Sri Guru Granth Sahib Ji — Ang 665 (punjabi)
ਪ੍ਰਭ ਸਾਚੇ ਕੀ ਸਾਚੀ ਕਾਰ ॥
ਹੇ ਨਾਨਕ! ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਇਹ ਅਟੱਲ ਮਰਯਾਦਾ
ਨਾਨਕ ਨਾਮਿ ਸਵਾਰਣਹਾਰ ॥੪॥੪॥
ਹੈ ਕਿ ਉਹ ਆਪਣੇ ਨਾਮ ਵਿਚ ਜੋੜ ਕੇ ਜੀਵਾਂ ਦੇ ਜੀਵਨ ਸੋਹਣੇ ਬਣਾ ਦੇਣ ਵਾਲਾ ਹੈ ।੪।੪।
ਧਨਾਸਰੀ ਮਹਲਾ ੩ ॥
ਧਨਾਸਰੀ ਤੀਜੀ ਪਾਤਿਸ਼ਾਹੀ।
ਜੋ ਹਰਿ ਸੇਵਹਿ ਤਿਨ ਬਲਿ ਜਾਉ ॥
ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ ।
ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥
ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ ।
ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥
ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ
ਸਾਚੈ ਸਬਦਿ ਵਸੈ ਮਨਿ ਆਇ ॥੧॥
ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ ।੧।
ਗੁਰਬਾਣੀ ਸੁਣਿ ਮੈਲੁ ਗਵਾਏ ॥
ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ
ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥
(ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ ।੧।ਰਹਾਉ।
ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥
ਹੇ ਭਾਈ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤਿ®ਸ਼ਨਾ ਦੀ ਅੱਗ ਬੁਝਾ ਦੇਂਦੀ ਹੈ
ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥
(ਗੁਰਬਾਣੀ ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ।
ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥
ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜ਼ਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ,
ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥
ਤਦੋਂ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਥਿਰ ਰਹਿਣ ਵਾਲਾ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ) ।੨।
ਨ ਸਬਦੁ ਬੂਝੈ ਨ ਜਾਣੈ ਬਾਣੀ ॥
ਹੇ ਭਾਈ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹ
ਮਨਮੁਖਿ ਅੰਧੇ ਦੁਖਿ ਵਿਹਾਣੀ ॥
ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ ਗੁਜ਼ਰਦੀ ਹੈ ।
ਸਤਿਗੁਰੁ ਭੇਟੇ ਤਾ ਸੁਖੁ ਪਾਏ ॥
ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ,
ਹਉਮੈ ਵਿਚਹੁ ਠਾਕਿ ਰਹਾਏ ॥੩॥
ਗੁਰੂ ਉਸ ਦੇ ਮਨ ਵਿਚੋਂ ਹਉਮੈ ਮਾਰ ਮੁਕਾਂਦਾ ਹੈ ।
ਕਿਸ ਨੋ ਕਹੀਐ ਦਾਤਾ ਇਕੁ ਸੋਇ ॥
ਪਰ, ਹੇ ਭਾਈ! (ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ
ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥
ਸਿਰਫ਼ ਪਰਮਾਤਮਾ ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ । ਜਦੋਂ ਪਰਮਾਤਮਾ (ਇਹ) ਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ
ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥
ਹੇ ਨਾਨਕ! (ਆਖ—ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-ਗੁਰੂ ਨੂੰ ਮਿਲ ਕੇ ਸਦਾ-ਥਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ,
ਨਾਨਕ ਸਾਚੇ ਸਾਚਾ ਭਾਵਾ ॥੪॥੫॥
ਸਦਾ-ਥਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ ।੪।੫।
ਧਨਾਸਰੀ ਮਹਲਾ ੩ ॥
ਧਨਾਸਰੀ ਤੀਜੀ ਪਾਤਿਸ਼ਾਹੀ।
ਮਨੁ ਮਰੈ ਧਾਤੁ ਮਰਿ ਜਾਇ ॥
ਹੇ ਭਾਈ! ਉਸ ਹਰਿ-ਨਾਮ ਦੀ ਬਰਕਤਿ ਨਾਲ ਮਨੁੱਖ ਦਾ) ਮਨ ਵਿਕਾਰਾਂ ਦਾ ਅਸਰ ਨਹੀਂ ਕਬੂਲਦਾ, ਮਨ ਦੀ ਤਿ®ਸ਼ਨਾ ਮੁੱਕ ਜਾਂਦੀ ਹੈ
ਬਿਨੁ ਮਨ ਮੂਏ ਕੈਸੇ ਹਰਿ ਪਾਇ ॥
ਜਦ ਤਕ ਮਨ ਵਿਕਾਰਾਂ ਵਲੋਂ ਅਛੋਹ ਨਹੀਂ ਹੁੰਦਾ, ਮਨੁੱਖ ਪਰਮਾਤਮਾ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦਾ ।
ਇਹੁ ਮਨੁ ਮਰੈ ਦਾਰੂ ਜਾਣੈ ਕੋਇ ॥
ਹੇ ਭਾਈ! ਕੋਈ ਵਿਰਲਾ ਮਨੁੱਖ ਉਹ ਦਵਾਈ ਜਾਣਦਾ ਹੈ, ਜਿਸ ਦੇ ਵਰਤਣ ਨਾਲ ਇਹ ਮਨ ਵਿਕਾਰਾਂ ਦਾ ਅਸਰ ਕਬੂਲਣੋਂ ਹਟ ਜਾਏ ।
ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ) ਉਹ ਮਨੁੱਖ ਸਮਝ ਲੈਂਦਾ ਹੈ ਕਿ ਗੁਰੂ ਦੇ ਸ਼ਬਦ ਵਿਚ ਜੁੜਿਆਂ ਮਨ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ ।੧।
ਜਿਸ ਨੋ ਬਖਸੇ ਹਰਿ ਦੇ ਵਡਿਆਈ ॥
ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਬਖ਼ਸ਼ਸ਼ ਕਰਦਾ ਹੈ, ਜਿਸ ਨੂੰ ਇੱਜ਼ਤ ਦੇਂਦਾ ਹੈ,
ਗੁਰ ਪਰਸਾਦਿ ਵਸੈ ਮਨਿ ਆਈ ॥ ਰਹਾਉ ॥
ਉਸ ਮਨੁੱਖ ਦੇ ਮਨ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ ।ਰਹਾਉ।
ਗੁਰਮੁਖਿ ਕਰਣੀ ਕਾਰ ਕਮਾਵੈ ॥
ਹੇ ਭਾਈ! ਜਦੋਂ ਮਨੁੱਖ ਗੁਰੂ ਦੀ ਸਰਨ ਪੈ ਕੇ (ਗੁਰੂ ਵਲੋਂ ਮਿਲੀ) ਕਰਨ-ਜੋਗ ਕਾਰ ਕਰਨੀ ਸ਼ੁਰੂ ਕਰ ਦੇਂਦਾ ਹੈ,
ਤਾ ਇਸੁ ਮਨ ਕੀ ਸੋਝੀ ਪਾਵੈ ॥
ਤਦੋਂ ਉਸ ਨੂੰ ਇਸ ਮਨ (ਨੂੰ ਵੱਸ ਵਿਚ ਰੱਖਣ) ਦੀ ਸਮਝ ਆ ਜਾਂਦੀ ਹੈ ।
ਮਨੁ ਮੈ ਮਤੁ ਮੈਗਲ ਮਿਕਦਾਰਾ ॥
ਤਦੋਂ ਮਨੁੱਖ ਸਮਝ ਲੈਂਦਾ ਹੈ ਕਿ) ਮਨ (ਹਉਮੈ ਦੇ) ਨਸ਼ੇ ਵਿਚ ਮਸਤ ਹੋ ਕੇ (ਮਸਤ) ਹਾਥੀ ਵਰਗਾ ਹੋਇਆ ਰਹਿੰਦਾ ਹੈ,
ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥
ਗੁਰੂ ਹੀ (ਆਪਣੇ ਸ਼ਬਦ ਦਾ) ਕੁੰਡਾ ਵਰਤ ਕੇ (ਵਿਕਾਰਾਂ ਵਿਚ ਆਤਮਕ ਮੌਤੇ ਮਰੇ ਹੋਏ ਮਨ ਨੂੰ) ਆਤਮਕ ਜੀਵਨ ਦੇਣ ਦੀ ਸਮਰਥਾ ਰੱਖਦਾ ਹੈ ।
ਮਨੁ ਅਸਾਧੁ ਸਾਧੈ ਜਨੁ ਕੋਈ ॥
ਹੇ ਭਾਈ! ਇਹ ਮਨ ਬੜੀ ਮੁਸ਼ਕਿਲ ਨਾਲ ਵੱਸ ਵਿਚ ਆਉਂਦਾ ਹੈ, ਕੋਈ ਵਿਰਲਾ ਮਨੁੱਖ ਇਸ ਨੂੰ ਵੱਸ ਵਿਚ ਲਿਆਉਂਦਾ ਹੈ ।
ਅਚਰੁ ਚਰੈ ਤਾ ਨਿਰਮਲੁ ਹੋਈ ॥
ਜਦੋਂ ਮਨੁੱਖ (ਗੁਰੂ ਦੀ ਸਰਨ ਪੈ ਕੇ ਮਨ ਦੇ) ਅਸਾਧ ਰੋਗ (ਕਾਮਾਦਿਕ) ਨੂੰ ਮੁਕਾ ਲੈਂਦਾ ਹੈ, ਤਦੋਂ (ਇਸ ਦਾ ਮਨ) ਪਵਿੱਤਰ ਹੋ ਜਾਂਦਾ ਹੈ ।
ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥
ਗੁਰੂ ਦੀ ਸਰਨ ਪਏ ਰਹਿਣ ਵਾਲਾ ਮਨੁੱਖ ਇਸ ਮਨ ਨੂੰ ਸੋਹਣਾ ਬਣਾ ਲੈਂਦਾ ਹੈ,
ਹਉਮੈ ਵਿਚਹੁ ਤਜੈ ਵਿਕਾਰ ॥੩॥
ਤੇ ਆਪਣੇ ਅੰਦਰੋਂ ਹਉਮੈ ਆਦਿਕ ਵਿਕਾਰਾਂ ਨੂੰ ਕੱਢ ਦੇਂਦਾ ਹੈ
ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਉਸ (ਪਰਮਾਤਮਾ) ਨੇ ਧੁਰ ਤੋਂ ਹੀ ਆਪਣੇ ਚਰਨਾਂ ਵਿਚ ਜੋੜ ਰੱਖਿਆ ਹੈ
ਕਦੇ ਨ ਵਿਛੁੜਹਿ ਸਬਦਿ ਸਮਾਇ ॥
ਉਹ ਗੁਰੂ ਦੇ ਸ਼ਬਦ ਵਿਚ ਲੀਨ ਰਹਿ ਕੇ ਕਦੇ ਭੀ (ਪ੍ਰਭੂ ਤੋਂ) ਨਹੀਂ ਵਿਛੁੜਦੇ
ਆਪਣੀ ਕਲਾ ਆਪੇ ਪ੍ਰਭੁ ਜਾਣੈ ॥
ਪਰ, ਹੇ ਭਾਈ! ਪ੍ਰਭੂ ਆਪ ਹੀ ਆਪਣੀ ਗੁੱਝੀ ਤਾਕਤ ਜਾਣਦਾ ਹੈ (ਕਿ ਕਿਸ ਨੂੰ ਉਹ ਆਪਣੇ ਨਾਲ ਜੋੜੀ ਰੱਖਦਾ ਹੈ)
ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੬॥
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਨਾਲ ਸਾਂਝ ਬਣਾਈ ਰੱਖਦਾ ਹੈ ।੪।੬।
ਧਨਾਸਰੀ ਮਹਲਾ ੩ ॥
ਧਨਾਸਰੀ ਤੀਜੀ ਪਾਤਿਸ਼ਾਹੀ।
ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥
ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ
ਮਨਮੁਖ ਭੂਲੇ ਅੰਧ ਗਾਵਾਰ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ ।
ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥
ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ
ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥
ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ ।੧।
ਸਾਚਾ ਧਨੁ ਗੁਰਮਤੀ ਪਾਏ ॥
ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ ।
ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥
ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ ।ਰਹਾਉ।
ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ
ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥
ਸੰਸਾਰ-ਸਮੰੁਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ)
ਸਤਿਗੁਰੁ ਭੇਟੇ ਪੂਰੈ ਭਾਗਿ ॥
ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ
ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥
ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ ।੨।
ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥
ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ),
ਪੂਰੈ ਭਾਗਿ ਹਰਿ ਨਾਮਿ ਸਮਾਣੀ ॥
ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ।
ਸਿਧ ਸਾਧਿਕ ਤਰਸਹਿ ਸਭਿ ਲੋਇ ॥
ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ,
ਪੂਰੈ ਭਾਗਿ ਪਰਾਪਤਿ ਹੋਇ ॥੩॥
ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ ।
ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥
ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ®-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ,
ਊਤਮ ਬ੍ਰਹਮੁ ਪਛਾਣੈ ਕੋਇ ॥
ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ ।
ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥
। ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ ।