Sri Guru Granth Sahib Ji — Ang 795 (punjabi)
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਹੈ ਉਸ ਦਾ ਸਰੂਪ। ਉਹ ਨਿਡੱਰ, ਦੁਸ਼ਮਣੀ-ਰਹਿਤ, ਅਜਨਮਾ ਅਤੇ ਸਵੈ-ਪ੍ਰਕਾਸ਼ਵਾਨ ਹੈ ਅਤੇ ਗੁਰਾਂ ਦੀ ਦਇਆ ਦੁਆਰਾ ਪਰਾਪਤ ਹੁੰਦਾ ਹੈ।
ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥
ਰਾਗੁ ਬਿਲਾਵਲੁ ਪਹਿਲੀ ਪਾਤਿਸ਼ਾਹੀ। ਚਉਪਦੇ।
ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥
ਹੇ ਪ੍ਰਭੂ! ਤੇਰੀ ਸਿਫ਼ਤਿ-ਸਾਲਾਹ ਕਰ ਕੇ ਮੈਂ ਤੇਰੀ ਵਡਿਆਈ ਨਹੀਂ ਕਰ ਰਿਹਾ, (ਇਹ ਤਾਂ ਇਉਂ ਹੀ ਹੈ ਕਿ) ਤੂੰ ਬਾਦਸ਼ਾਹ ਹੈਂ, ਤੇ ਮੈਂ ਤੈਨੂੰ ਮੀਆਂ ਆਖ ਰਿਹਾ ਹਾਂ ।
ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥
(ਪਰ ਇਤਨੀ ਕੁ ਸਿਫ਼ਤਿ-ਸਾਲਾਹ ਕਰਨੀ ਮੇਰੀ ਆਪਣੀ ਸਮਰੱਥਾ ਨਹੀਂ ਹੈ) ਹੇ ਮਾਲਕ-ਪ੍ਰਭੂ! (ਸਿਫ਼ਤਿ-ਸਾਲਾਹ ਕਰਨ ਦਾ) ਜਿਤਨਾ ਕੁ ਬਲ ਤੰੂ ਦੇਂਦਾ ਹੈਂ ਮੈਂ ਉਤਨਾ ਕੁ ਤੇਰੇ ਗੁਣ ਆਖ ਲੈਂਦਾ ਹਾਂ । ਮੈਂ ਅੰਞਾਣ ਪਾਸੋਂ ਤੇਰੇ ਗੁਣ ਬਿਆਨ ਨਹੀਂ ਹੋ ਸਕਦੇ ।੧।
ਤੇਰੇ ਗੁਣ ਗਾਵਾ ਦੇਹਿ ਬੁਝਾਈ ॥
ਹੇ ਰਜ਼ਾ ਦੇ ਮਾਲਕ-ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ । ਮੈਨੂੰ (ਅਜੇਹੀ) ਸਮਝ ਬਖ਼ਸ਼ ਕਿ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਾਂ,
ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥
ਤੇ, ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮੈਂ ਤੇਰੇ (ਚਰਨਾਂ) ਵਿਚ ਟਿਕਿਆ ਰਹਿ ਸਕਾਂ ।੧।ਰਹਾਉ।
ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥
ਇਹ ਜਿਤਨਾ ਕੁ ਜਗਤ ਬਣਿਆ ਹੋਇਆ ਹੈ ਇਹ ਸਾਰਾ ਤੈਥੋਂ ਹੀ ਬਣਿਆ ਹੈ, ਇਹ ਸਾਰੀ ਤੇਰੀ ਹੀ ਬਜ਼ੁਰਗੀ ਹੈ ।
ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥
ਹੇ ਮਾਲਕ-ਪ੍ਰਭੂ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ । ਮੈਂ ਅੰਨ੍ਹਾ ਹਾਂ (ਤੁੱਛ-ਅਕਲ ਹਾਂ) ਮੇਰੇ ਵਿਚ ਕੋਈ ਐਸੀ ਸਿਆਣਪ ਨਹੀਂ ਹੈ (ਕਿ ਮੈਂ ਤੇਰੇ ਗੁਣਾਂ ਦਾ ਅੰਤ ਜਾਣ ਸਕਾਂ ।੨।
ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥
ਮੈਂ ਤੇਰੇ ਗੁਣ ਬਿਲਕੁਲ ਨਹੀਂ ਕਹਿ ਸਕਦਾ । ਤੇਰੇ ਗੁਣ ਆਖ ਆਖ ਕੇ ਜਦੋਂ ਮੈਂ ਵੇਖਦਾ ਹਾਂ (ਤਾਂ ਮੈਨੂੰ ਸਮਝ ਪੈਂਦੀ ਹੈ ਕਿ) ਤੇਰਾ ਸਰੂਪ ਬਿਆਨ ਤੋਂ ਪਰੇ ਹੈ, ਮੈਂ ਬਿਆਨ ਕਰਨ ਜੋਗਾ ਨਹੀਂ ਹਾਂ ।
ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥
ਤੇਰੀ ਰਤਾ ਮਾਤ® ਵਡਿਆਈ ਭੀ ਜੇਹੜੀ ਮੈਂ ਆਖਦਾ ਹਾਂ ਉਹੀ ਆਖਦਾ ਹਾਂ ਜੋ ਤੈਨੂੰ ਭਾਉਂਦੀ ਹੈ (ਭਾਵ, ਜਿਤਨੀ ਕੁ ਤੂੰ ਬਿਆਨ ਕਰਨ ਲਈ ਆਪ ਹੀ ਸਮਝ ਦੇਂਦਾ ਹੈਂ) ।੩।
ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥
(ਹੇ ਪ੍ਰਭੂ! ਇਥੇ ਕਾਮਾਦਿਕ) ਅਨੇਕਾਂ ਕੁੱਤੇ ਹਨ, ਮੈਂ (ਇਹਨਾਂ ਵਿਚ) Eਪਰਾ (ਆ ਫਸਿਆ) ਹਾਂ, (ਜਿਤਨੀ ਕੁ ਤੇਰੀ ਸਿਫ਼ਤਿ-ਸਾਲਾਹ ਕਰਦਾ ਹਾਂ ਉਹ ਭੀ ਮੈਂ) ਆਪਣੇ ਇਸ ਸਰੀਰ ਨੂੰ (ਕਾਮਾਦਿਕ ਕੁੱਤਿਆਂ ਤੋਂ ਬਚਾਣ ਲਈ ਭੌਂਕਦਾ ਹੀ ਹਾਂ, ਜਿਵੇਂ Eਪਰਾ ਕੁੱਤਾ ਵੈਰੀ ਕੁੱਤਿਆਂ ਤੋਂ ਬਚਣ ਲਈ ਭੌਂਕਦਾ ਹੈ) ।
ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥
(ਮੈਨੂੰ ਇਹ ਧਰਵਾਸ ਹੈ ਕਿ) ਜੇ (ਤੇਰਾ ਦਾਸ) ਨਾਨਕ ਭਗਤੀ ਤੋਂ ਸੱਖਣਾ ਹੈ (ਤਾਂ ਭੀ ਤੂੰ ਮੇਰੇ ਸਿਰ ਤੇ ਰਾਖਾ ਖਸਮ ਹੈਂ, ਤੇ ਤੈਂ) ਖਸਮ ਦੀ ਇਹ ਸੋਭਾ ਦੂਰ ਨਹੀਂ ਹੋ ਗਈ (ਕਿ ਤੂੰ ਮੁੱਢ ਕਦੀਮਾਂ ਤੋਂ ਸਰਨ ਆਏ ਦੀ ਸਹੈਤਾ ਕਰਦਾ ਆਇਆ ਹੈਂ) ।੪।੧।
ਬਿਲਾਵਲੁ ਮਹਲਾ ੧ ॥
ਬਿਲਾਵਲ ਪਹਿਲੀ ਪਾਤਿਸ਼ਾਹੀ।
ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥
ਮੇਰਾ ਮਨ (ਪ੍ਰਭੂ-ਦੇਵ ਦੇ ਰਹਿਣ ਲਈ) ਮੰਦਰ (ਬਣ ਗਿਆ) ਹੈ, ਮੇਰਾ ਸਰੀਰ (ਭਾਵ, ਮੇਰਾ ਹਰੇਕ ਗਿਆਨ-ਇੰਦ®ਾ ਮੰਦਰ ਦੀ ਜਾਤ®ਾ ਕਰਨ ਵਾਲਾ) ਰਮਤਾ ਸਾਧੂ ਬਣ ਗਿਆ ਹੈ (ਭਾਵ, ਮੇਰੇ ਗਿਆਨ-ਇੰਦ®ੇ ਬਾਹਰ ਭਟਕਣ ਦੇ ਥਾਂ ਅੰਦਰ-ਵੱਸਦੇ ਪਰਮਾਤਮਾ ਵਲ ਪਰਤ ਪਏ ਹਨ), ਹੁਣ ਮੈਂ ਹਿਰਦੇ-ਤੀਰਥ ਉਤੇ ਹੀ ਇਸ਼ਨਾਨ ਕਰਦਾ ਹਾਂ ।
ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਮੇਰੀ ਜਿੰਦ ਵਿਚ ਟਿਕ ਗਿਆ ਹੈ (ਮੇਰੀ ਜਿੰਦ ਦਾ ਆਸਰਾ ਬਣ ਗਿਆ । ਇਸ ਵਾਸਤੇ ਮੈਨੂੰ ਯਕੀਨ ਹੋ ਗਿਆ ਹੈ ਕਿ) ਮੈਂ ਮੁੜ ਜਨਮ ਵਿਚ ਨਹੀਂ ਆਵਾਂਗਾ ।੧।
ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥
ਹੇ ਮੇਰੀ ਮਾਂ! (ਮੇਰਾ) ਮਨ ਦਇਆ-ਦੇ-ਘਰ ਪ੍ਰਭੂ (ਦੇ ਚਰਨਾਂ) ਵਿਚ ਵਿੱਝ ਗਿਆ ਹੈ ।
ਕਉਣੁ ਜਾਣੈ ਪੀਰ ਪਰਾਈ ॥
(ਪਰਮਾਤਮਾ ਤੋਂ ਬਿਨਾ) ਕੋਈ ਹੋਰ ਕਿਸੇ ਦੂਜੇ ਦਾ ਦੁੱਖ-ਦਰਦ ਸਮਝ ਨਹੀਂ ਸਕਦਾ
ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥
ਹੁਣ ਮੈਂ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਰੱਖਦਾ ।੧।ਰਹਾਉ।
ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥
ਹੇ ਅਪਹੁੰਚ! ਹੇ ਅਗੋਚਰ! ਹੇ ਅਦ੍ਰਿਸ਼ਟ! ਹੇ ਬੇਅੰਤ ਪ੍ਰਭੂ! ਤੂੰ ਹੀ ਸਾਡੀ ਸਭ ਜੀਵਾਂ ਦੀ ਸੰਭਾਲ ਕਰਦਾ ਹੈਂ ।
ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮੑਾਰੀ ॥੨॥
ਤੂੰ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਨਕਾਨਕ ਵਿਆਪਕ ਹੈਂ, ਹਰੇਕ (ਜੀਵ ਦੇ) ਹਿਰਦੇ ਵਿਚ ਤੇਰੀ ਜੋਤਿ ਮੌਜੂਦ ਹੈ ।੨।
ਸਿਖ ਮਤਿ ਸਭ ਬੁਧਿ ਤੁਮੑਾਰੀ ਮੰਦਿਰ ਛਾਵਾ ਤੇਰੇ ॥
ਹੇ ਮੇਰੇ ਮਾਲਕ-ਪ੍ਰਭੂ! ਸਭ ਜੀਵਾਂ ਦੇ ਮਨ ਤੇ ਸਰੀਰ ਤੇਰੇ ਹੀ ਰਚੇ ਹੋਏ ਹਨ, ਸਿੱਖਿਆ ਅਕਲ ਸਮਝ ਸਭ ਜੀਵਾਂ ਨੂੰ ਤੈਥੋਂ ਹੀ ਮਿਲਦੀ ਹੈ ।
ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥
ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ । ਮੈਂ ਨਿਤ ਤੇਰੇ ਹੀ ਗੁਣ ਗਾਂਦਾ ਹਾਂ ।੩।
ਜੀਅ ਜੰਤ ਸਭਿ ਸਰਣਿ ਤੁਮੑਾਰੀ ਸਰਬ ਚਿੰਤ ਤੁਧੁ ਪਾਸੇ ॥
ਸਾਰੇ ਜੀਵ ਜੰਤ ਤੇਰੇ ਹੀ ਆਸਰੇ ਹਨ, ਤੈਨੂੰ ਹੀ ਸਭ ਦੀ ਸੰਭਾਲ ਦਾ ਫ਼ਿਕਰ ਹੈ ।
ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥
ਨਾਨਕ ਦੀ (ਤੇਰੇ ਦਰ ਤੇ) ਸਿਰਫ਼ ਇਹੀ ਬੇਨਤੀ ਹੈ ਕਿ ਜੋ ਤੇਰੀ ਰਜ਼ਾ ਹੋਵੇ ਉਹ ਮੈਨੂੰ ਚੰਗੀ ਲੱਗੇ (ਮੈਂ ਸਦਾ ਤੇਰੀ ਰਜ਼ਾ ਵਿਚ ਰਾਜ਼ੀ ਰਹਾਂ) ।੪।੨।
ਬਿਲਾਵਲੁ ਮਹਲਾ ੧ ॥
ਬਿਲਾਵਲ ਪਹਿਲੀ ਪਾਤਿਸ਼ਾਹੀ।
ਆਪੇ ਸਬਦੁ ਆਪੇ ਨੀਸਾਨੁ ॥
ਆਪ ਹੀ ਸਿਫ਼ਤਿ-ਸਾਲਾਹ ਹੈ (ਭਾਵ, ਜਿਥੇ ਉਸ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਉਥੇ ਉਹ ਮੌਜੂਦ ਹੈ), ਆਪ ਹੀ (ਜੀਵ ਵਾਸਤੇ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ,
ਆਪੇ ਸੁਰਤਾ ਆਪੇ ਜਾਨੁ ॥
ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈ, ਆਪ ਹੀ (ਜੀਵਾਂ ਦੇ ਦੁੱਖ-ਦਰਦ) ਜਾਣਨ ਵਾਲਾ ਹੈ ।
ਆਪੇ ਕਰਿ ਕਰਿ ਵੇਖੈ ਤਾਣੁ ॥
ਪ੍ਰਭੂ ਆਪ ਹੀ ਜਗਤ-ਰਚਨਾ ਰਚ ਕੇ ਆਪ ਹੀ ਆਪਣਾ (ਇਹ) ਬਲ ਵੇਖ ਰਿਹਾ ਹੈ ।
ਤੂ ਦਾਤਾ ਨਾਮੁ ਪਰਵਾਣੁ ॥੧॥
ਹੇ ਪ੍ਰਭੂ! ਤੂੰ (ਜੀਵਾਂ ਨੂੰ ਸਭ ਦਾਤਾਂ) ਦੇਣ ਵਾਲਾ ਹੈਂ, (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ, ਉਹ ਤੇਰੇ ਦਰ ਤੇ) ਕਬੂਲ ਹੋ ਜਾਂਦਾ ਹੈ ।੧।