੂੰ ਗਾ ਰਹੇ ਹਨ ।
ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
ਸੁੰਦਰ ਇਸਤ®ੀਆਂ ਜੋ ਮਨ ਨੂੰ ਮੋਂਹਦੀਆਂ ਹਨ, ਤੈਨੂੰ ਗਾ ਰਹੀਆਂ ਹਨ, ਸੁਰਗ-ਲੋਕ, ਮਾਤ-ਲੋਕ, ਪਾਤਾਲ-ਲੋਕ ਤੈਨੂੰ ਗਾ ਰਹੇ ਹਨ ।
ਗਾਵਨਿੑ ਤੁਧਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥
(ਹੇ ਨਿਰੰਕਾਰ!) ਜਿਤਨੇ ਭੀ ਤੇਰੇ ਪੈਦਾ ਕੀਤੇ ਹੋਏ ਰਤਨ ਹਨ, ਉਹ ਅਠਾਹਠ ਤੀਰਥਾਂ ਸਮੇਤ ਤੈਨੂੰ ਗਾ ਰਹੇ ਹਨ ।
ਗਾਵਨਿੑ ਤੁਧਨੋ ਜੋਧ ਮਹਾਬਲ ਸੂਰਾ ਗਾਵਨਿੑ ਤੁਧਨੋ ਖਾਣੀ ਚਾਰੇ ॥
ਵੱਡੇ ਬਲ ਵਾਲੇ ਜੋਧੇ ਤੇ ਸੂਰਮੇ ਤੇਰੀ ਸਿਫ਼ਤਿ ਕਰ ਰਹੇ ਹਨ ।
ਗਾਵਨਿੑ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
ਸਾਰੀ ਸ੍ਰਿਸ਼ਟੀ, ਸ੍ਰਿਸ਼ਟੀ ਦੇ ਸਾਰੇ ਖੰਡ ਅਤੇ ਚੱਕ੍ਰ, ਜੋ ਤੂੰ ਪੈਦਾ ਕਰ ਕੇ ਟਿਕਾ ਰੱਖੇ ਹਨ; ਤੈਨੂੰ ਗਾਉਂਦੇ ਹਨ ।
ਸੇਈ ਤੁਧਨੋ ਗਾਵਨਿੑ ਜੋ ਤੁਧੁ ਭਾਵਨਿੑ ਰਤੇ ਤੇਰੇ ਭਗਤ ਰਸਾਲੇ ॥
(ਹੇ ਅਕਾਲ ਪੁਰਖ!) (ਅਸਲ ਵਿਚ ਤਾਂ) ਉਹੋ ਤੇਰੇ ਪ੍ਰੇਮ ਵਿਚ ਰੱਤੇ ਰਸੀਏ ਭਗਤ ਜਨ ਤੈਨੂੰ ਗਾਉਂਦੇ ਹਨ (ਭਾਵ, ਉਨ੍ਹਾਂ ਦਾ ਹੀ ਗਾਉਣਾ ਸਫਲ ਹੈ) ਜੋ ਤੈਨੂੰ ਚੰਗੇ ਲੱਗਦੇ ਹਨ ।
ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
ਅਨੇਕਾਂ ਹੋਰ ਜੀਵ ਤੈਨੂੰ ਗਾ ਰਹੇ ਹਨ, ਜੇਹੜੇ ਮੈਥੋਂ ਗਿਣੇ ਭੀ ਨਹੀਂ ਜਾ ਸਕਦੇ । (ਭਲਾ) ਨਾਨਕ (ਵਿਚਾਰਾ) ਕੀਹ ਵਿਚਾਰ ਕਰ ਸਕਦਾ ਹੈ?
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਉਹ ਪਰਮਾਤਮਾ ਸਦਾ-ਥਿਰ ਹੈ, ਉਹ ਮਾਲਕ ਸੱਚਾ ਹੈ, ਉਸ ਦੀ ਵਡਿਆਈ ਭੀ ਸਦਾ ਅਟੱਲ ਹੈ
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਜਿਸ ਅਕਾਲ ਪੁਰਖ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਐਸ ਵੇਲੇ ਮੌਜੂਦ ਹੈ, ਸਦਾ ਰਹੇਗਾ, ਨਾਹ ਉਹ ਜੰਮਿਆ ਹੈ ਅਤੇ ਨਾਹ ਹੀ ਉਹ ਮਰੇਗਾ ।
ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥
ਜਿਸ ਅਕਾਲ ਪੁਰਖ ਨੇ ਕਈ ਰੰਗਾਂ, ਕਿਸਮਾਂ ਅਤੇ ਜਿਨਸਾਂ ਦੀ ਮਾਇਆ ਰਚ ਦਿੱਤੀ ਹੈ,
ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥
ਉਹ ਜਿਵੇਂ ਉਸ ਦੀ ਰਜ਼ਾ ਹੈ (ਭਾਵ, ਜੇਡਾ ਵੱਡਾ ਆਪ ਹੈ Eਡੇ ਵੱਡੇ ਜਿਗਰੇ ਨਾਲ ਜਗਤ ਨੂੰ ਰਚ ਕੇ) ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਭੀ ਕਰ ਰਿਹਾ ਹੈ ।
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
ਜੋ ਕੁਝ ਅਕਾਲ ਪੁਰਖ ਨੂੰ ਭਾਉਂਦਾ ਹੈ, ਉਹੋ ਹੀ ਉਹ ਕਰੇਗਾ । ਕਿਸੇ ਜੀਵ ਪਾਸੋਂ ਪਰਮਾਤਮਾ ਅਗੇ ਹੁਕਮ ਨਹੀਂ ਕੀਤਾ ਜਾ ਸਕਦਾ, (ਉਸ ਨੂੰ ਇਹ ਨਹੀਂ ਆਖ ਸਕਦਾ—ਇਉਂ ਨ ਕਰੀਂ, ਇਉਂ ਕਰ)