Sri Guru Granth Sahib Ji — Ang 569 (punjabi)
ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਸ ਨੂੰ ਗੁਰ-ਸ਼ਬਦ ਦੀ ਰਾਹੀਂ ਡਰ ਨਾਸ ਕਰਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, ਉਹ ਮਨੁੱਖ ਸਦਾ ਹਰਿ-ਨਾਮ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ ।੩।
ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖੇਤੀ ਬਣਾਇਆ ਹੈ ਆਪਣਾ ਵਣਜ ਬਣਾਇਆ ਹੈ, ਉਹ ਪ੍ਰਭੂ-ਰਜ਼ਾ ਵਿਚ ਰਹਿ ਕੇ ਰਜ਼ਾ ਨੂੰ ਮਨ ਵਿਚ ਵਸਾ ਕੇ (ਲੋਕ ਪਰਲੋਕ ਵਿਚ) ਵਡਿਆਈ ਹਾਸਲ ਕਰਦਾ ਹੈ ।
ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥
ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਹੀ ਪਰਮਾਤਮਾ ਦੀ ਰਜ਼ਾ ਨੂੰ ਸਮਝਿਆ ਜਾ ਸਕਦਾ ਹੈ, ਰਜ਼ਾ ਵਿਚ ਤੁਰਿਆਂ ਹੀ ਪ੍ਰਭੂ-ਚਰਨਾਂ ਵਿਚ ਮਿਲਾਪ ਹੁੰਦਾ ਹੈ ।
ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਪ੍ਰਭੂ ਦੀ ਰਜ਼ਾ ਵਿਚ ਜੋੜਦਾ ਹੈ ਆਤਮਕ ਅਡੋਲਤਾ ਵਿਚ ਲੀਨ ਕਰਦਾ ਹੈ ਉਹ ਅਪਾਰ ਪ੍ਰਭੂ ਨੂੰ ਮਿਲ ਪੈਂਦਾ ਹੈ ।
ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥
ਉਹ ਮਨੁੱਖ ਗੁਰੂ ਦੀ ਰਾਹੀਂ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਪ੍ਰਾਪਤ ਕਰ ਲੈਂਦਾ ਹੈ, ਗੁਰੂ ਦੀ ਰਾਹੀਂ ਸਦਾ-ਥਿਰ ਪ੍ਰਭੂ ਨੂੰ ਜੀਵਨ ਸੋਹਣਾ ਬਣਾਣ ਵਾਲੇ ਪ੍ਰਭੂ ਨੂੰ ਮਿਲ ਪੈਂਦਾ ਹੈ ।
ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਾ-ਭਾਵ ਦੂਰ ਕਰਦਾ ਹੈ ਉਹ ਹਰੇਕ ਡਰ ਨਾਸ ਕਰਨ ਵਾਲੇ ਪ੍ਰਭੂ ਨੂੰ ਮਿਲ ਪੈਂਦਾ ਹੈ, ਉਹ ਪ੍ਰਭੂ-ਚਰਨਾਂ ਵਿਚ ਲੀਨ ਹੋ ਜਾਂਦਾ ਹੈ ।
ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥
ਹੇ ਨਾਨਕ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ ਜੋ ਅਪਹੁੰਚ ਹੈ (ਇਨਸਾਨੀ ਸਿਆਣਪ ਦੀ ਪਹੁੰਚ ਤੋਂ ਪਰੇ ਹੈ) ਜਿਸ ਤਕ ਗਿਆਨ-ਇੰਦਿ®ਆਂ ਦੀ ਪਹੁੰਚ ਨਹੀਂ ਹੋ ਸਕਦੀ, ਤੇ ਜੋ ਆਪਣੀ ਰਜ਼ਾ ਅਨੁਸਾਰ ਹਰ ਥਾਂ ਵਿਆਪਕ ਹੈ ।੪।੨।
ਵਡਹੰਸੁ ਮਹਲਾ ੩ ॥
ਵਡਹੰਸ ਤੀਜੀ ਪਾਤਿਸ਼ਾਹੀ।
ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥
ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ
ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥
(ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ ।
ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ
ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥
ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ® ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।
ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥
ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ ।
ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥
(ਇਸ ਵਾਸਤੇ) ਨਾਨਕ ਆਖਦਾ ਹੈ—ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ ।੧।
ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥
ਹੇ ਮੇਰੇ ਮਨ! (ਸਾਰੇ ਸੁਖਾਂ ਦਾ) ਖ਼ਜ਼ਾਨਾ (ਪਰਮਾਤਮਾ) ਤੇਰੇ ਅੰਦਰ ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ ।
ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥
ਹੇ ਮਨ! ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖ਼ੁਰਾਕ ਬਣਾ, ਤੇ, ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ ।
ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥
ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ) ।
ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥
ਆਤਮਕ ਜੀਵਨ ਦੀ ਸੂਝ ਤੋਂ ਸੱਖਣੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਮਾਇਆ ਦੇ ਮੋਹ ਦੇ ਕਾਰਨ ਖ਼ੁਆਰੀ ਹੀ ਹੁੰਦੀ ਹੈ ।
ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥
ਹੇ ਨਾਨਕ! (ਆਖ—) ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚ) ਬੰਨ੍ਹ ਰੱਖਿਆ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ (ਇਸ ਜਾਲ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ ।
ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥
(ਹੇ ਮਨ!) ਤੇਰੇ ਅੰਦਰ ਹੀ ਨਾਮ-ਖ਼ਜ਼ਾਨਾ ਮੌਜੂਦ ਹੈ, ਤੂੰ ਇਸ ਖ਼ਜ਼ਾਨੇ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ ।੨।
ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥
ਹੇ ਮੇਰੇ ਮਨ! ਕਈ (ਵਡ-ਭਾਗੀ ਐਸੇ) ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ
ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥
ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤੇ, ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ ।
ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥
ਉਹ ਮਨੁੱਖ ਬੇਅੰਤ ਹਰੀ ਦੀ ਸਿਫ਼ਤਿ-ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆ ਦੇ) ਨੌ ਹੀ ਖ਼ਜ਼ਾਨੇ ਲੱਭ ਲਏ ਹੁੰਦੇ ਹਨ ।
ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ, ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ ।
ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖ਼ਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ
ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥
ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ (ਦੇ ਪੇ੍ਰਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ ।੩।
ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥
ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ
ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥
ਉਹ ਮਨੁੱਖ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ) ਨਿਰਮੋਹ ਰਹਿੰਦੇ ਹਨ, ਉਹ ਮਨੁੱਖ ਦੁਨੀਆ ਵਲੋਂ ਵਿਰਕਤ ਰਹਿੰਦੇ ਹਨ ਸਦਾ-ਥਿਰ ਪ੍ਰਭੂ ਵਿਚ ਉਹਨਾਂ ਦੀ ਸੁਰਤਿ ਜੁੜੀ ਰਹਿੰਦੀ ਹੈ, ਆਪਣੇ ਆਤਮਕ ਜੀਵਨ ਨੂੰ ਉਹ (ਸਦਾ) ਪੜਤਾਲਦੇ ਰਹਿੰਦੇ ਹਨ
ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥
ਗੁਰੂ ਦੀ ਸਰਨ ਪੈ ਕੇ ਉਹਨਾਂ ਦੀ ਮਤਿ (ਮਾਇਆ ਵਲੋਂ) ਅਡੋਲ ਰਹਿੰਦੀ ਹੈ, ਪ੍ਰੇਮ-ਰੰਗ ਵਿਚ ਗੂੜ੍ਹੀ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ ।
ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥
(ਪਰ, ਹੇ ਮਨ!) ਕਈ ਐਸੇ ਬਦ-ਨਸੀਬ ਹੁੰਦੇ ਹਨ ਜੋ (ਕਾਮ-ਵੱਸ ਹੋ ਕੇ) ਇਸਤ®ੀ ਨਾਲ (ਹੀ) ਹਿਤ ਕਰਦੇ ਹਨ
ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥
ਜੋ ਮਾਇਆ ਦੇ ਮੋਹ ਵਿਚ ਹੀ ਮਗਨ ਰਹਿੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹੋਏ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ ।
ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥
ਹੇ ਨਾਨਕ! (ਆਖ—) ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜੋ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਰਹਿੰਦੇ ਹਨ ।੪।੩।
ਵਡਹੰਸੁ ਮਹਲਾ ੩ ॥
ਵਡਹੰਸ ਤੀਜੀ ਪਾਤਿਸ਼ਾਹੀ।
ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ,
ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥
ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ ।