Sri Guru Granth Sahib Ji — Ang 720 (punjabi)
ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥
ਹੇ ਭਾਈ! (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ ।
ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਹੇ ਨਾਨਕ! (ਆਖ—ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ।੨।੩।
ਬੈਰਾੜੀ ਮਹਲਾ ੪ ॥
ਬੈਰਾੜੀ ਚੌਥੀ ਪਾਤਿਸ਼ਾਹੀ।
ਜਪਿ ਮਨ ਰਾਮ ਨਾਮੁ ਨਿਸਤਾਰਾ ॥
ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, (ਇਹ ਨਾਮ ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਕਰ ਦੇਂਦਾ ਹੈ
ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥
(ਪਰਮਾਤਮਾ ਦਾ ਨਾਮ) ਅਨੇਕਾਂ ਜੂਨਾਂ ਦੇ (ਕੀਤੇ ਸਾਰੇ ਪਾਪ ਨਾਸ ਕਰ ਦੇਂਦਾ ਹੈ, ਪਰਮਾਤਮਾ (ਸਿਮਰਨ ਕਰਨ ਵਾਲੇ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ।੧।ਰਹਾਉ।
ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥
(ਹੇ ਭਾਈ!) ਮਾਲਕ-ਪ੍ਰਭੂ (ਸਾਡੇ) ਸਰੀਰ-ਸ਼ਹਰ ਵਿਚ ਵੱਸਦਾ ਹੈ, (ਫਿਰ ਭੀ) ਉਸ ਨੂੰ ਕੋਈ ਡਰ ਨਹੀਂ ਪੋਂਹਦਾ, ਉਸ ਨੂੰ ਕਿਸੇ ਨਾਲ ਵੈਰ ਨਹੀਂ, ਉਸ ਦਾ ਕੋਈ ਖ਼ਾਸ ਆਕਾਰ ਨਹੀਂ
ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥
ਪਰਮਾਤਮਾ (ਸਦਾ ਸਾਡੇ) ਨੇੜੇ ਵੱਸਦਾ ਹੈ, (ਪਰ ਸਾਨੂੰ) ਦਿੱਸਦਾ ਨਹੀਂ (ਹਾਂ,) ਗੁਰੂ ਦੀ ਬਖ਼ਸ਼ੀ ਸੂਝ ਨਾਲ ਉਹ ਹਰੀ ਲੱਭ ਪੈਂਦਾ ਹੈ ।੧।
ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥
(ਗੁਰੂ ਦੀ ਬਖ਼ਸ਼ੀ ਮਤਿ ਨਾਲ ਇਹ ਸਮਝ ਆ ਜਾਂਦੀ ਹੈ ਕਿ) ਪਰਮਾਤਮਾ ਆਪ ਹੀ ਹੀਰਾ ਹੈ ਆਪ ਹੀ ਰਤਨ ਹੈ, ਆਪ ਹੀ (ਇਸ ਨੂੰ ਵਿਹਾਝਣ ਵਾਲਾ) ਸ਼ਾਹ ਹੈ ਸਰਾਫ਼ ਹੈ, ਉਸ ਨੇ ਆਪ ਹੀ ਇਹ ਜਗਤ ਦਾ ਖਿਲਾਰਾ ਰਚਿਆ ਹੋਇਆ ਹੈ
ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪॥
ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਹ ਮਨੁੱਖ ਉਸ ਦਾ ਨਾਮ ਵਿਹਾਝਦਾ ਹੈ, ਉਹ ਮਨੁੱਖ (ਨਾਮ-ਰਤਨ ਦਾ) ਸਾਹੂਕਾਰ ਬਣ ਜਾਂਦਾ ਹੈ, ਉਹ ਸਦਾ ਲਈ (ਇਸ ਨਾਮ-ਰਤਨ ਦਾ) ਵਣਜ ਕਰਦਾ ਰਹਿੰਦਾ ਹੈ ।੨।੪।
ਬੈਰਾੜੀ ਮਹਲਾ ੪ ॥
ਬੈਰਾੜੀ ਚੌਥੀ ਪਾਤਿਸ਼ਾਹੀ।
ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥
ਹੇ (ਮੇਰੇ) ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ
ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥੧॥ ਰਹਾਉ ॥
ਹੇ ਮਨ! ਜਿਸ (ਪ੍ਰਭੂ ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਜਿਸ (ਦੇ ਸਰੂਪ ਦਾ) ਹੱਦ-ਬੰਨਾ ਨਹੀਂ ਲੱਭਦਾ, ਉਸ ਸੁਖਾਂ ਦੇ ਦੇਣ ਵਾਲੇ ਨੂੰ ਸਦਾ ਹੀ ਸਿਮਰਨਾ ਚਾਹੀਦਾ ਹੈ ।੧।ਰਹਾਉ।
ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥
ਹੇ ਮਨ! ਜਦੋਂ ਜੀਵ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਪੁੱਠਾ ਲਟਕਿਆ ਹੋਇਆ (ਉਸ ਦੇ ਚਰਨਾਂ ਵਿਚ) ਸੁਰਤਿ ਜੋੜੀ ਰੱਖਦਾ ਹੈ (ਤਦੋਂ) ਪਰਮਾਤਮਾ (ਮਾਂ ਦੇ) ਪੇਟ ਵਿਚ ਉਸ ਦੀ ਰੱਖਿਆ ਕਰਦਾ ਹੈ
ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥
ਹੇ ਮੇਰੇ ਮਨ! ਇਹੋ ਜਿਹੀ ਸਮਰਥਾ ਵਾਲੇ ਪ੍ਰਭੂ ਦੀ ਸਦਾ ਸੇਵਾ-ਭਗਤੀ ਕਰਿਆ ਕਰ, ਅਖ਼ੀਰ ਵੇਲੇ ਭੀ ਉਹੀ ਪ੍ਰਭੂ ਛਡਾ ਸਕਣ ਵਾਲਾ ਹੈ ।੧।
ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਸੱਚਾ ਵੱਸਿਆ ਰਹਿੰਦਾ ਹੈ, ਹੇ ਮੇਰੇ ਮਨ! ਉਸ ਮਨੁੱਖ ਅੱਗੇ ਸਦਾ ਸਿਰ ਨਿਵਾਇਆ ਕਰ
ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥
ਹੇ ਨਾਨਕ! (ਆਖ—ਹੇ ਮਨ!) ਪਰਮਾਤਮਾ ਦੀ ਕਿਰਪਾ ਨਾਲ ਹੀ ਪਰਮਾਤਮਾ ਦੇ ਨਾਮ ਦਾ ਜਾਪ ਪ੍ਰਾਪਤ ਹੁੰਦਾ ਹੈ (ਜਿਸ ਨੂੰ ਪ੍ਰਾਪਤ ਹੋ ਜਾਂਦਾ ਹੈ) ਨਾਮ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ ।੨।੫।
ਬੈਰਾੜੀ ਮਹਲਾ ੪ ॥
ਬੈਰਾੜੀ ਚੌਥੀ ਪਾਤਿਸ਼ਾਹੀ।
ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥
ਹੇ (ਮੇਰੇ) ਮਨ! ਸਦਾ ਪ੍ਰਭੂ ਦਾ ਨਾਮ ਜਪਿਆ ਕਰ, ਪ੍ਰਭੂ ਦਾ ਧਿਆਨ ਧਰਿਆ ਕਰ
ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥
ਉਸ ਪ੍ਰਭੂ ਦੇ ਦਰ ਤੋਂ) ਜੋ ਕੁਝ ਮੰਗੇਂਗਾ, ਉਹੀ ਪ੍ਰਾਪਤ ਕਰ ਲਏਂਗਾ । ਕੋਈ ਦੁੱਖ ਭੀ ਆ ਕੇ ਤੈਨੂੰ ਪੋਹ ਨਹੀਂ ਸਕੇਗਾ ।੧।ਰਹਾਉ।
ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥
ਹੇ ਮਨ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਨਾਲ ਪ੍ਰੀਤਿ ਬਣੀ ਰਹਿੰਦੀ ਹੈ, ਉਹ ਸਿਮਰਨ ਹੀ ਜਪ ਹੈ, ਉਹ ਸਿਮਰਨ ਹੀ ਤਪ ਹੈ, ਉਹ ਸਿਮਰਨ ਹੀ ਵਰਤ ਹੈ, ਉਹ ਸਿਮਰਨ ਹੀ ਪੂਜਾ ਹੈ
ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥
ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਹੋਰ (ਜਪ ਤਪ ਆਦਿਕ ਦਾ) ਪਿਆਰ ਝੂਠਾ ਹੈ, ਇਕ ਛਿਨ ਵਿਚ ਹੀ ਉਹ ਪਿਆਰ ਭੁੱਲ ਜਾਂਦਾ ਹੈ ।੧।
ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥
ਹੇ ਨਾਨਕ! (ਆਖ—) ਹੇ ਪ੍ਰਭੂ ਜੀ! ਤੂੰ ਬੇਅੰਤ ਹੈਂ, ਤੂੰ ਸਾਰੀਆਂ ਤਾਕਤਾਂ ਨਾਲ ਭਰਪੂਰ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ
ਨਾਨਕ ਸਰਣਿ ਤੁਮੑਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥
ਮੈਂ (ਨਾਨਕ) ਤੇਰੀ ਸਰਨ ਆਇਆ ਹਾਂ, ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ ਆਪਣੇ ਚਰਨਾਂ ਤੋਂ ਬਿਨਾ ਹੋਰ ਹੋਰ ਪ੍ਰੀਤਿ ਤੋਂ ਬਚਾਈ ਰੱਖ ।੨।੬।
ਰਾਗੁ ਬੈਰਾੜੀ ਮਹਲਾ ੫ ਘਰੁ ੧
ਰਾਗੁ ਬੈਰਾੜੀ। ਪੰਜਵੀਂ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥
ਹੇ ਭਾਈ! ਜਿਸ ਭੀ ਮਨੁੱਖ ਨੇ ਗੁਰਮੁਖਾਂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਹੈ
ਕੋਟਿ ਜਨਮ ਕੇ ਦੂਖ ਗਵਾਇਓ ॥੧॥ ਰਹਾਉ ॥
ਉਸ ਨੇ ਆਪਣੇ ਕੋ®ੜਾਂ ਜਨਮਾਂ ਦੇ ਦੁੱਖ ਦੂਰ ਕਰ ਲਏ ਹਨ ।੧।ਰਹਾਉ।
ਜੋ ਚਾਹਤ ਸੋਈ ਮਨਿ ਪਾਇਓ ॥
ਹੇ ਭਾਈ! ਸਿਫ਼ਤਿ-ਸਾਲਾਹ ਕਰਨ ਵਾਲੇ ਮਨੁੱਖ ਨੇ ਜੋ ਕੁਝ ਭੀ ਆਪਣੇ ਮਨ ਵਿਚ ਚਾਹ ਕੀਤੀ, ਉਸ ਨੂੰ ਉਹੀ ਪ੍ਰਾਪਤ ਹੋ ਗਈ
ਕਰਿ ਕਿਰਪਾ ਹਰਿ ਨਾਮੁ ਦਿਵਾਇਓ ॥੧॥
(ਗੁਰੂ ਨੇ) ਕਿਰਪਾ ਕਰ ਕੇ ਉਸ ਨੂੰ (ਪ੍ਰਭੂ ਦੇ ਦਰ ਤੋਂ) ਪ੍ਰਭੂ ਦਾ ਨਾਮ ਭੀ ਦਿਵਾ ਦਿੱਤਾ ।
ਸਰਬ ਸੂਖ ਹਰਿ ਨਾਮਿ ਵਡਾਈ ॥
ਹੇ ਭਾਈ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ) ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ, (ਲੋਕ ਪਰਲੋਕ ਵਿਚ) ਇੱਜ਼ਤ (ਭੀ ਮਿਲ ਜਾਂਦੀ ਹੈ)
ਗੁਰ ਪ੍ਰਸਾਦਿ ਨਾਨਕ ਮਤਿ ਪਾਈ ॥੨॥੧॥੭॥
ਹੇ ਨਾਨਕ! (ਪ੍ਰਭੂ ਦੇ ਨਾਮ ਵਿਚ ਜੁੜਨ ਦੀ ਇਹ) ਅਕਲ ਗੁਰੂ ਦੀ ਕਿਰਪਾ ਨਾਲ ਹੀ ਮਿਲਦੀ ਹੈ ।੨।੧।੭।