Sri Guru Granth Sahib Ji — Ang 771 (punjabi)
ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥
ਹੇ ਪ੍ਰਭੂ! ਜੇਹੜੇ ਮਨੁੱਖ ਤੇਰੇ ਗੁਣ ਗਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ । ਗੁਰੂ ਆਪਣੇ ਸ਼ਬਦ ਦੀ ਰਾਹੀਂ ਉਹਨਾਂ ਨੂੰ (ਹੇ ਪ੍ਰਭੂ!) ਤੇਰੇ ਚਰਨਾਂ ਵਿਚ ਜੋੜ ਦੇਂਦਾ ਹੈ ।
ਨਾਨਕ ਸਫਲ ਜਨਮੁ ਤਿਨ ਕੇਰਾ ਜਿ ਸਤਿਗੁਰਿ ਹਰਿ ਮਾਰਗਿ ਪਾਏ ॥੨॥
ਹੇ ਨਾਨਕ! ਉਹਨਾਂ ਮਨੁੱਖਾਂ ਦਾ ਜਨਮ ਕਾਮਯਾਬ ਹੋ ਜਾਂਦਾ ਹੈ, ਜਿਨ੍ਹਾਂ ਨੂੰ ਗੁਰੂ ਪਰਮਾਤਮਾ ਦੇ ਰਸਤੇ ਉਤੇ ਤੋਰ ਦਿੰਦਾ ਹੈ ।੨।
ਸੰਤਸੰਗਤਿ ਸਿਉ ਮੇਲੁ ਭਇਆ ਹਰਿ ਹਰਿ ਨਾਮਿ ਸਮਾਏ ਰਾਮ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਸਾਧ ਸੰਗਤਿ ਨਾਲ ਮਿਲਾਪ ਹੋ ਜਾਂਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ ।
ਗੁਰ ਕੈ ਸਬਦਿ ਸਦ ਜੀਵਨ ਮੁਕਤ ਭਏ ਹਰਿ ਕੈ ਨਾਮਿ ਲਿਵ ਲਾਏ ਰਾਮ ॥
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ ਉਹ ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਹੀ ਮਾਇਆ ਵਲੋਂ ਨਿਰਲੇਪ ਰਹਿੰਦੇ ਹਨ ।
ਹਰਿ ਨਾਮਿ ਚਿਤੁ ਲਾਏ ਗੁਰਿ ਮੇਲਿ ਮਿਲਾਏ ਮਨੂਆ ਰਤਾ ਹਰਿ ਨਾਲੇ ॥
ਜਿਨ੍ਹਾਂ ਨੂੰ ਗੁਰੂ ਨੇ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ, ਉਹਨਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਮਨ ਜੋੜ ਲਿਆ, ਉਹਨਾਂ ਦਾ ਮਨ ਪਰਮਾਤਮਾ ਦੇ (ਪ੍ਰੇਮ-ਰੰਗ) ਨਾਲ ਰੰਗਿਆ ਗਿਆ ।
ਸੁਖਦਾਤਾ ਪਾਇਆ ਮੋਹੁ ਚੁਕਾਇਆ ਅਨਦਿਨੁ ਨਾਮੁ ਸਮੑਾਲੇ ॥
ਉਹਨਾਂ ਨੇ ਹਰ ਵੇਲੇ ਪ੍ਰਭੂ ਦਾ ਨਾਮ ਹਿਰਦੇ ਵਿਚ ਵਸਾ ਕੇ (ਆਪਣੇ ਅੰਦਰੋਂ ਮਾਇਆ ਦਾ) ਮੋਹ ਦੂਰ ਕਰ ਲਿਆ, ਤੇ, ਸਾਰੇ ਸੁਖ ਦੇਣ ਵਾਲੇ ਪਰਮਾਤਮਾ ਨਾਲ ਮਿਲਾਪ ਹਾਸਲ ਕਰ ਲਿਆ ।
ਗੁਰ ਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦਾ ਹੈ, ਉਹ ਹਰਿ-ਨਾਮ ਨੂੰ ਮਨ ਵਿਚ ਵਸਾਈ ਰੱਖਦਾ ਹੈ ।
ਨਾਨਕ ਤਿਨ ਘਰਿ ਸਦ ਹੀ ਸੋਹਿਲਾ ਜਿ ਸਤਿਗੁਰ ਸੇਵਿ ਸਮਾਏ ॥੩॥
ਹੇ ਨਾਨਕ! ਜੇਹੜੇ ਮਨੁੱਖ ਗੁਰੂ ਦੀ ਦੱਸੀ ਸੇਵਾ ਕਰ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ, ਉਹਨਾਂ ਦੇ ਹਿਰਦੇ ਵਿਚ ਸਦਾ ਹੀ ਖ਼ੁਸ਼ੀ ਬਣੀ ਰਹਿੰਦੀ ਹੈ ।੩।
ਬਿਨੁ ਸਤਿਗੁਰ ਜਗੁ ਭਰਮਿ ਭੁਲਾਇਆ ਹਰਿ ਕਾ ਮਹਲੁ ਨ ਪਾਇਆ ਰਾਮ ॥
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਜਗਤ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦਾ ।
ਗੁਰਮੁਖੇ ਇਕਿ ਮੇਲਿ ਮਿਲਾਇਆ ਤਿਨ ਕੇ ਦੂਖ ਗਵਾਇਆ ਰਾਮ ॥
ਪਰ ਕਈ (ਵਡ-ਭਾਗੀ ਐਸੇ ਹਨ, ਜੇਹੜੇ) ਗੁਰੂ ਦੇ ਸਨਮੁਖ (ਰਹਿੰਦੇ ਹਨ, ਉਹਨਾਂ ਨੂੰ ਗੁਰੂ ਨੇ) ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ, ਉਹਨਾਂ ਦੇ ਸਾਰੇ ਦੁੱਖ ਦੂਰ ਕਰ ਦਿੱਤੇ ਹਨ ।
ਤਿਨ ਕੇ ਦੂਖ ਗਵਾਇਆ ਜਾ ਹਰਿ ਮਨਿ ਭਾਇਆ ਸਦਾ ਗਾਵਹਿ ਰੰਗਿ ਰਾਤੇ ॥
ਜਦੋਂ ਉਹ ਪ੍ਰਭੂ ਦੇ ਮਨ ਵਿਚ ਪਿਆਰੇ ਲੱਗਦੇ ਹਨ, ਉਹਨਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਉਹ ਪ੍ਰੇਮ-ਰੰਗ ਵਿਚ ਰੰਗੀਜ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ ।
ਹਰਿ ਕੇ ਭਗਤ ਸਦਾ ਜਨ ਨਿਰਮਲ ਜੁਗਿ ਜੁਗਿ ਸਦ ਹੀ ਜਾਤੇ ॥
ਪਰਮਾਤਮਾ ਦੇ ਉਹ ਭਗਤ ਸਦਾ ਲਈ ਪਵਿਤ® ਜੀਵਨ ਵਾਲੇ ਹੋ ਜਾਂਦੇ ਹਨ, ਉਹ ਹਰੇਕ ਜੁਗ ਵਿਚ ਸਦਾ ਹੀ ਪਰਗਟ ਹੋ ਜਾਂਦੇ ਹਨ ।
ਸਾਚੀ ਭਗਤਿ ਕਰਹਿ ਦਰਿ ਜਾਪਹਿ ਘਰਿ ਦਰਿ ਸਚਾ ਸੋਈ ॥
ਉਹ (ਵਡ-ਭਾਗੀ ਮਨੁੱਖ) ਸਦਾ-ਥਿਰ ਪ੍ਰਭੂ ਦੀ ਭਗਤੀ ਕਰਦੇ ਹਨ, ਉਸ ਦੇ ਦਰ ਤੇ ਇੱਜ਼ਤ ਪਾਂਦੇ ਹਨ, ਉਹਨਾਂ ਦੇ ਹਿਰਦੇ ਵਿਚ ਉਹਨਾਂ ਦੇ ਅੰਦਰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਵੱਸ ਪੈਂਦਾ ਹੈ ।
ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ ਸਬਦੇ ਹੀ ਸੁਖੁ ਹੋਈ ॥੪॥੪॥੫॥
ਹੇ ਨਾਨਕ! ਉਹਨਾਂ ਦੇ ਅੰਦਰ ਸਿਫ਼ਤਿ-ਸਾਲਾਹ ਵਾਲੀ ਬਾਣੀ ਵੱਸੀ ਰਹਿੰਦੀ ਹੈ, ਅਟੱਲ ਖ਼ੁਸ਼ੀ ਬਣੀ ਰਹਿੰਦੀ ਹੈ, ਸ਼ਬਦ ਦੀ ਬਰਕਤਿ ਨਾਲ ਉਹਨਾਂ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ ।੪।੪।੫।
ਸੂਹੀ ਮਹਲਾ ੩ ॥
ਸੂਹੀ ਤੀਜੀ ਪਾਤਿਸ਼ਾਹੀ।
ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥
ਹੇ ਅੰਞਾਣ ਜੀਵ-ਇਸਤ®ੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ ।
ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥
ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ ।
ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥
ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ । ਜੇਹੜੀ ਜੀਵ-ਇਸਤ®ੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ ।
ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥
ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ®ੀ ਪਵਿਤ® ਜੀਵਨ ਵਾਲੀ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ ।
ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥
ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ ।
ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥
ਹੇ ਨਾਨਕ! ਜਿਸ ਜੀਵ-ਇਸਤ®ੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ ।੧।
ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥
ਹੇ ਅੰਞਾਣ ਜੀਵ-ਇਸਤ®ੀਏ! ਜੇਹੜੀ ਜੀਵ-ਇਸਤ®ੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ, ਉਹ ਹਰ ਵੇਲੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ ।
ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥
ਗੁਰੂ ਦੀ ਮਤਿ ਦਾ ਸਦਕਾ ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, (ਉਸ ਦੇ) ਉਸ ਸਰੀਰ ਵਿਚ (ਵਿਕਾਰਾਂ ਦੀ) ਰਤਾ ਭਰ ਭੀ ਮੈਲ ਨਹੀਂ ਹੁੰਦੀ ।
ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥
ਉਸ ਸਰੀਰ ਵਿਚ ਰਤਾ ਭਰ ਭੀ ਮੈਲ ਨਹੀਂ ਹੁੰਦੀ, ਉਹ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀ ਰਹਿੰਦੀ ਹੈ ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ।
ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥
ਉਹ ਜੀਵ-ਇਸਤ®ੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਹਰ ਵੇਲੇ ਆਪਣੇ ਹਰਿ-ਪ੍ਰਭੂ ਨੂੰ ਸਿਮਰਦੀ ਰਹਿੰਦੀ ਹੈ ।
ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥
ਗੁਰੂ ਦੀ ਸਿੱਖਿਆ ਨਾਲ ਉਹ ਪ੍ਰਭੂ ਨੂੰ ਮਿਲ ਪੈਂਦੀ ਹੈ, ਗੁਰੂ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਦੇਂਦਾ ਹੈ, ਉਹ ਆਪਣੇ ਪ੍ਰੀਤਮ-ਪ੍ਰਭੂ ਦੇ ਰੰਗ ਵਿਚ ਰੰਗੀ ਜਾਂਦੀ ਹੈ ।
ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥
ਹੇ ਨਾਨਕ! ਉਸ ਨੂੰ ਹਰਿ-ਨਾਮ ਮਿਲ ਜਾਂਦਾ ਹੈ, ਇੱਜ਼ਤ ਮਿਲ ਜਾਂਦੀ ਹੈ, ਉਹ ਪ੍ਰੇਮ-ਰੰਗ ਵਿਚ ਰੰਗੀ ਹੋਈ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੀ ਹੈ ।੨।
ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥
ਹੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ®ੀਏ! ਜੇਹੜੀ ਜੀਵ-ਇਸਤ®ੀ ਪ੍ਰਭੂ-ਪਤੀ ਨੂੰ ਹਰ ਵੇਲੇ ਸਿਮਰਦੀ ਹੈ,
ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥
ਜਿਸ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਦਿੱਤਾ ਹੈ, ਉਸ ਨੇ ਉਸ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲਈ ਹੈ ਜੇਹੜਾ ਬਹੁਤ ਪਵਿਤ® ਹੈ, ਤੇ, ਸਭ ਦਾਤਾਂ ਦੇਣ ਵਾਲਾ ਹੈ ।
ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥
ਜਦੋਂ ਪ੍ਰਭੂ ਦੀ ਰਜ਼ਾ ਹੁੰਦੀ ਹੈ, ਤਦੋਂ ਜੀਵ-ਇਸਤ®ੀ ਆਪਣੇ ਅੰਦਰੋਂ ਮੋਹ ਦੂਰ ਕਰਦੀ ਹੈ, ਤੇ, ਪ੍ਰਭੂ ਦੇ ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ ।
ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥
ਫਿਰ ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੀ ਰਹਿੰਦੀ ਹੈ, ਅਤੇ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦੀ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।
ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥
ਹੇ ਸਹੇਲੀਏ! ਚੌਹਾਂ ਜੁਗਾਂ ਵਿਚ ਉਹ ਸਦਾ-ਥਿਰ ਪ੍ਰਭੂ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੇ ਭੀ ਉਸ ਦਾ ਮਿਲਾਪ ਪ੍ਰਾਪਤ ਨਹੀਂ ਕੀਤਾ ।