Sri Guru Granth Sahib Ji — Ang 348 (punjabi)
ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥੧॥੧॥
ਅਕਾਲ ਪੁਰਖ ਪਾਤਸ਼ਾਹ ਹੈ, ਸ਼ਾਹਾਂ ਦਾ ਸ਼ਾਹ ਹੈ, ਮਾਲਕ ਹੈ । ਹੇ ਨਾਨਕ! (ਸਾਨੂੰ) ਉਸ ਦੀ ਰਜ਼ਾ ਵਿਚ ਰਹਿਣਾ (ਹੀ ਫੱਬਦਾ ਹੈ) ।
ਆਸਾ ਮਹਲਾ ੪ ॥
ਰਾਗ ਆਸਾ ਚੋਥੀ ਪਾਤਸ਼ਾਹੀ।
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
ਉਹ ਪਰਮਾਤਮਾ ਸਭ ਜੀਵਾਂ ਵਿਚ ਵਿਆਪਕ ਹੈ, (ਫਿਰ ਭੀ) ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ, ਅਪਹੁੰਚ ਹੈ ਤੇ ਬੇਅੰਤ ਹੈ ।
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
ਹੇ ਸਦਾ ਕਾਇਮ ਰਹਿਣ ਵਾਲੇ ਤੇ ਸਭ ਜੀਵਾਂ ਨੂੰ ਪੈਦਾ ਕਰਨ ਵਾਲੇ ਹਰੀ! ਸਾਰੇ ਜੀਆ-ਜੰਤ ਤੈਨੂੰ ਸਿਮਰਦੇ ਹਨ ।
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੂੰ ਸਭ ਜੀਵਾਂ ਨੂੰ ਰਿਜ਼ਕ ਦੇਣ ਵਾਲਾ ਹੈਂ ।
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
ਹੇ ਸੰਤ ਜਨੋ! ਉਸ ਪ੍ਰਭੂ ਨੂੰ ਸਿਮਰੋ, ਉਹ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥
ਉਹ ਪ੍ਰਭੂ (ਜੀਵਾਂ ਵਿਚ ਵਿਆਪਕ ਹੋਣ ਕਰਕੇ) ਆਪ ਹੀ ਮਾਲਕ ਹੈ ਤੇ ਆਪ ਹੀ ਸੇਵਕ ਹੈ ।ਹੇ ਨਾਨਕ! ਜੀਵ ਵਿਚਾਰੇ ਕੀਹ ਹਨ? (ਭਾਵ, ਜੀਵਾਂ ਦੀ ਉਸ ਪ੍ਰਭੂ ਤੋਂ ਵੱਖਰੀ ਕੋਈ ਹਸਤੀ ਨਹੀਂ) ।੧।
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥
ਹੇ ਹਰੀ! ਤੂੰ ਹਰੇਕ ਸਰੀਰ ਵਿਚ ਵਿਆਪਕ ਹੈਂ, ਤੂੰ ਸਭ ਜੀਵਾਂ ਵਿਚ ਇਕ-ਰਸ ਮੌਜੂਦ ਹੈਂ, ਤੂੰ ਇਕ ਆਪ ਹੀ ਸਭ ਜੀਵਾਂ ਵਿਚ ਸਮਾਇਆ ਹੋਇਆ ਹੈਂ ।
ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥
(ਫਿਰ ਭੀ) ਕਈ ਜੀਵ ਦਾਨੀ ਹਨ, ਕਈ ਜੀਵ ਮੰਗਤੇ ਹਨ—ਇਹ ਤੇਰੇ ਹੀ ਅਸਚਰਜ ਤਮਾਸ਼ੇ ਹਨ
ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥
(ਕਿਉਂਕਿ ਅਸਲ ਵਿਚ) ਤੂੰ ਆਪ ਹੀ ਦਾਤਾਂ ਦੇਣ ਵਾਲਾ ਹੈਂ, ਤੇ ਆਪ ਹੀ (ਉਹਨਾਂ ਦਾਤਾਂ ਨੂੰ) ਵਰਤਣ ਵਾਲਾ ਹੈਂ । (ਸਾਰੀ ਸ੍ਰਿਸ਼ਟੀ ਵਿਚ) ਮੈਂ ਤੈਥੋਂ ਬਿਨਾ ਕਿਸੇ ਹੋਰ ਨੂੰ ਨਹੀਂ ਪਛਾਣਦਾ (ਭਾਵ, ਤੈਥੋਂ ਬਿਨਾ ਕੋਈ ਹੋਰ ਦੂਜਾ ਨਹੀਂ ਦਿੱਸਦਾ) ।
ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥
ਮੈਂ ਤੇਰੇ ਕੇਹੜੇ ਕੇਹੜੇ ਗੁਣ ਆਖ ਕੇ ਦੱਸਾਂ? ਤੂੰ ਬੇਅੰਤ ਪਾਰਬ੍ਰਹਮ ਹੈਂ, ਤੂੰ ਬੇਅੰਤ ਪਾਰਬ੍ਰਹਮ ਹੈਂ ।
ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨੑ ਕੁਰਬਾਣਾ ॥੨॥
ਹੇ ਪ੍ਰਭੂ! ਜੋ ਤੈਨੂੰ ਯਾਦ ਕਰਦੇ ਹਨ ਜੋ ਤੈਨੂੰ ਸਿਮਰਦੇ ਹਨ, ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ।੨।
ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖ ਵਾਸੀ ॥
ਹੇ ਹਰੀ! ਜੋ ਮਨੁੱਖ ਤੈਨੂੰ ਸਿਮਰਦੇ ਹਨ ਜੋ ਤੈਨੂੰ ਧਿਆਉਂਦੇ ਹਨ, ਉਹ ਆਪਣੀ ਜ਼ਿੰਦਗੀ ਵਿਚ ਸੁਖੀ ਵੱਸਦੇ ਹਨ ।
ਸੇ ਮੁਕਤੁ ਸੇ ਮੁਕਤੁ ਭਏ ਜਿਨੑ ਹਰਿ ਧਿਆਇਆ ਜੀਉ ਤਿਨ ਟੂਟੀ ਜਮ ਕੀ ਫਾਸੀ ॥
ਜਿਨ੍ਹਾਂ ਮਨੁੱਖਾਂ ਨੇ ਹਰੀ-ਨਾਮ ਸਿਮਰਿਆ ਹੈ, ਉਹ ਸਦਾ ਲਈ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨ, ਉਹਨਾਂ ਦੀ ਜਮਾਂ ਵਾਲੀ ਫਾਹੀ ਟੁੱਟ ਗਈ ਹੈ ।
ਜਿਨ ਨਿਰਭਉ ਜਿਨੑ ਹਰਿ ਨਿਰਭਉ ਧਿਆਇਆ ਜੀਉ ਤਿਨ ਕਾ ਭਉ ਸਭੁ ਗਵਾਸੀ ॥
ਜਿਨ੍ਹਾਂ ਨੇ ਨਿਰਭਉ ਪ੍ਰਭੂ ਨੂੰ ਧਿਆਇਆ ਹੈ, ਪ੍ਰਭੂ ਉਹਨਾਂ ਦਾ ਸਾਰਾ ਡਰ ਦੂਰ ਕਰ ਦੇਂਦਾ ਹੈ ।
ਜਿਨੑ ਸੇਵਿਆ ਜਿਨੑ ਸੇਵਿਆ ਮੇਰਾ ਹਰਿ ਜੀਉ ਤੇ ਹਰਿ ਹਰਿ ਰੂਪਿ ਸਮਾਸੀ ॥
ਜਿਨ੍ਹਾਂ ਨੇ ਪਿਆਰੇ ਪ੍ਰਭੂ ਨੂੰ ਸਿਮਰਿਆ ਹੈ, ਉਹ ਪ੍ਰਭੂ ਦੇ ਸਰੂਪ ਵਿਚ ਹੀ ਲੀਨ ਹੋ ਗਏ ਹਨ ।
ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀਉ ਜਨੁ ਨਾਨਕੁ ਤਿਨ ਬਲਿ ਜਾਸੀ ॥੩॥
ਭਾਗਾਂ ਵਾਲੇ ਹਨ ਉਹ ਮਨੁੱਖ; ਧੰਨ ਹਨ ਉਹ ਮਨੁੱਖ, ਜਿਨ੍ਹਾਂ ਨੇ ਪ੍ਰਭੂ ਨੂੰ ਧਿਆਇਆ ਹੈ, ਦਾਸ ਨਾਨਕ ਉਹਨਾਂ ਤੋਂ ਕੁਰਬਾਨ ਜਾਂਦਾ ਹੈ ।੩।
ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬੇਅੰਤ ਬੇਅੰਤਾ ॥
ਹੇ ਪ੍ਰਭੂ! ਤੇਰੀ ਭਗਤੀ ਦੇ ਬੇਅੰਤ ਖ਼ਜ਼ਾਨੇ ਭਰੇ ਪਏ ਹਨ ।
ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥
ਹੇ ਹਰੀ! ਅਨੇਕਾਂ ਤੇ ਬੇਅੰਤ ਤੇਰੇ ਭਗਤ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ
ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥
ਹੇ ਪ੍ਰਭੂ! ਅਨੇਕਾਂ ਜੀਵ ਤੇਰੀ ਪੂਜਾ ਕਰਦੇ ਹਨ, ਬੇਅੰਤ ਜੀਵ (ਤੈਨੂੰ ਮਿਲਣ ਲਈ) ਤਾਪ ਸਾਧਦੇ ਹਨ ।
ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥
ਤੇਰੇ ਅਨੇਕਾਂ (ਸੇਵਕ) ਕਈ ਸਿਮ੍ਰਿਤੀਆਂ ਤੇ ਸ਼ਾਸਤ੍ਰ ਪੜ੍ਹਦੇ ਹਨ, (ਤੇ ਉਹਨਾਂ ਦੇ ਦੱਸੇ ਹੋਏ) ਛੇ ਧਾਰਮਿਕ ਕੰਮ ਤੇ ਹੋਰ ਕਰਮ ਕਰਦੇ ਹਨ ।
ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥
ਹੇ ਦਾਸ ਨਾਨਕ! ਉਹ ਭਗਤ ਭਲੇ ਹਨ (ਭਾਵ ਉਹਨਾਂ ਦੀ ਘਾਲ ਥਾਂਇ ਪਈ ਜਾਣੋ) ਜੋ ਪਿਆਰੇ ਹਰਿ-ਭਗਵੰਤ ਨੂੰ ਪਿਆਰੇ ਲੱਗਦੇ ਹਨ ।੪
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
ਹੇ ਪ੍ਰਭੂ! ਤੂੰ ਸਭ ਦਾ ਮੂਲ ਹੈਂ, ਸਭ ਵਿਚ ਵਿਆਪਕ ਹੈਂ, ਬੇਅੰਤ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।
ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
ਤੂੰ ਹਰੇਕ ਜੁਗ ਵਿਚ ਆਪ ਹੀ ਹੈਂ, ਤੂੰ ਸਦਾ ਹੀ ਇਕ ਆਪ ਹੀ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ ਤੇ ਸਭ ਦੀ ਸਾਰ ਲੈਣ ਵਾਲਾ ਹੈਂ ।
ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
ਜਗਤ ਵਿਚ ਉਹੀ ਕੁਝ ਹੰੁਦਾ ਹੈ ਜੋ ਤੈਨੂੰ ਆਪ ਨੂੰ ਪਸੰਦ ਹੈ, ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ ।
ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
(ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਤੂੰ ਆਪ ਹੀ ਪੈਦਾ ਕੀਤੀ ਹੈ, ਤੂੰ ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈਂ ।
ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੨॥
ਦਾਸ ਨਾਨਕ ਉਸ ਕਰਤਾਰ ਦੇ ਗੁਣ ਗਾਂਦਾ ਹੈ, ਜੋ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ।੫।੨।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਰਹਿਮਤ ਸਦਕਾ ਉਹ ਪਰਾਪਤ ਹੁੰਦਾ ਹੈ।
ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥
ਰਾਗ ਆਸਾ ਪਹਿਲੀ ਪਾਤਿਸ਼ਾਹੀ। ਚਉਪਦੇ।
ਸੁਣਿ ਵਡਾ ਆਖੈ ਸਭ ਕੋਈ ॥
ਹਰੇਕ ਜੀਵ (ਹੋਰਨਾਂ ਪਾਸੋਂ ਸਿਰਫ਼) ਸੁਣ ਕੇ (ਕੀ) ਆਖ ਦੇਂਦਾ ਹੈ ਕਿ (ਹੇ ਪ੍ਰਭੂ!) ਤੂੰ ਵੱਡਾ ਹੈਂ ।
ਕੇਵਡੁ ਵਡਾ ਡੀਠਾ ਹੋਈ ॥
ਪਰ ਤੂੰ ਕੇਡਾ ਵੱਡਾ ਹੈਂ ਇਹ ਗੱਲ ਤੈਨੂੰ ਵੇਖਿਆਂ ਹੀ ਦੱਸੀ ਜਾ ਸਕਦੀ ਹੈ ।