Sri Guru Granth Sahib Ji — Ang 458 (punjabi)
ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥
ਹੇ ਪ੍ਰਭੂ! ਮੈਂ ਗੁਨਾਹਗਾਰ ਹਾਂ, ਅਕਲੋਂ ਸੱਖਣਾ ਹਾਂ, ਗੁਣ-ਹੀਣ ਹਾਂ, ਨਿਆਸਰਾ ਹਾਂ, ਮੰਦੇ ਸੁਭਾਵ ਵਾਲਾ ਹਾਂ ।
ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥
ਹੇ ਪ੍ਰਭੂ! ਮੈਂ ਵਿਕਾਰੀ ਹਾਂ, ਬੇ-ਤਰਸ ਹਾਂ, ਨੀਵੀਂ ਕੁਲ ਵਾਲਾ ਹਾਂ, ਮੋਹ ਦਾ ਚਿੱਕੜ ਮੇਰੇ ਉਤੇ ਆਪਣਾ ਦਬਾਉ ਪਾ ਰਿਹਾ ਹੈ ।
ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥
ਹੇ ਪ੍ਰਭੂ! ਭਟਕਣਾ ਵਿਚ ਪੈਣ ਵਾਲੇ ਕਰਮਾਂ ਦੀ ਮੈਲ ਮੈਨੂੰ ਲੱਗੀ ਹੋਈ ਹੈ, ਮੇਰੇ ਅੰਦਰ ਅਹੰਕਾਰ ਹੈ, ਮਮਤਾ ਹੈ, (ਇਸ ਵਾਸਤੇ) ਮੌਤ ਮੈਨੂੰ ਚੇਤੇ ਨਹੀਂ ਆਉਂਦੀ ।
ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥
ਮੈਂ ਇਸਤ®ੀ ਦੇ ਚੋਜ-ਤਮਾਸ਼ਿਆਂ ਵਿਚ ਮਾਇਆ ਦੇ ਮੌਜ-ਮੇਲਿਆਂ ਵਿਚ (ਗ਼ਰਕ ਹਾਂ), ਮੈਨੂੰ ਅਗਿਆਨਤਾ ਚੰਬੜੀ ਹੋਈ ਹੈ ।
ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥
ਹੇ ਪ੍ਰਭੂ! ਮੇਰੀ ਜਵਾਨੀ ਢਲ ਰਹੀ ਹੈ, ਬੁਢੇਪਾ ਵਧ ਰਿਹਾ ਹੈ, ਮੌਤ (ਮੇਰੇ) ਨਾਲ (ਮੇਰੀ ਜ਼ਿੰਦਗੀ ਦੇ) ਦਿਨ ਤੱਕ ਰਹੀ ਹੈ ।
ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥
ਤੇਰਾ ਦਾਸ ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ, ਮੈਨੂੰ ਤੇਰੀ ਹੀ ਆਸ ਹੈ, ਮੈਨੂੰ ਨੀਚ ਨੂੰ ਗੁਰੂ ਦੀ ਸਰਨ ਰੱਖ ।੨।
ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥
ਹੇ ਪ੍ਰਭੂ! ਹੇ ਮੁਰਾਰੀ! ਮੈਂ ਅਨੇਕਾਂ ਜਨਮਾਂ ਵਿਚ ਭਟਕਿਆ ਹਾਂ, ਮੈਂ ਕਈ ਜੂਨਾਂ ਦੇ ਵੱਡੇ ਦੁੱਖ ਸਹਾਰੇ ਹਨ ।
ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥
ਧਨ ਤੇ ਪਦਾਰਥਾਂ ਦੇ ਭੋਗ ਮੈਨੂੰ ਮਿੱਠੇ ਲੱਗ ਰਹੇ ਹਨ, ਮੈਂ ਇਹਨਾਂ ਨਾਲ ਹੀ ਚੰਬੜਿਆ ਰਹਿੰਦਾ ਹਾਂ ।
ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥
ਅਨੇਕਾਂ ਪਾਪਾਂ ਦਾ ਭਾਰ ਚੁੱਕ ਕੇ ਮੈਂ ਭਟਕਦਾ ਆ ਰਿਹਾ ਹਾਂ, ਅਨੇਕਾਂ ਪਰਦੇਸਾਂ ਵਿਚ (ਜੂਨਾਂ ਵਿਚ) ਦੌੜ ਚੁਕਿਆ ਹਾਂ (ਦੁੱਖ ਹੀ ਦੁੱਖ ਵੇਖੇ ਹਨ) ।
ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥
ਹੁਣ ਮੈਂ ਤੇਰਾ ਪੱਲਾ ਫੜਿਆ ਹੈ, ਤੇ, ਹੇ ਹਰੀ! ਤੇਰੇ ਨਾਮ ਵਿਚ ਮੈਨੂੰ ਸਾਰੇ ਸੁਖ ਮਿਲ ਗਏ ਹਨ ।
ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥
ਹੇ ਰੱਖਿਆ ਕਰਨ ਦੇ ਸਮਰਥ ਪਿਆਰੇ ਪ੍ਰਭੂ! (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਥੋਂ ਹੁਣ ਤਕ ਕੁਝ ਨਹੀਂ ਹੋ ਸਕਿਆ, ਅਗਾਂਹ ਨੂੰ ਭੀ ਕੁਝ ਨਹੀਂ ਹੋ ਸਕੇਗਾ ।
ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥
ਹੇ ਨਾਨਕ! (ਆਖ—ਹੇ ਪ੍ਰਭੂ!) ਜਿਸ ਮਨੁੱਖ ਉਤੇ ਤੇਰੀ ਕਿਰਪਾ ਹੋ ਜਾਂਦੀ ਹੈ, ਉਸ ਨੂੰ ਆਤਮਕ ਅਡੋਲਤਾ ਤੇ ਸੁਖ ਆਨੰਦ ਪ੍ਰਾਪਤ ਹੋ ਜਾਂਦੇ ਹਨ, ਉਹ ਸੰਸਾਰ-ਸਮੰੁਦਰ ਤੋਂ ਪਾਰ ਲੰਘ ਜਾਂਦਾ ਹੈ ।੩।
ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥
ਹੇ ਭਾਈ! ਪਰਮਾਤਮਾ ਨੇ ਤਾਂ ਉਹ ਬੰਦੇ ਭੀ (ਵਿਕਾਰਾਂ ਤੋਂ) ਬਚਾ ਲਏ ਜਿਨ੍ਹਾਂ ਨੇ ਸਿਰਫ਼ ਆਪਣਾ ਨਾਮ ਹੀ ਭਗਤ ਰਖਾਇਆ ਹੋਇਆ ਸੀ । (ਸੱਚੇ) ਭਗਤਾਂ ਨੂੰ (ਤਾਂ ਸੰਸਾਰ-ਸਮੁੰਦਰ ਦਾ) ਕੋਈ ਸਹਮ ਨਹੀਂ ਰਹਿ ਸਕਦਾ ।
ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥
(ਸੋ, ਹੇ ਭਾਈ!) ਜਿਸ ਤਰ੍ਹਾਂ ਭੀ ਹੋ ਸਕੇ ਆਪਣੇ ਕੰਨਾਂ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਦੇ ਰਿਹਾ ਕਰੋ ।
ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥
ਹੇ ਗਿਆਨਵਾਨ ਬੰਦੇ! ਆਪਣੇ ਕੰਨਾਂ ਨਾਲ ਤੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣ (ਇਸ ਤਰ੍ਹਾਂ ਤੂੰ) ਮਨ ਵਿਚ ਨਾਮ-ਖ਼ਜ਼ਾਨਾ ਲੱਭ ਲਏਂਗਾ ।
ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥
(ਹੇ ਭਾਈ! ਭਾਗਾਂ ਵਾਲੇ ਹਨ ਉਹ ਮਨੁੱਖ ਜੇਹੜੇ) ਸਿਰਜਣਹਾਰ ਹਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਹੋ ਕੇ ਉਸ ਦੇ ਗੁਣ ਗਾਂਦੇ ਹਨ ।
ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥
(ਹੇ ਭਾਈ!) ਜੇ ਸਾਰੀ ਧਰਤੀ ਕਾਗ਼ਜ਼ ਬਣ ਜਾਏ, ਜੇ ਸਾਰੀ ਬਨਸਪਤੀ ਕਲਮ ਬਣ ਜਾਏ, ਤੇ ਜੇ ਹਵਾ ਲਿਖਣ ਵਾਸਤੇ (ਲਿਖਾਰੀ) ਬਣ ਜਾਏ, ਤਾਂ ਭੀ ਬੇਅੰਤ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ।
ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥
ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਦੇ) ਚਰਨਾਂ ਦਾ ਆਸਰਾ ਲਿਆ ਹੈ ।੪।੫।੮।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਪੁਰਖ ਪਤੇ ਭਗਵਾਨ ਤਾ ਕੀ ਸਰਣਿ ਗਹੀ ॥
(ਹੇ ਭਾਈ!) ਜੇਹੜਾ ਭਗਵਾਨ ਸਭ ਜੀਵਾਂ ਦਾ ਖਸਮ ਹੈ ਜਿਨ੍ਹਾਂ ਸੰਤ ਜਨਾਂ ਨੇ ਉਸ ਦਾ ਆਸਰਾ ਲਿਆ ਹੋਇਆ ਹੈ (ਉਸ ਆਸਰੇ ਦੀ ਬਰਕਤਿ ਨਾਲ)
ਨਿਰਭਉ ਭਏ ਪਰਾਨ ਚਿੰਤਾ ਸਗਲ ਲਹੀ ॥
ਉਹਨਾਂ ਦੀ ਜਿੰਦ (ਦੁਨੀਆ ਦੇ) ਡਰਾਂ ਤੋਂ ਰਹਿਤ ਹੋ ਗਈ ਹੈ, ਉਹਨਾਂ ਦੀ ਹਰੇਕ ਕਿਸਮ ਦੀ ਚਿੰਤਾ ਦੂਰ ਹੋ ਗਈ ਹੈ ।
ਮਾਤ ਪਿਤਾ ਸੁਤ ਮੀਤ ਸੁਰਿਜਨ ਇਸਟ ਬੰਧਪ ਜਾਣਿਆ ॥
ਉਹਨਾਂ ਨੇ ਭਗਵਾਨ ਨੂੰ ਹੀ ਆਪਣੇ ਮਾਂ ਪਿਉ ਪੁੱਤਰ ਮਿੱਤਰ ਸੱਜਣ ਪਿਆਰੇ ਰਿਸ਼ਤੇਦਾਰ ਸਮਝ ਰੱਖਿਆ ਹੈ ।
ਗਹਿ ਕੰਠਿ ਲਾਇਆ ਗੁਰਿ ਮਿਲਾਇਆ ਜਸੁ ਬਿਮਲ ਸੰਤ ਵਖਾਣਿਆ ॥
ਗੁਰੂ ਨੇ ਉਹਨਾਂ ਨੂੰ ਭਗਵਾਨ ਦੇ ਚਰਨਾਂ ਵਿਚ ਜੋੜ ਦਿੱਤਾ ਹੈ, (ਭਗਵਾਨ ਨੇ ਉਹਨਾਂ ਦੀ ਬਾਂਹ) ਫੜ ਕੇ ਉਹਨਾਂ ਨੂੰ ਆਪਣੇ ਗਲ ਲਾ ਲਿਆ ਹੈ । ਉਹ ਸੰਤ ਜਨ ਪਰਮਾਤਮਾ ਦੀ ਸਿਫ਼ਤਿ ਉਚਾਰਦੇ ਰਹਿੰਦੇ ਹਨ ।
ਬੇਅੰਤ ਗੁਣ ਅਨੇਕ ਮਹਿਮਾ ਕੀਮਤਿ ਕਛੂ ਨ ਜਾਇ ਕਹੀ ॥
ਹੇ ਭਾਈ! ਉਸ ਪਰਮਾਤਮਾ ਦੇ ਬੇਅੰਤ ਗੁਣ ਹਨ, ਅਨੇਕਾਂ ਵਡਿਆਈਆਂ ਹਨ, ਉਸ (ਦੀ ਬਜ਼ੁਰਗੀ) ਦਾ ਰਤਾ ਭਰ ਭੀ ਮੁੱਲ ਨਹੀਂ ਦੱਸਿਆ ਜਾ ਸਕਦਾ ।
ਪ੍ਰਭ ਏਕ ਅਨਿਕ ਅਲਖ ਠਾਕੁਰ ਓਟ ਨਾਨਕ ਤਿਸੁ ਗਹੀ ॥੧॥
ਉਹ ਪ੍ਰਭੂ ਆਪਣੇ ਇਕ ਸਰੂਪ ਤੋਂ ਅਨੇਕ-ਰੂਪ ਬਣਿਆ ਹੋਇਆ ਹੈ, ਉਸ ਦੇ ਸਹੀ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ, ਉਹ ਸਭ ਦਾ ਮਾਲਕ ਹੈ । ਹੇ ਨਾਨਕ! (ਆਖ—ਸੰਤ ਜਨਾਂ ਨੇ) ਉਸ ਪਰਮਾਤਮਾ ਦਾ ਆਸਰਾ ਲਿਆ ਹੋਇਆ ਹੈ ।੧।
ਅੰਮ੍ਰਿਤ ਬਨੁ ਸੰਸਾਰੁ ਸਹਾਈ ਆਪਿ ਭਏ ॥
ਹੇ ਭਾਈ! ਪਰਮਾਤਮਾ ਆਪ ਜਿਸ ਮਨੁੱਖ ਦਾ ਮਦਦਗਾਰ ਬਣਦਾ ਹੈ, ਉਸ ਦੇ ਵਾਸਤੇ ਸੰਸਾਰ-ਸਮੁੰਦਰ ਆਤਮਕ ਜੀਵਨ ਦੇਣ ਵਾਲਾ ਜਲ ਬਣ ਜਾਂਦਾ ਹੈ ।
ਰਾਮ ਨਾਮੁ ਉਰ ਹਾਰੁ ਬਿਖੁ ਕੇ ਦਿਵਸ ਗਏ ॥
ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦਾ ਹਾਰ ਬਣਾ ਲੈਂਦਾ ਹੈ, ਉਸ ਦੇ ਵਾਸਤੇ (ਆਤਮਕ ਮੌਤ ਲਿਆਉਣ ਵਾਲੀ ਮਾਇਆ ਦੇ ਮੋਹ ਦਾ) ਜ਼ਹਰ ਖਾਣ ਵਾਲੇ ਦਿਨ ਬੀਤ ਜਾਂਦੇ ਹਨ ।
ਗਤੁ ਭਰਮ ਮੋਹ ਬਿਕਾਰ ਬਿਨਸੇ ਜੋਨਿ ਆਵਣ ਸਭ ਰਹੇ ॥
ਉਸ ਦੀ ਭਟਕਣਾ ਮੁੱਕ ਜਾਂਦੀ ਹੈ, ਉਸ ਦੇ ਅੰਦਰੋਂ ਮੋਹ ਤੇ ਵਿਕਾਰ ਨਾਸ ਹੋ ਜਾਂਦੇ ਹਨ, ਉਸ ਦੇ ਜਨਮਾਂ ਦੇ ਗੇੜ ਮੁੱਕ ਜਾਂਦੇ ਹਨ ।
ਅਗਨਿ ਸਾਗਰ ਭਏ ਸੀਤਲ ਸਾਧ ਅੰਚਲ ਗਹਿ ਰਹੇ ॥
ਜੇਹੜਾ ਮਨੁੱਖ ਗੁਰੂ ਦਾ ਪੱਲਾ ਫੜੀ ਰੱਖਦਾ ਹੈ, ਵਿਕਾਰਾਂ ਦੀ ਅੱਗ ਨਾਲ ਭਰਿਆ ਹੋਇਆ ਸੰਸਾਰ-ਸਮੁੰਦਰ ਉਸ ਦੇ ਵਾਸਤੇ ਠੰਢਾ-ਠਾਰ ਹੋ ਜਾਂਦਾ ਹੈ ।
ਗੋਵਿੰਦ ਗੁਪਾਲ ਦਇਆਲ ਸੰਮ੍ਰਿਥ ਬੋਲਿ ਸਾਧੂ ਹਰਿ ਜੈ ਜਏ ॥
ਗੁਰੂ ਦੀ ਸਰਨ ਪੈ ਕੇ ਗੋਵਿੰਦ ਗੁਪਾਲ ਦਇਆਲ ਸਮਰੱਥ ਪਰਮਾਤਮਾ ਦੀ ਜੈ ਜੈਕਾਰ ਕਰਦਾ ਰਿਹਾ ਕਰ ।
ਨਾਨਕ ਨਾਮੁ ਧਿਆਇ ਪੂਰਨ ਸਾਧਸੰਗਿ ਪਾਈ ਪਰਮ ਗਤੇ ॥੨॥
ਗੁਰੂ ਦੀ ਸੰਗਤਿ ਵਿਚ ਰਹਿ ਕੇ ਪੂਰਨ ਪਰਮਾਤਮਾ ਦਾ ਨਾਮ ਸਿਮਰ ਕੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈਦੀ ਹੈ ।੨।
ਜਹ ਦੇਖਉ ਤਹ ਸੰਗਿ ਏਕੋ ਰਵਿ ਰਹਿਆ ॥
ਹੇ ਭਾਈ! ਮੈਂ ਜਿੱਧਰ ਵੇਖਦਾ ਹਾਂ, ਉਧਰ ਹੀ ਮੇਰੇ ਨਾਲ ਮੈਨੂੰ ਇਕ ਪਰਮਾਤਮਾ ਹੀ ਮੌਜੂਦ ਦਿੱਸਦਾ ਹੈ,
ਘਟ ਘਟ ਵਾਸੀ ਆਪਿ ਵਿਰਲੈ ਕਿਨੈ ਲਹਿਆ ॥
ਉਹ ਆਪ ਹੀ ਹਰੇਕ ਸਰੀਰ ਵਿਚ ਨਿਵਾਸ ਰੱਖਦਾ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਇਹ ਗੱਲ ਸਮਝੀ ਹੈ ।
ਜਲਿ ਥਲਿ ਮਹੀਅਲਿ ਪੂਰਿ ਪੂਰਨ ਕੀਟ ਹਸਤਿ ਸਮਾਨਿਆ ॥
ਉਹ ਵਿਆਪਕ ਪ੍ਰਭੂ ਪਾਣੀ ਵਿਚ ਧਰਤੀ ਵਿਚ ਪੁਲਾੜ ਵਿਚ ਹਰ ਥਾਂ ਵੱਸ ਰਿਹਾ ਹੈ, ਕੀੜੀ ਵਿਚ ਹਾਥੀ ਵਿਚ ਇਕੋ ਜਿਹਾ ।
ਆਦਿ ਅੰਤੇ ਮਧਿ ਸੋਈ ਗੁਰ ਪ੍ਰਸਾਦੀ ਜਾਨਿਆ ॥
ਜਗਤ-ਰਚਨਾ ਦੇ ਸ਼ੁਰੂ ਵਿਚ ਉਹ ਆਪ ਹੀ ਸੀ, ਰਚਨਾ ਦੇ ਅੰਤ ਵਿੱਚ ਵੀ ਉਹ ਆਪ ਹੀ ਹੋਵੇਗਾ, ਹੁਣ ਭੀ ਉਹ ਆਪ ਹੀ ਆਪ ਹੈ । ਗੁਰੂ ਦੀ ਕਿਰਪਾ ਨਾਲ ਹੀ ਇਸ ਗੱਲ ਦੀ ਸਮਝ ਆਉਂਦੀ ਹੈ ।
ਬ੍ਰਹਮੁ ਪਸਰਿਆ ਬ੍ਰਹਮ ਲੀਲਾ ਗੋਵਿੰਦ ਗੁਣ ਨਿਧਿ ਜਨਿ ਕਹਿਆ ॥
ਹੇ ਭਾਈ! ਹਰ ਪਾਸੇ ਪਰਮਾਤਮਾ ਦਾ ਹੀ ਪਸਾਰਾ ਹੈ, ਪਰਮਾਤਮਾ ਦੀ ਹੀ ਰਚੀ ਹੋਈ ਖੇਡ ਹੋ ਰਹੀ ਹੈ, ਉਹ ਪਰਮਾਤਮਾ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ । ਕਿਸੇ ਵਿਰਲੇ ਸੇਵਕ ਨੇ ਉਸ ਨੂੰ ਜਪਿਆ ਹੈ ।
ਸਿਮਰਿ ਸੁਆਮੀ ਅੰਤਰਜਾਮੀ ਹਰਿ ਏਕੁ ਨਾਨਕ ਰਵਿ ਰਹਿਆ ॥੩॥
ਹੇ ਨਾਨਕ! ਹਰੇਕ ਦੇ ਦਿਲ ਦੀ ਜਾਣਨ ਵਾਲੇ ਉਸ ਮਾਲਕ ਨੂੰ ਸਿਮਰਦਾ ਰਹੁ, ਉਹ ਹਰੀ ਆਪ ਹੀ ਹਰ ਥਾਂ ਮੌਜੂਦ ਹੈ ।੩।
ਦਿਨੁ ਰੈਣਿ ਸੁਹਾਵੜੀ ਆਈ ਸਿਮਰਤ ਨਾਮੁ ਹਰੇ ॥
ਹੇ ਭਾਈ! ਮਨੁੱਖ ਲਈ ਉਹ ਦਿਨ ਸੋਹਣਾ ਆਉਂਦਾ ਹੈ ਉਹ ਰਾਤ ਸੋਹਣੀ ਆਉਂਦੀ ਹੈ ਜਦੋਂ ਉਹ ਪਰਮਾਤਮਾ ਦਾ ਨਾਮ ਸਿਮਰਦਾ ਹੈ ।