Sri Guru Granth Sahib Ji — Ang 599 (punjabi)
ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਜੀਉ ॥
ਹੇ ਮੇਰੇ ਮਨ! ਜੇਹੜਾ ਪ੍ਰਭੂ ਤੇਰੇ ਅੰਦਰ ਵੱਸ ਰਿਹਾ ਹੈ ਉਸ ਨੂੰ ਬਾਹਰ (ਸਾਰੀ ਕੁਦਰਤਿ ਵਿਚ) ਵੇਖ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ ।
ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥੨॥
ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਇੱਕ ਨੂੰ ਵੇਖਣ ਵਾਲੀ ਨਜ਼ਰ ਬਣਾ (ਫਿਰ ਤੈਨੂੰ ਦਿੱਸ ਪਏਗਾ ਕਿ) ਹਰੇਕ ਸਰੀਰ ਵਿਚ ਪਰਮਾਤਮਾ ਦੀ ਹੀ ਜੋਤਿ ਮੌਜੂਦ ਹੈ ।੨।
ਚਲਤੌ ਠਾਕਿ ਰਖਹੁ ਘਰਿ ਅਪਨੈ ਗੁਰ ਮਿਲਿਐ ਇਹ ਮਤਿ ਹੋਈ ਜੀਉ ॥
(ਹੇ ਭਾਈ!) ਇਸ (ਬਾਹਰ) ਭਟਕਦੇ (ਮਨ) ਨੂੰ ਰੋਕ ਕੇ ਆਪਣੇ ਅੰਦਰ (ਵੱਸਦੇ ਪ੍ਰਭੂ ਵਿਚ) ਹੀ ਟਿਕਾ ਰੱਖ । ਪਰ ਗੁਰੂ ਨੂੰ ਮਿਲਿਆਂ ਹੀ ਇਹ ਅਕਲ ਆਉਂਦੀ ਹੈ ।
ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥੩॥
ਮੈਂ ਤਾਂ (ਗੁਰੂ ਦੀ ਕਿਰਪਾ ਨਾਲ) ਉਸ ਅਦਿ®ਸ਼ਟ ਪ੍ਰਭੂ ਨੂੰ (ਸਭ ਵਿਚ ਵੱਸਦਾ) ਵੇਖ ਕੇ ਵਿਸਮਾਦ ਅਵਸਥਾ ਵਿਚ ਅੱਪੜ ਜਾਂਦਾ ਹਾਂ । (ਜੇਹੜਾ ਭੀ ਇਹ ਦੀਦਾਰ ਕਰਦਾ ਹੈ, ਉਸ ਦਾ) ਦੁੱਖ ਮਿਟ ਜਾਂਦਾ ਹੈ ਉਸ ਨੂੰ ਆਤਮਕ ਆਨੰਦ ਮਿਲ ਜਾਂਦਾ ਹੈ ।੩।
ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥
(ਹੇ ਭਾਈ!) ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਉ, (ਇਹ ਨਾਮ-ਰਸ ਪੀਤਿਆਂ) ਸਭ ਤੋਂ ਉੱਚਾ ਆਤਮਕ ਆਨੰਦ ਮਿਲਦਾ ਹੈ, ਅਤੇ ਆਪਣੇ ਘਰ ਵਿਚ ਟਿਕਾਣਾ ਹੋ ਜਾਂਦਾ ਹੈ (ਭਾਵ, ਸੁਖਾਂ ਦੀ ਖ਼ਾਤਰ ਮਨ ਬਾਹਰ ਭਟਕਣੋਂ ਹਟ ਜਾਂਦਾ ਹੈ) ।
ਜਨਮ ਮਰਣ ਭਵ ਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥੪॥
(ਹੇ ਭਾਈ!) ਜਨਮ ਮਰਨ ਦਾ ਚੱਕ® ਨਾਸ ਕਰਨ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, (ਇਸ ਤਰ੍ਹਾਂ) ਮੁੜ ਮੁੜ ਜਨਮ (ਮਰਨ) ਨਹੀਂ ਹੰੁਦਾ ।੪।
ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦੁ ਨ ਕੋਈ ਜੀਉ ॥
(ਹੇ ਭਾਈ!) ਪਰਮਾਤਮਾ ਸਾਰੇ ਜਗਤ ਦਾ ਅਸਲਾ ਹੈ (ਆਪ) ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ, ਪ੍ਰਭੂ ਪਾਰਬ੍ਰਹਮ ਪਰੇ ਤੋਂ ਪਰੇ ਹੈ ਸਭ ਤੋਂ ਵੱਡਾ ਮਾਲਕ ਹੈ ।
ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ ॥੫॥੧੧॥
ਹੇ ਨਾਨਕ! ਜੋ ਮਨੁੱਖ ਗੁਰੂ ਨੂੰ ਮਿਲ ਪੈਂਦਾ ਹੈ ਉਸ ਨੂੰ (ਇਹ ਦਿੱਸ ਪੈਂਦਾ ਹੈ ਕਿ) ਉਸ ਪ੍ਰਭੂ ਦੀ ਜੋਤਿ ਹਰ ਥਾਂ ਸੋਭ ਰਹੀ ਹੈ (ਤੇ ਉਸ ਦੀ ਵਿਆਪਕਤਾ ਵਿਚ ਕਿਤੇ) ਕੋਈ ਵਿੱਥ ਵਿਤਕਰਾ ਨਹੀਂ ਹੈ ।੫।੧੧।
ਸੋਰਠਿ ਮਹਲਾ ੧ ਘਰੁ ੩
ਸੋਰਠਿ ਪਹਿਲੀ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਜਾ ਤਿਸੁ ਭਾਵਾ ਤਦ ਹੀ ਗਾਵਾ ॥
(ਹੇ ਮੇਰੇ ਮਨ!) ਜਦੋਂ ਮੈਂ ਉਸ ਪ੍ਰਭੂ ਨੂੰ ਚੰਗਾ ਲੱਗਦਾ ਹਾਂ (ਭਾਵ, ਜਦੋਂ ਉਹ ਮੇਰੇ ਉਤੇ ਖ਼ੁਸ਼ ਹੰੁਦਾ ਹੈ)
ਤਾ ਗਾਵੇ ਕਾ ਫਲੁ ਪਾਵਾ ॥
ਤਦੋਂ ਹੀ ਮੈਂ ਉਸ ਦੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ, ਤਦੋਂ ਹੀ (ਭਾਵ, ਉਸ ਦੀ ਮੇਹਰ ਨਾਲ ਹੀ) ਮੈਂ ਸਿਫ਼ਤਿ-ਸਾਲਾਹ ਕਰਨ ਦਾ ਫਲ ਪ੍ਰਾਪਤ ਕਰ ਸਕਦਾ ਹਾਂ ।
ਗਾਵੇ ਕਾ ਫਲੁ ਹੋਈ ॥ ਜਾ ਆਪੇ ਦੇਵੈ ਸੋਈ ॥੧॥
ਸਿਫ਼ਤਿ-ਸਾਲਾਹ ਕਰਨ ਦਾ ਜੋ ਫਲ ਹੈ (ਕਿ ਸਦਾ ਉਸ ਦੇ ਚਰਨਾਂ ਵਿਚ ਲੀਨ ਰਹਿ ਸਕੀਦਾ ਹੈ, ਇਹ ਭੀ ਤਦੋਂ ਹੀ ਮਿਲਦਾ ਹੈ) ਜਦੋਂ ਉਹ ਪ੍ਰਭੂ ਆਪ ਹੀ ਦੇਂਦਾ ਹੈ ।੧।
ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥
ਹੇ ਮੇਰੇ ਮਨ! ਜਿਸ ਮਨੁਖ ਨੇ ਗੁਰੂ ਦੇ ਬਚਨਾਂ ਤੇ ਤੁਰ ਕੇ (ਸਿਫ਼ਤਿ-ਸਾਲਾਹ ਦਾ) ਖ਼ਜ਼ਾਨਾ ਲੱਭ ਲਿਆ
ਤਾ ਤੇ ਸਚ ਮਹਿ ਰਹਿਆ ਸਮਾਈ ॥ ਰਹਾਉ ॥
ਉਹ ਉਸ (ਖ਼ਜ਼ਾਨੇ) ਦੀ ਬਰਕਤਿ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਸਦਾ ਟਿਕਿਆ ਰਹਿੰਦਾ ਹੈ ।ਰਹਾਉ।
ਗੁਰ ਸਾਖੀ ਅੰਤਰਿ ਜਾਗੀ ॥
ਜਦੋਂ ਜਿਸ ਮਨੁੱਖ ਦੇ ਅੰਦਰ ਸਤਿਗੁਰੂ ਦੀ (ਸਿਫ਼ਤਿ-ਸਾਲਾਹ ਕਰਨ ਦੀ ਸਿੱਖਿਆ ਦੀ) ਜੋਤਿ ਜਗ ਪੈਂਦੀ ਹੈ
ਤਾ ਚੰਚਲ ਮਤਿ ਤਿਆਗੀ ॥
ਤਦੋਂ ਉਹ ਮਨੁੱਖ ਉਹ ਮਤਿ ਛੱਡ ਦੇਂਦਾ ਹੈ ਜੋ ਮਾਇਆ ਪਿਛੇ ਭਟਕਣ ਵਲ ਪਾਈ ਰੱਖਦੀ ਹੈ ।
ਗੁਰ ਸਾਖੀ ਕਾ ਉਜੀਆਰਾ ॥
ਜਦੋਂ (ਮਨੁੱਖ ਦੇ ਅੰਦਰ) ਗੁਰੂ ਦੇ ਉਪਦੇਸ਼ ਦਾ (ਆਤਮਕ) ਚਾਨਣ ਹੰੁਦਾ ਹੈ
ਤਾ ਮਿਟਿਆ ਸਗਲ ਅੰਧੵਾਰਾ ॥੨॥
ਤਦੋਂ ਉਸ ਦੇ ਅੰਦਰੋਂ (ਅਗਿਆਨਤਾ ਵਾਲਾ) ਸਾਰਾ ਹਨੇਰਾ ਦੂਰ ਹੋ ਜਾਂਦਾ ਹੈ ।੨।
ਗੁਰ ਚਰਨੀ ਮਨੁ ਲਾਗਾ ॥
ਜਦੋਂ ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਦਾ ਹੈ, ਤਦੋਂ ਉਸ ਮਨੁੱਖ ਦਾ ਉਹ ਜੀਵਨ-ਰਸਤਾ ਖ਼ਤਮ ਹੋ ਜਾਂਦਾ ਹੈ
ਤਾ ਜਮ ਕਾ ਮਾਰਗੁ ਭਾਗਾ ॥
ਜਿਸ ਤੇ ਤੁਰਿਆਂ ਆਤਮਕ ਮੌਤ ਹੋ ਰਹੀ ਸੀ ।
ਭੈ ਵਿਚਿ ਨਿਰਭਉ ਪਾਇਆ ॥
ਪਰਮਾਤਮਾ ਦੇ ਡਰ-ਅਦਬ ਵਿਚ ਰਹਿ ਕੇ ਜਦੋਂ ਮਨੁੱਖ ਨਿਰਭਉ ਪ੍ਰਭੂ ਨਾਲ ਮਿਲਾਪ ਹਾਸਲ ਕਰਦਾ ਹੈ,
ਤਾ ਸਹਜੈ ਕੈ ਘਰਿ ਆਇਆ ॥੩॥
ਤਦੋਂ ਉਹ ਅਡੋਲ ਆਤਮਕ ਅਵਸਥਾ ਦੇ ਘਰ ਵਿਚ ਟਿਕ ਜਾਂਦਾ ਹੈ ।੩।
ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥
ਪਰ, ਨਾਨਕ ਆਖਦਾ ਹੈ—ਕੋਈ ਵਿਰਲਾ ਵਿਚਾਰਵਾਨ ਹੀ ਸਮਝਦਾ ਹੈ
ਇਸੁ ਜਗ ਮਹਿ ਕਰਣੀ ਸਾਰੀ ॥
ਕਿ ਇਸ ਜ਼ਿੰਦਗੀ ਵਿਚ (ਪਰਮਾਤਮਾ ਦੀ ਸਿਫ਼ਤਿ ਹੀ) ਸੇ੍ਰਸ਼ਟ ਕਰਨ-ਜੋਗ ਕੰਮ ਹੈ ।
ਕਰਣੀ ਕੀਰਤਿ ਹੋਈ ॥
ਜਦੋਂ ਪ੍ਰਭੂ ਆਪ (ਮੇਹਰ ਕਰ ਕੇ ਜੀਵ ਦੇ ਹਿਰਦੇ ਵਿਚ) ਪਰਗਟ ਹੰੁਦਾ ਹੈ
ਜਾ ਆਪੇ ਮਿਲਿਆ ਸੋਈ ॥੪॥੧॥੧੨॥
ਤਦੋਂ ਉਸ ਨੂੰ ਸਿਫ਼ਤਿ-ਸਾਲਾਹ ਦੀ (ਸ੍ਰੇਸ਼ਟ) ਕਾਰ ਮਿਲ ਜਾਂਦੀ ਹੈ ।੪।੧।੧੨।
ਸੋਰਠਿ ਮਹਲਾ ੩ ਘਰੁ ੧
ਸੋਰਠਿ ਤੀਜੀ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥
ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ ।
ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥
(ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ® (ਜੀਵਨ ਵਾਲਾ) ਹੋ ਜਾਂਦਾ ਹੈ ।
ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥
ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ ।੧।
ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥
ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ ।
ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥
ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ।
ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ ।
ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥
ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ ।
ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥
ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ ।੨।
ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥
ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ ।