Sri Guru Granth Sahib Ji — Ang 398 (punjabi)
ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥
(ਹੇ ਭਾਈ!) ਜਿਸ ਮਨੁੱਖ ਨੂੰ ਪਰਮਾਤਮਾ ਆਪ ਆਦਰ ਦੇਂਦਾ ਹੈ ਉਹ (ਹਰ ਥਾਂ) ਆਦਰ ਪਾਂਦਾ ਹੈ
ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥
ਉਹ ਮਨੁੱਖ (ਲੋਕ ਪਰਲੋਕ ਵਿਚ) ਸਭ ਥਾਈਂ ਉੱਘਾ ਹੋ ਜਾਂਦਾ ਹੈ ਉਹ ਪ੍ਰਸਿੱਧ ਹੋ ਚੁੱਕਾ ਹਰ ਥਾਂ ਮੰਨਿਆ-ਪ੍ਰਮੰਨਿਆ ਜਾਂਦਾ ਹੈ ।੩।
ਦਿਨਸੁ ਰੈਣਿ ਆਰਾਧਿ ਸਮੑਾਲੇ ਸਾਹ ਸਾਹ ॥
ਦਿਨ ਰਾਤ ਤੇਰੀ ਅਰਾਧਨ ਕਰ ਕੇ ਤੈਨੂੰ ਸੁਆਸ ਸੁਆਸ (ਆਪਣੇ) ਹਿਰਦੇ ਵਿਚ ਵਸਾਈ ਰੱਖੇ
ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥
ਹੇ (ਮੇਰੇ) ਸਦਾ ਕਾਇਮ ਰਹਿਣ ਵਾਲੇ ਪਾਤਿਸ਼ਾਹ! (ਮੇਰੀ) ਨਾਨਕ ਦੀ ਇਹ ਤਾਂਘ ਪੂਰੀ ਕਰ (ਕਿ ਨਾਨਕ) ।੪।੬।੧੦੮।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥
(ਹੇ ਭਾਈ!) ਸਾਡਾ ਉਹ ਖਸਮ-ਸਾਈਂ ਹਰੇਕ ਥਾਂ ਵਿਚ ਵਿਆਪਕ ਹੈ
ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥
(ਸਭ ਜੀਵਾਂ ਦਾ ਉਹ) ਇਕੋ ਮਾਲਕ ਹੈ (ਸਾਰੀ ਸ੍ਰਿਸ਼ਟੀ ਦੀ ਬਾਦਸ਼ਾਹੀ ਦਾ) ਛੱਤ® (ਉਸੇ ਦੇ) ਸਿਰ ਉਤੇ ਹੈ, ਉਸ ਦੇ ਬਰਾਬਰ ਹੋਰ ਕੋਈ ਨਹੀਂ ।੧।
ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥
ਹੇ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰਥ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਉਸੇ ਤਰ੍ਹਾਂ ਮੇਰੀ ਰੱਖਿਆ ਕਰ ।
ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ ਰਹਾਉ ॥
ਮੈਂ ਤੈਥੋਂ ਬਿਨਾ ਅਜੇ ਤਕ ਕੋਈ ਹੋਰ ਆਪਣੀਆਂ ਅੱਖਾਂ ਨਾਲ ਨਹੀਂ ਵੇਖਿਆ ਜੋ ਤੇਰੇ ਵਰਗਾ ਹੋਵੇ ।੧।ਰਹਾਉ।
ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥
(ਹੇ ਭਾਈ!) ਹਰੇਕ ਸਰੀਰ ਵਿਚ ਬੈਠਾ ਪ੍ਰਭੂ ਹਰੇਕ ਦੀ ਸਾਰ ਲੈਂਦਾ ਹੈ, ਹਰੇਕ ਦੀ ਪਾਲਣਾ ਕਰਦਾ ਹੈ ।
ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥
ਜਿਸ ਮਨੁੱਖ ਦੇ ਮਨ ਵਿਚ ਉਹ ਪ੍ਰਭੂ ਆਪ ਵੱਸਦਾ ਹੈ, ਉਸ ਨੂੰ ਕਦੇ ਫਿਰ ਭੁਲਾਂਦਾ ਨਹੀਂ ।੨।
ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥
(ਹੇ ਭਾਈ! ਜਗਤ ਵਿਚ) ਜੋ ਕੁਝ ਕਰ ਰਿਹਾ ਹੈ ਪਰਮਾਤਮਾ ਆਪ ਹੀ ਆਪਣੀ ਰਜ਼ਾ ਅਨੁਸਾਰ ਕਰ ਰਿਹਾ ਹੈ,
ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥
(ਜਗਤ ਵਿਚ) ਇਹ ਗੱਲ ਪ੍ਰਸਿੱਧ ਹੈ ਕਿ ਹਰੇਕ ਜੁਗ ਵਿਚ ਪਰਮਾਤਮਾ ਆਪਣੇ ਭਗਤਾਂ ਦੀ ਸਹਾਇਤਾ ਕਰਦਾ ਆ ਰਿਹਾ ਹੈ ।੩।
ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥
(ਹੇ ਭਾਈ!) ਪਰਮਾਤਮਾ ਦਾ ਨਾਮ ਜਪ ਜਪ ਕੇ ਫਿਰ ਕਦੇ ਕਿਸੇ ਕਿਸਮ ਦੀ ਕੋਈ ਚਿੰਤਾ ਨਹੀਂ ਕਰਨੀ ਪੈਂਦੀ
ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥
(ਹੇ ਪ੍ਰਭੂ! ਤੇਰੇ ਦਾਸ) ਨਾਨਕ ਨੂੰ ਤੇਰੇ ਦਰਸਨ ਦੀ ਪਿਆਸ ਹੈ (ਨਾਨਕ ਦੀ ਇਹ) ਤਾਂਘ ਪੂਰੀ ਕਰ ।੪।੭।੧੦੯।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥
ਹੇ ਗ਼ਾਫ਼ਲ ਮਨ! ਹੇ ਬੇ-ਪਰਵਾਹ ਮਨ! ਪਰਮਾਤਮਾ ਦਾ ਨਾਮ ਭੁਲਾ ਕੇ ਕਿਉਂ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੌਂ ਰਿਹਾ ਹੈਂ?
ਕਿਤਂੀ ਇਤੁ ਦਰੀਆਇ ਵੰਞਨਿੑ ਵਹਦਿਆ ॥੧॥
(ਵੇਖ, ਨਾਮ ਵਿਸਾਰ ਕੇ) ਅਨੇਕਾਂ ਹੀ ਜੀਵ ਇਸ (ਸੰਸਾਰ-) ਨਦੀ ਵਿਚ ਰੁੜ੍ਹਦੇ ਜਾ ਰਹੇ ਹਨ ।੧।
ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥
ਹੇ (ਮੇਰੇ) ਮਨ! ਪਰਮਾਤਮਾ ਦੇ ਚਰਨ ਇਕ ਸੋਹਣਾ ਜਿਹਾ ਜਹਾਜ਼ ਹਨ; (ਇਸ ਜਹਾਜ਼ ਵਿਚ) ਚੜ੍ਹ ਕੇ (ਸੰਸਾਰ-ਸਮੁੰਦਰ ਤੋਂ ਪਾਰ) ਲੰਘ ਜਾਈਦਾ ਹੈ
ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥
(ਇਸ ਵਾਸਤੇ, ਹੇ ਮਨ!) ਗੁਰੂ ਦੀ ਸੰਗਤਿ ਵਿਚ ਰਹਿ ਕੇ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਰਿਹਾ ਕਰ ।੧।ਰਹਾਉ।
ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥
(ਹੇ ਮਨ! ਮੋਹ ਦੀ ਨੀਂਦ ਵਿਚ ਸੁੱਤੇ ਹੋਏ ਜੀਵ ਦੁਨੀਆ ਦੇ) ਅਨੇਕਾਂ ਭੋਗ ਭੋਗਦੇ ਰਹਿੰਦੇ ਹਨ, ਪਰ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਜੀਵਨ ਵਲੋਂ ਖ਼ਾਲੀ ਰਹਿ ਜਾਂਦੇ ਹਨ ।
ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥
ਪਰਮਾਤਮਾ ਦੀ ਭਗਤੀ ਤੋਂ ਬਿਨਾ (ਅਜੇਹੇ ਜੀਵ) ਸਦਾ ਆਤਮਕ ਮੌਤ ਸਹੇੜ ਸਹੇੜ ਕੇ ਦੁੱਖੀ ਹੁੰਦੇ ਰਹਿੰਦੇ ਹਨ ।੨।
ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥
ਹੇ ਮਨ!) ਵੇਖ, ਜੀਵ (ਸੋਹਣੇ ਸੋਹਣੇ) ਕੱਪੜੇ ਪਹਿਨਦੇ ਹਨ, ਸੁਆਦਲੇ ਪਦਾਰਥ ਖਾਂਦੇ ਹਨ, ਸਰੀਰ ਉਤੇ ਸੁਗੰਧੀ ਵਾਲੇ ਵਟਣੇ ਆਦਿਕ ਮਲਦੇ ਹਨ
ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥
ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਦਾ ਇਹ ਸਰੀਰ ਸੁਆਹ (ਸਮਾਨ ਹੀ ਰਹਿੰਦਾ) ਹੈ, ਇਸ ਸਰੀਰ ਨੇ ਤਾਂ ਆਖ਼ਰ ਜ਼ਰੂਰ ਨਾਸ ਹੋ ਜਾਣਾ ਹੈ ।੩।
ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥
ਕਿਸੇ ਵਿਰਲੇ (ਭਾਗਾਂ ਵਾਲੇ) ਨੇ ਵੇਖਿਆ ਹੈ ਕਿ ਇਹ ਸੰਸਾਰ-(ਸਮੁੰਦਰ) ਬੜਾ ਭਿਆਨਕ ਹੈ,
ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥
ਹੇ ਨਾਨਕ! (ਆਖ—) ਪਰਮਾਤਮਾ ਦੀ ਸਰਨ ਪਿਆਂ ਹੀ ਇਸ ਵਿਚੋਂ ਬਚਾਉ ਹੁੰਦਾ ਹੈ । (Eਹੀ ਬਚਦਾ ਹੈ ਜਿਸ ਦੇ ਮੱਥੇ ਉੱਤੇ ਪ੍ਰਭੂ-ਨਾਮ ਦੇ ਸਿਮਰਨ ਦਾ) ਲੇਖ ਲਿਖਿਆ ਹੋਇਆ ਹੈ ।੪।੮।੧੧੦।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥
ਹੇ ਮੇਰੀ ਜਿੰਦੇ!) ਕੋਈ ਮਨੁੱਖ ਸਦਾ ਕਿਸੇ ਦੇ ਨਾਲ ਨਹੀਂ ਨਿਭਦਾ (ਇਸ ਵਾਸਤੇ ਸੰਬੰਧੀ ਆਦਿਕਾਂ ਦਾ) ਕੋਈ ਮਾਣ ਨਹੀਂ ਕਰਨਾ ਚਾਹੀਦਾ ।
ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥੧॥
ਸਿਰਫ਼ ਪਰਮਾਤਮਾ ਦਾ ਨਾਮ ਹੀ (ਅਸਲ) ਆਸਰਾ ਹੈ (ਨਾਮ ਦੇ ਆਸਰੇ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ।੧।
ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥
ਹੇ ਮੇਰੇ ਪੂਰੇ ਸਤਿਗੁਰੂ (ਪ੍ਰਭੂ)! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ ਮੈਂ ਗਰੀਬ ਦਾ ਤੂੰ ਹੀ ਸਹਾਰਾ ਹੈਂ ।
ਦੇਖਿ ਤੁਮੑਾਰਾ ਦਰਸਨੋ ਮੇਰਾ ਮਨੁ ਧੀਰੇ ॥੧॥ ਰਹਾਉ ॥
ਤੇਰਾ ਦਰਸਨ ਕਰ ਕੇ ਮੇਰਾ ਮਨ (ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕਣ ਲਈ) ਧੀਰਜ ਫੜਦਾ ਹੈ ।੧।ਰਹਾਉ।
ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨੋੁ ॥
(ਹੇ ਜਿੰਦੇ!) ਦੁਨੀਆ ਦੀ ਪਾਤਿਸ਼ਾਹੀ ਤੇ ਧਨ-ਪਦਾਰਥ ਮਨ ਨੂੰ ਮੋਹੀ ਰੱਖਦੇ ਹਨ, (ਇਸ ਰਾਜ-ਮਾਲ ਨੂੰ ਆਖ਼ਰ) ਕਿਸੇ ਕੰਮ ਆਉਂਦਾ ਨਾਹ ਸਮਝ ।
ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨੋੁ ॥੨॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਜਿੰਦ ਦਾ ਅਸਲੀ ਆਸਰਾ ਹੈ, ਇਹੀ ਸਦਾ ਕਾਇਮ ਰਹਿਣ ਵਾਲਾ ਧਨ ਹੈ ।੨।
ਜੇਤੇ ਮਾਇਆ ਰੰਗ ਤੇਤ ਪਛਾਵਿਆ ॥
ਹੇ ਜਿੰਦੇ!) ਮਾਇਆ ਦੇ ਜਿਤਨੇ ਭੀ ਰੰਗ-ਤਮਾਸ਼ੇ ਹਨ ਉਹ ਸਾਰੇ ਪਰਛਾਵੇਂ ਵਾਂਗ ਢਲ ਜਾਣ ਵਾਲੇ ਹਨ,
ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥
ਪਰਮਾਤਮਾ ਦਾ ਨਾਮ ਹੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, ਇਹ ਨਾਮ ਗੁਰੂ ਦੀ ਸਰਨ ਪੈ ਕੇ ਹੀ ਸਲਾਹਿਆ ਜਾ ਸਕਦਾ ਹੈ ।੩।
ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥
ਹੇ ਪ੍ਰਭੂ! ਤੂੰ ਡੂੰਘਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ ।
ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥
ਹੇ ਨਾਨਕ ਦੀ ਜਿੰਦੇ! ਇਸ ਖਸਮ-ਪ੍ਰਭੂ ਦੀ ਹੀ (ਤੋੜ ਨਿਭਣ ਵਾਲੇ ਸਾਥ ਦੀ) ਆਸ ਰੱਖ, ਖਸਮ-ਪ੍ਰਭੂ ਦਾ ਹੀ ਭਰੋਸਾ ਰੱਖ ।੪।੯।੧੧੧।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥
(ਹੇ ਭਾਈ!) ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਹਰੇਕ ਦੁੱਖ ਦੂਰ ਹੋ ਜਾਂਦਾ ਹੈ ਤੇ ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ
ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥੧॥
ਉਸ ਅੱਗੇ ਦੋਵੇਂ ਹੱਥ ਜੋੜ ਕੇ ਸਦਾ ਉਸ ਦਾ ਧਿਆਨ ਧਰਨਾ ਚਾਹੀਦਾ ਹੈ ।੧।
ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥
(ਹੇ ਭਾਈ!) ਨਾਨਕ ਦਾ ਖਸਮ-ਪ੍ਰਭੂ ਉਹ ਹੈ ਜਿਸ ਦਾ ਪੈਦਾ ਕੀਤਾ ਹੋਇਆ ਹਰੇਕ ਜੀਵ ਹੈ ।
ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥੧॥ ਰਹਾਉ ॥
ਉਹ ਪ੍ਰਭੂ ਸਭਨਾਂ ਜੀਵਾਂ ਵਿਚ ਵਿਆਪਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਸਿਰਫ਼ ਉਹੀ ਸਦਾ ਕਾਇਮ ਰਹਿਣ ਵਾਲਾ ਹੈ ।੧।ਰਹਾਉ।
ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ ॥
ਹੇ ਮੇਰੇ ਮਨ! ਉਸ ਪਰਮਾਤਮਾ ਦੀ ਆਰਾਧਨਾ ਕਰਿਆ ਕਰ ਜੋ ਸਭਨਾਂ ਦੇ ਅੰਦਰ ਵੱਸ ਰਿਹਾ ਹੈ, ਜੋ ਸਾਰੇ ਸੰਸਾਰ ਵਿਚ ਵੱਸ ਰਿਹਾ ਹੈ, ਜੋ ਸਭਨਾਂ ਦੇ ਨਾਲ ਰਹਿੰਦਾ ਹੈ, ਜੋ ਸਭਨਾਂ ਦੀ ਸਹਾਇਤਾ ਕਰਦਾ ਹੈ, ਜਿਸ ਨਾਲ ਡੂੰਘੀ ਜਾਣ-ਪਛਾਣ ਪਾਉਣੀ ਬਹੁਤ ਜ਼ਰੂਰੀ ਹੈ
ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥੨॥
(ਹੇ ਮਨ! ਉਸ ਦਾ ਸਿਮਰਨ ਕੀਤਿਆਂ) ਹਰੇਕ ਰੋਗ ਦਾ ਨਾਸ ਹੋ ਜਾਂਦਾ ਹੈ ।੨।
ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ ॥
ਹੇ ਭਾਈ! ਸਭਨਾਂ ਦੀ ਰੱਖਿਆ ਕਰਨ ਦੀ ਸਮਰਥਾ ਵਾਲਾ ਬੇਅੰਤ ਪਰਮਾਤਮਾ (ਮਾਂ ਦੇ ਪੇਟ ਦੀ) ਅੱਗ ਵਿਚ (ਹਰੇਕ ਜੀਵ ਦੀ) ਰੱਖਿਆ ਕਰਦਾ ਹੈ