Sri Guru Granth Sahib Ji — Ang 615 (punjabi)
ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥੧॥
ਹੇ ਮੇਰੇ ਮਨ! ਸਰਬ-ਵਿਆਪਕ ਪਾਰਬ੍ਰਹਮ ਪਰਮੇਸਰ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ ।੧।
ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥
ਹੇ ਬੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ ।
ਬਿਨਸੈ ਕਾਚੀ ਦੇਹ ਅਗਿਆਨੀ ॥ ਰਹਾਉ ॥
ਹੇ ਗਿਆਨਹੀਨ! ਇਹ ਸਰੀਰ ਸਦਾ ਕਾਇਮ ਰਹਿਣ ਵਾਲਾ ਨਹੀਂ ਹੈ, ਇਹ ਜ਼ਰੂਰ ਨਾਸ ਹੋ ਜਾਂਦਾ ਹੈ ।ਰਹਾਉ।
ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਵਡਾਈ ॥
(ਹੇ ਭਾਈ! ਇਹ ਮਾਇਆ) ਠਗ-ਨੀਰਾ ਹੈ (ਜੋ ਤਿਹਾਏ ਹਰਨ ਨੂੰ ਤੜਫਾ ਤੜਫਾ ਕੇ ਮਾਰ ਮੁਕਾਂਦਾ ਹੈ) ਸੁਪਨਿਆਂ ਵਿਚ ਮਿਲੇ ਪਦਾਰਥ ਹੈ, (ਆਤਮਕ ਜੀਵਨ ਵਾਲੇ ਦੇਸ਼ ਵਿਚ) ਇਸ ਮਾਇਆ ਨੂੰ ਕੁਝ ਭੀ ਇੱਜ਼ਤ ਨਹੀਂ ਮਿਲਦੀ ।
ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥੨॥
ਪਰਮਾਤਮਾ ਦੇ ਭਜਨ ਤੋਂ ਬਿਨਾ (ਹੋਰ ਕੋਈ ਚੀਜ਼) ਕੰਮ ਨਹੀਂ ਆਉਂਦੀ, ਇਹ ਮਾਇਆ (ਅੰਤ) ਕਿਸੇ ਦੇ ਭੀ ਨਾਲ ਨਹੀਂ ਜਾਂਦੀ ।੨।
ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਨ ਕੀਨਾ ॥
(ਹੇ ਭਾਈ! ਮਾਇਆ-ਵੇੜ੍ਹੇ ਮਨੁੱਖ ਦੀ) ਉਮਰ (ਮਾਇਆ ਦਾ) ਮਾਣ ਕਰਦਿਆਂ ਹੀ ਬੀਤ ਜਾਂਦੀ ਹੈ, ਉਹ ਕੋਈ ਐਸਾ ਕੰਮ ਨਹੀਂ ਕਰਦਾ ਜੋ ਜਿੰਦ ਦੇ ਲਾਭ ਵਾਸਤੇ ਹੋਵੇ ।
ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥੩॥
(ਸਾਰੀ ਉਮਰ ਮਾਇਆ ਦੀ ਖ਼ਾਤਰ) ਦੌੜਦਾ ਭਟਕਦਾ ਰਹਿੰਦਾ ਹੈ, ਰੱਜਦਾ ਨਹੀਂ, ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਂਦਾ ।੩।
ਸਾਦ ਬਿਕਾਰ ਬਿਖੈ ਰਸ ਮਾਤੋ ਅਸੰਖ ਖਤੇ ਕਰਿ ਫੇਰੇ ॥
ਹੇ ਭਾਈ! ਮਾਇਆ-ਵੇੜ੍ਹਿਆ ਮਨੁੱਖ ਚਸਕਿਆਂ ਵਿਚ ਵਿਕਾਰਾਂ ਵਿਚ ਪਦਾਰਥਾਂ ਦੇ ਸੁਆਦਾਂ ਵਿਚ ਮਸਤ ਰਹਿੰਦਾ ਹੈ, ਬੇਅੰਤ ਪਾਪ ਕਰ ਕਰ ਕੇ ਜਨਮ ਮਰਨ ਦੇ ਗੇੜਾਂ ਵਿਚ ਪਿਆ ਰਹਿੰਦਾ ਹੈ ।
ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥੪॥੧੧॥੨੨॥
ਹੇ ਭਾਈ! ਨਾਨਕ ਦੀ ਅਰਜ਼ੋਈ ਤਾਂ ਪ੍ਰਭੂ ਪਾਸ ਹੀ ਹੈ (ਨਾਨਕ ਪ੍ਰਭੂ ਨੂੰ ਹੀ ਆਖਦਾ ਹੈ—ਹੇ ਪ੍ਰਭੂ!) ਮੇਰੇ ਔਗੁਣ ਕੱਟ ਦੇਹ ।੪।੧੧।੨੨।
ਸੋਰਠਿ ਮਹਲਾ ੫ ॥
ਸੋਰਠਿ ਪੰਜਵੀਂ ਪਾਤਿਸ਼ਾਹੀ।
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕੋ®ਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ ।
ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥
(ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੰੁਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੰੁਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧।
ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥
:—(ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ ।
ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥
(ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।
ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥
ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ ।
ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥
ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨।
ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥
ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ
ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ।੩।
ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥
ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ
ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਹੇ ਨਾਨਕ! ਆਖ—ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ।੪।੧੨।੨੩।
ਸੋਰਠਿ ਮਹਲਾ ੫ ॥
ਸੋਰਠਿ ਪੰਜਵੀਂ ਪਾਤਿਸ਼ਾਹੀ।
ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥
(ਹੇ ਭਾਈ! ਜਿਸ ਮਨੁੱਖ ਦਾ ਸਹਾਈ ਗੁਰੂ ਬਣ ਜਾਂਦਾ ਹੈ, ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਹੈ (ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ ਵਾਲਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਸਭ ਦਾ ਮਾਲਕ ਹੈ,
ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥
ਸਾਰੇ ਜੀਵ ਉਸੇ ਦਇਆ-ਦੇ-ਘਰ ਪ੍ਰਭੂ ਨੇ ਪੈਦਾ ਕੀਤੇ ਹੋਏ ਹਨ, ਉਹ ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ।੧।
ਮੇਰਾ ਗੁਰੁ ਹੋਆ ਆਪਿ ਸਹਾਈ ॥
ਹੇ ਭਾਈ! ਮੇਰਾ ਗੁਰੂ (ਜਿਸ ਮਨੁੱਖ ਦਾ) ਮਦਦਗਾਰ ਆਪ ਬਣਦਾ ਹੈ,
ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥
ਉਸ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਖ਼ੁਸ਼ੀਆਂ ਤੇ ਸੁਆਦ ਉੱਘੜ ਪੈਂਦੇ ਹਨ । ਉਸ ਮਨੁੱਖ ਨੂੰ (ਲੋਕ ਪਰਲੋਕ ਵਿਚ) ਐਸੀ ਇੱਜ਼ਤ ਮਿਲਦੀ ਹੈ ਕਿ ਹੈਰਾਨ ਹੋ ਜਾਈਦਾ ਹੈ ।ਰਹਾਉ।
ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਆ ਪੈਂਦੇ ਹਨ, ਉਹਨਾਂ ਦੇ ਸਾਰੇ ਡਰ ਦੂਰ ਹੋ ਜਾਂਦੇ ਹਨ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ ।
ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਕੇ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਹ ਆਪਣੇ (ਉਸ ਹਿਰਦੇ-) ਥਾਂ ਵਿਚ ਆ ਟਿਕਦੇ ਹਨ (ਜਿਥੋਂ ਕੋਈ ਵਿਕਾਰ ਉਹਨਾਂ ਨੂੰ ਕੱਢ ਕੇ ਭਟਕਣਾ ਵਿਚ ਨਹੀਂ ਪਾ ਸਕਦਾ) ।੨।
ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸੰਗਤਿ ਪਿਆਰੀ ਲੱਗਣ ਲੱਗ ਪੈਂਦੀ ਹੈ, ਸਾਰੀ ਲੁਕਾਈ ਉਸ ਦੀ ਵਡਿਆਈ ਕਰਦੀ ਹੈ, ਸੋਭਾ ਕਰਦੀ ਹੈ ।
ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥
ਹੇ ਭਾਈ! ਮੈਂ (ਭੀ) ਆਪਣੇ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਮੈਨੂੰ ਗੁਰੂ ਦੀ ਸਰਨ ਪਾ ਕੇ) ਮੇਰੀ ਇੱਜ਼ਤ ਪੂਰੇ ਤੌਰ ਤੇ ਰੱਖ ਲਈ ਹੈ ।੩।
ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥
ਹੇ ਭਾਈ! ਜਿਸ ਜਿਸ ਮਨੁੱਖ ਨੇ (ਗੁਰੂ ਦਾ) ਦਰਸਨ ਕੀਤਾ ਹੈ, ਉਹਨਾਂ ਨੂੰ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਗਿਆ, ਉਹਨਾਂ ਨੂੰ ਆਤਮਕ ਜੀਵਨ ਦੀ ਸੂਝ ਪ੍ਰਾਪਤ ਹੋ ਗਈ, ਪ੍ਰਭੂ ਦਾ ਨਾਮ ਸੁਣ ਸੁਣ ਕੇ ਉਹ ਮਨੁੱਖ (ਵਿਕਾਰਾਂ ਦੇ ਹੱਲਿਆਂ ਤੋਂ) ਬਚ ਗਏ ।
ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥੪॥੧੩॥੨੪॥
ਹੇ ਨਾਨਕ! ਜਿਸ ਮਨੁੱਖ ਉਤੇ ਪਿਆਰਾ ਪ੍ਰਭੂ ਦਇਆਵਾਨ ਹੋਇਆ ਉਹ ਮਨੁੱਖ ਆਤਮਕ ਅਨੰਦ ਨਾਲ ਪ੍ਰਭੂ-ਚਰਨਾਂ ਵਿਚ ਲੀਨ ਹੋ ਗਿਆ ।੪।੧੩।੨੪।
ਸੋਰਠਿ ਮਹਲਾ ੫ ॥
ਸੋਰਠਿ ਪੰਜਵੀਂ ਪਾਤਿਸ਼ਾਹੀ।
ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨ, ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ
ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥
ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੰੁਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ।੧।
ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥
ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ ।
ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ ।ਰਹਾਉ।
ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ ।