Sri Guru Granth Sahib Ji — Ang 646 (punjabi)
ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥
ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ;
ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥
ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ ।
ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥
ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਸਹਜੇ ਜਾਗੈ ਸਹਜੇ ਸੋਵੈ ॥
ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ
ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥
ਉਸ ਨੂੰ ਹਰ ਰੋਜ਼ (ਭਾਵ, ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ ।
ਮਨਮੁਖ ਭਰਮੈ ਸਹਸਾ ਹੋਵੈ ॥
ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ;
ਅੰਤਰਿ ਚਿੰਤਾ ਨੀਦ ਨ ਸੋਵੈ ॥
ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ
ਗਿਆਨੀ ਜਾਗਹਿ ਸਵਹਿ ਸੁਭਾਇ ॥
ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ
ਨਾਨਕ ਨਾਮਿ ਰਤਿਆ ਬਲਿ ਜਾਉ ॥੨॥
ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ
ਪਉੜੀ ॥
pauVI[
ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥
ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨ, ਉਹ ਉਸ ਦਾ ਨਾਮ ਸਿਮਰਦੇ ਹਨ;
ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥
ਉਸ ਇੱਕ ਹਰੀ ਨੂੰ ਧਿਆਉਂਦੇ ਹਨ; ਜੋ ਸਦਾ ਕਾਇਮ ਰਹਿਣ ਵਾਲਾ ਹੈ,
ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥
ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ
ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥
ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ ।
ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥
ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ ।
ਸਲੋਕ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥
ਜਿਸ ਗਿਆਨ ਨਾਲ ਕੁਝ ਸਮਝ ਪੈਣੀ ਸੀ ਉਹ ਗਿਆਨ ਤਾਂ ਅੰਦਰ ਪਰਗਟ ਨਹੀਂ ਹੋਇਆ,
ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥
ਫਿਰ ਜਿਸ (ਹਰੀ) ਨੂੰ ਵੇਖਿਆ ਨਹੀਂ ਉਸ ਦੀ ਉਸਤਤਿ ਕਿਵੇਂ ਹੋ ਸਕੇ? ਗਿਆਨ-ਹੀਨ ਮਨੁੱਖ ਅਗਿਆਨਤਾ ਦੀ ਕਮਾਈ ਹੀ ਕਰਦਾ ਹੈ
ਨਾਨਕ ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥੧॥
ਹੇ ਨਾਨਕ! ਜੇ ਸਤਿਗੁਰੂ ਦੇ ਸ਼ਬਦ ਨੂੰ ਪਛਾਣੀਏ ਤਾਂ ਹਰੀ ਦਾ ਨਾਮ ਮਨ ਵਿਚ ਆ ਵੱਸਦਾ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥
ਕੇਵਲ ਬਾਣੀ ਹੀ ਪ੍ਰਮਾਣੀਕ ਗੁਰੂ ਹੈ, ਗੁਰੂ ਦੇ ਸ਼ਬਦ ਨੂੰ ਹੀ ਵਿਚਾਰੋ—
ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥
ਇਹੀ ਸਦਾ-ਥਿਰ ਰਹਿਣ ਵਾਲਾ ਸੌਦਾ ਹੈ, ਇਹੀ ਸੱਚਾ ਹੱਟ ਹੈ ਜਿਸ ਵਿਚ ਰਤਨਾਂ ਦੇ ਭੰਡਾਰੇ ਭਰੇ ਪਏ ਹਨ,
ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥
ਜੇ ਦੇਣ ਵਾਲਾ (ਹਰੀ) ਦੇਵੇ ਤਾਂ (ਇਹ ਖ਼ਜ਼ਾਨੇ) ਸਤਿਗੁਰੂ ਦੀ ਕਿਰਪਾ ਨਾਲ ਮਿਲਦੇ ਹਨ ।
ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥
ਜਿਸ ਮਨੁੱਖ ਨੇ ਇਹ ਸੱਚਾ ਸੌਦਾ (ਕਰ ਕੇ) ਬੇਅੰਤ ਪ੍ਰਭੂ ਦਾ ਨਾਮ ਲਾਭ ਖੱਟਿਆ ਹੈ,
ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥
ਉਸ ਨੂੰ (ਮਾਇਆ) ਜ਼ਹਿਰ ਵਿਚ ਵਰਤਦਿਆਂ ਹੀ ਨਾਮ-ਅੰਮ੍ਰਿਤ ਮਿਲ ਪੈਂਦਾ ਹੈ, ਪਰ ਇਹ ਅੰਮ੍ਰਿਤ ਪਿਲਾਣ ਵਾਲਾ ਪ੍ਰਭੂ ਆਪਣੀ ਮੇਹਰ ਨਾਲ ਹੀ ਪਿਲਾਂਦਾ ਹੈ
ਨਾਨਕ ਸਚੁ ਸਲਾਹੀਐ ਧੰਨੁ ਸਵਾਰਣਹਾਰੁ ॥੨॥
ਹੇ ਨਾਨਕ! ਉਸ ਸਲਾਹੁਣ-ਜੋਗ ਪਰਮਾਤਮਾ ਨੂੰ ਸਿਮਰੀਏ ਜੋ (ਜੀਵਾਂ ਨੂੰ ਨਾਮ ਦੀ ਦਾਤਿ ਦੇ ਕੇ) ਸਵਾਰਦਾ ਹੈ ।੨।
ਪਉੜੀ ॥
pauVI[
ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥
ਜਿਨ੍ਹਾਂ ਦੇ ਹਿਰਦੇ ਵਿਚ ਕੂੜ ਵਰਤਦਾ ਹੈ, ਉਹਨਾਂ ਨੂੰ ਸੱਚ ਚੰਗਾ ਨਹੀਂ ਲੱਗਦਾ;
ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥
ਜੇ ਕੋਈ ਮਨੁੱਖ ਸੱਚ ਬੋਲੇ, ਤਾਂ ਝੂਠਾ (ਸੁਣ ਕੇ) ਸੜ ਬਲ ਜਾਂਦਾ ਹੈ;
ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥
ਝੂਠ ਦਾ ਵਪਾਰੀ ਝੂਠ ਵਿਚ ਹੀ ਪ੍ਰਸੰਨ ਹੁੰਦਾ ਹੈ, ਜਿਵੇਂ ਕਾਂ ਵਿਸ਼ਟਾ ਖਾਂਦਾ ਹੈ (ਤੇ ਪ੍ਰਸੰਨ ਹੁੰਦਾ ਹੈ) ।
ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥
ਜਿਸ ਮਨੁੱਖ ਤੇ ਹਰੀ ਦਇਆਲ ਹੋਵੇ, ਉਹ ਨਾਮ ਜਪਦਾ ਹੈ
ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥੧੦॥
ਜੇ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਦਾ ਨਾਮ ਅਰਾਧੀਏ, ਤਾਂ ਕੂੜ ਤੇ ਪਾਪ ਲਹਿ ਜਾਂਦਾ ਹੈ ।੧੦।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ
ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ
ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥
ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;
ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥
ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ;
ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥
ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ
ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ
ਮਃ ੩ ॥
ਤੀਜੀ ਪਾਤਿਸ਼ਾਹੀ।
ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥
ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ;
ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥
ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨।
ਪਉੜੀ ॥
pauVI[
ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥
ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ
ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥
ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ;
ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥
ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ ।
ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥
ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ ।
ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।