Sri Guru Granth Sahib Ji — Ang 811 (punjabi)
ਜਗਤ ਉਧਾਰਨ ਸਾਧ ਪ੍ਰਭ ਤਿਨੑ ਲਾਗਹੁ ਪਾਲ ॥
ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਗੁਰਮੁਖ ਮਨੁੱਖ ਦੁਨੀਆ (ਦੇ ਬੰਦਿਆਂ) ਨੂੰ (ਵਿਕਾਰਾਂ ਤੋਂ) ਬਚਾਣ ਦੀ ਸਮਰੱਥਾ ਵਾਲੇ ਹੁੰਦੇ ਹਨ, (ਜੇ ਵਿਕਾਰਾਂ ਤੋਂ ਬਚਣ ਦੀ ਲੋੜ ਹੈ ਤਾਂ) ਉਹਨਾਂ ਦੀ ਸਰਨ ਪਏ ਰਹੋ ।
ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ ਰਾਲ ॥੨॥
ਹੇ ਪ੍ਰਭੂ! ਮੈਨੂੰ (ਭੀ) ਆਪਣੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਦਾ ਦਾਨ ਦੇਹ ।੨।
ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥
ਹੇ ਪ੍ਰਭੂ! ਮੇਰੇ ਪੱਲੇ ਦਲੀਲ ਕਰਨ ਦੀ ਸਮਰਥਾ ਨਹੀਂ, ਮੇਰੇ ਅੰਦਰ ਕੋਈ ਸਿਆਣਪ ਨਹੀਂ, ਮੈਂ ਕੋਈ ਸੇਵਾ ਦੀ ਮੇਹਨਤ ਨਹੀਂ ਕੀਤੀ,
ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ ਜਾਲ ॥੩॥
(ਮੇਰੀ ਤਾਂ ਤੇਰੇ ਹੀ ਦਰ ਤੇ ਅਰਜ਼ੋਈ ਹੈ—ਹੇ ਪ੍ਰਭੂ!) ਮੈਨੂੰ ਭਟਕਣਾਂ ਤੋਂ, ਡਰਾਂ ਤੋਂ, ਮੋਹ ਤੋਂ ਬਚਾ ਲੈ (ਇਹ ਭਟਕਣ, ਇਹ ਡਰ, ਇਹ ਮੋਹ ਸਭ ਜਮ ਦੇ ਜਾਲ, ਜਮ ਦੇ ਵੱਸ ਪਾਣ ਵਾਲੇ ਹਨ, ਮੇਰਾ ਇਹ) ਜਮਾਂ ਦਾ ਜਾਲ ਕੱਟ ਦੇ ।੩।
ਬਿਨਉ ਕਰਉ ਕਰੁਣਾਪਤੇ ਪਿਤਾ ਪ੍ਰਤਿਪਾਲ ॥
ਹੇ ਤਰਸ ਦੇ ਸੋਮੇ! ਹੇ ਰੱਖਿਆ ਕਰਨ ਦੇ ਸਮਰੱਥ ਪ੍ਰਭੂ! ਮੈਂ (ਤੇਰੇ ਅੱਗੇ) ਬੇਨਤੀ ਕਰਦਾ ਹਾਂ ।
ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖ ਸਾਲ ॥੪॥੧੧॥੪੧॥
ਹੇ ਨਾਨਕ! (ਆਖ—ਹੇ ਪ੍ਰਭੂ! ਮੇਹਰ ਕਰ) ਸਾਧ ਸੰਗਤਿ ਵਿਚ ਟਿਕ ਕੇ ਮੈਂ ਤੇਰੇ ਗੁਣ ਗਾਂਦਾ ਰਹਾਂ । (ਹੇ ਪ੍ਰਭੂ!) ਤੇਰੀ ਸਾਧ ਸੰਗਤਿ ਸੁਖਾਂ ਦਾ ਘਰ ਹੈ ।੪।੧੧।੪੧।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥
ਹੇ ਪ੍ਰਭੂ! ਜੋ ਕੁਝ ਤੂੰ ਕਰਨਾ ਚਾਹੁੰਦਾ ਹੈਂ, ਉਹੀ ਤੂੰ ਕਰਦਾ ਹੈਂ, ਤੇਰੀ ਪ੍ਰੇਰਨਾ ਤੋਂ ਬਿਨਾ (ਜੀਵ ਪਾਸੋਂ) ਕੁਝ ਨਹੀਂ ਹੋ ਸਕਦਾ ।
ਪਰਤਾਪੁ ਤੁਮੑਾਰਾ ਦੇਖਿ ਕੈ ਜਮਦੂਤ ਛਡਿ ਜਾਹਿ ॥੧॥
ਤੇਰਾ ਤੇਜ-ਪ੍ਰਤਾਪ ਵੇਖ ਕੇ ਜਮਦੂਤ (ਭੀ ਜੀਵ ਨੂੰ) ਛੱਡ ਜਾਂਦੇ ਹਨ ।੧।
ਤੁਮੑਰੀ ਕ੍ਰਿਪਾ ਤੇ ਛੂਟੀਐ ਬਿਨਸੈ ਅਹੰਮੇਵ ॥
ਹੇ ਸਾਰੀਆਂ ਤਾਕਤਾਂ ਵਾਲੇ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਹੇ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਭ ਤੋਂ ਵੱਡੇ ਦੇਵਤੇ ਪ੍ਰਭੂ! ਤੇਰੀ ਮੇਹਰ ਨਾਲ (ਹੀ ਵਿਕਾਰਾਂ ਤੋਂ) ਬਚ ਸਕੀਦਾ ਹੈ ।
ਸਰਬ ਕਲਾ ਸਮਰਥ ਪ੍ਰਭ ਪੂਰੇ ਗੁਰਦੇਵ ॥੧॥ ਰਹਾਉ ॥
(ਤੇਰੀ ਕਿਰਪਾ ਨਾਲ ਹੀ) (ਜੀਵਾਂ ਦੀ) ਹਉਮੈ ਦੂਰ ਹੋ ਸਕਦੀ ਹੈ ।੧।ਰਹਾਉ।
ਖੋਜਤ ਖੋਜਤ ਖੋਜਿਆ ਨਾਮੈ ਬਿਨੁ ਕੂਰੁ ॥
ਹੇ ਪ੍ਰਭੂ! ਭਾਲ ਕਰਦਿਆਂ ਕਰਦਿਆਂ (ਆਖ਼ਰ ਮੈਂ ਇਹ ਗੱਲ) ਲੱਭ ਲਈ ਹੈ ਕਿ (ਤੇਰੇ) ਨਾਮ ਤੋਂ ਬਿਨਾ (ਹੋਰ ਸਭ ਕੁਝ) ਨਾਸਵੰਤ ਹੈ ।
ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ ਮਨਸਾ ਪੂਰੁ ॥੨॥
ਜ਼ਿੰਦਗੀ ਦਾ ਸਾਰਾ ਸੁਖ ਸਾਧ ਸੰਗਤਿ ਵਿਚ (ਹੀ ਪ੍ਰਾਪਤ ਹੰੁਦਾ ਹੈ) । ਹੇ ਪ੍ਰਭੂ! (ਮੈਨੂੰ ਭੀ ਸਾਧ ਸੰਗਤਿ ਵਿਚ ਟਿਕਾਈ ਰੱਖੀਂ, ਮੇਰੀ ਇਹ) ਤਾਂਘ ਪੂਰੀ ਕਰ ।੨।
ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਸਿਆਨਪ ਸਭ ਜਾਲੀ ॥
ਹੇ ਪ੍ਰਭੂ! ਜਿਸ ਜਿਸ ਕੰਮ ਵਿਚ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਸੇ ਉਸੇ ਵਿਚ (ਜੀਵ) ਲੱਗਦੇ ਹਨ । (ਇਸ ਵਾਸਤੇ, ਹੇ ਪ੍ਰਭੂ!) ਮੈਂ ਆਪਣੀ ਸਾਰੀ ਚਤੁਰਾਈ ਮੁਕਾ ਦਿੱਤੀ ਹੈ (ਤੇ, ਤੇਰੀ ਰਜ਼ਾ ਵਿਚ ਤੁਰਨਾ ਲੋੜਦਾ ਹਾਂ) ।
ਜਤ ਕਤ ਤੁਮੑ ਭਰਪੂਰ ਹਹੁ ਮੇਰੇ ਦੀਨ ਦਇਆਲੀ ॥੩॥
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ! ਤੂੰ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈਂ (ਤੈਥੋਂ ਕੋਈ ਆਕੀ ਨਹੀਂ ਹੋ ਸਕਦਾ) ।੩।
ਸਭੁ ਕਿਛੁ ਤੁਮ ਤੇ ਮਾਗਨਾ ਵਡਭਾਗੀ ਪਾਏ ॥
ਹੇ ਪ੍ਰਭੂ! (ਅਸੀ ਜੀਵ) ਸਭ ਕੁਝ ਤੇਰੇ ਪਾਸੋਂ ਹੀ ਮੰਗ ਸਕਦੇ ਹਾਂ । (ਜੇਹੜਾ) ਵਡ-ਭਾਗੀ (ਮਨੁੱਖ ਮੰਗਦਾ ਹੈ, ਉਹ) ਪ੍ਰਾਪਤ ਕਰ ਲੈਂਦਾ ਹੈ ।
ਨਾਨਕ ਕੀ ਅਰਦਾਸਿ ਪ੍ਰਭ ਜੀਵਾ ਗੁਨ ਗਾਏ ॥੪॥੧੨॥੪੨॥
ਹੇ ਪ੍ਰਭੂ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ (ਮੇਹਰ ਕਰ, ਮੈਂ ਨਾਨਕ) ਤੇਰੇ ਗੁਣ ਗਾ ਕੇ ਆਤਮਕ ਜੀਵਨ ਹਾਸਲ ਕਰ ਲਵਾਂ ।੪।੧੨।੪੨।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥
ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ ।
ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥
(ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਨਾਲ (ਸਾਂਝ ਬਣਿਆਂ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਈਦਾ ਹੈ, ਜਿਸ ਕਰਕੇ ਜਨਮ ਮਰਨ ਦੇ ਗੇੜ ਵਿਚ ਨਹੀਂ ਫਸੀਦਾ ।੧।
ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥
ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਮਨੁੱਖ ਦੀ) ਜੀਭ ਪਵਿੱਤਰ ਹੋ ਜਾਂਦੀ ਹੈ ।
ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥
ਗੁਰੂ ਦਾ (ਦੱਸਿਆ ਹੋਇਆ ਹਰਿ-ਨਾਮ ਦਾ) ਜਾਪ ਜਪਿਆਂ ਮਨ ਪਵਿੱਤਰ ਹੋ ਜਾਂਦਾ ਹੈ, ਸਰੀਰ ਪਵਿੱਤਰ ਹੋ ਜਾਂਦਾ ਹੈ ।੧।ਰਹਾਉ।
ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥
(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਦਾ ਰਸ ਚੱਖਿਆਂ (ਮਾਇਆ ਦੇ ਲਾਲਚ ਵਲੋਂ) ਰੱਜ ਜਾਈਦਾ ਹੈ, ਪਰਮਾਤਮਾ ਦਾ ਨਾਮ-ਰਸ ਮਨ ਵਿਚ ਵਸਾ ਕੇ ਸਦਾ ਖਿੜੇ ਰਹੀਦਾ ਹੈ ।
ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥
ਬੁੱਧੀ ਵਿਚ (ਸਹੀ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਬੁੱਧੀ ਉੱਜਲ ਹੋ ਜਾਂਦੀ ਹੈ । ਹਿਰਦਾ-ਕੌਲ (ਮਾਇਆ ਦੇ ਮੋਹ ਵਲੋਂ) ਪਰਤ ਕੇ ਸਦਾ ਖਿੜਿਆ ਰਹਿੰਦਾ ਹੈ ।੨।
ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਜਾਪ ਕੀਤਿਆਂ ਮਨੁੱਖ ਦਾ ਮਨ) ਠੰਢਾ-ਠਾਰ ਹੋ ਜਾਂਦਾ ਹੈ, (ਮਨ ਵਿਚ) ਸ਼ਾਂਤੀ ਤੇ ਸੰਤੋਖ ਪੈਦਾ ਹੋ ਜਾਂਦਾ ਹੈ, ਮਾਇਆ ਵਾਲੀ ਸਾਰੀ ਤਿ®ਸ਼ਨਾ ਮੁੱਕ ਜਾਂਦੀ ਹੈ ।
ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥
(ਮਾਇਆ ਦੀ ਖ਼ਾਤਰ) ਦਸੀਂ ਪਾਸੀਂ (ਸਾਰੇ ਜਗਤ ਵਿਚ) ਦੌੜ-ਭੱਜ ਮਿਟ ਜਾਂਦੀ ਹੈ, (ਪ੍ਰਭੂ ਦੇ ਚਰਨਾਂ ਦੇ) ਪਵਿੱਤਰ ਥਾਂ ਵਿਚ ਨਿਵਾਸ ਹੋ ਜਾਂਦਾ ਹੈ ।੩।
ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥
ਹੇ ਨਾਨਕ! ਰੱਖਿਆ ਕਰਨ ਦੇ ਸਮਰੱਥ ਪ੍ਰਭੂ ਨੇ ਜਿਸ ਮਨੁੱਖ ਦੀ (ਵਿਕਾਰਾਂ ਵਲੋਂ) ਰਾਖੀ ਕੀਤੀ, ਉਸ ਦੀਆਂ ਸਾਰੀਆਂ ਹੀ ਭਟਕਣਾਂ (ਸੜ ਕੇ) ਸੁਆਹ ਹੋ ਗਈਆਂ ।
ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥
ਗੁਰੂ ਦਾ ਦਰਸਨ ਕਰ ਕੇ ਉਸ ਮਨੁੱਖ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜੋ, ਮਾਨੋ, ਦੁਨੀਆ ਦੇ ਸਾਰੇ ਹੀ) ਖ਼ਜ਼ਾਨੇ (ਹੈ), (ਤੇ ਨਾਮ ਦੀ ਬਰਕਤਿ ਨਾਲ ਉਹ ਸਦਾ ਲਈ) ਸੁਖੀ ਹੋ ਗਿਆ ।੪।੧੩।੪੩।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥
ਹੇ ਭਾਈ! ਪ੍ਰਭੂ ਦੇ ਭਗਤ ਦੇ ਘਰ ਵਿਚ ਪਾਣੀ (ਢੋਇਆ ਕਰ), ਪੱਖਾ (ਝੱਲਿਆ ਕਰ), (ਆਟਾ) ਪੀਹਾ ਕਰ, ਤਦੋਂ ਹੀ ਤੂੰ ਆਨੰਦ ਮਾਣੇਂਗਾ ।
ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥
ਦੁਨੀਆ ਦੀਆਂ ਹਕੂਮਤਾਂ, ਜ਼ਿਮੀਂ ਦੀ ਮਾਲਕੀ, ਸਰਦਾਰੀਆਂ—ਇਹਨਾਂ ਨੂੰ ਅੱਗ ਵਿਚ ਸਾੜ ਦੇ (ਇਹਨਾਂ ਦਾ ਲਾਲਚ ਛੱਡ ਦੇ) ।੧।
ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥
ਹੇ ਭਾਈ! ਜੋ ਗੁਰਮੁਖ ਮਨੁੱਖਾਂ ਦਾ ਨੌਕਰ (ਹੋਵੇ,) ਉਸ ਦੇ ਚਰਨੀਂ ਲੱਗਿਆ ਕਰ ।
ਮਾਇਆਧਾਰੀ ਛਤ੍ਰਪਤਿ ਤਿਨੑ ਛੋਡਉ ਤਿਆਗਿ ॥੧॥ ਰਹਾਉ ॥
ਮੈਂ ਤਾਂ (ਜੇਹੜੇ) ਵੱਡੇ ਵੱਡੇ ਧਨਾਢ ਰਾਜੇ (ਹੋਣ) ਉਹਨਾਂ ਦਾ ਸਾਥ ਛੱਡਣ ਨੂੰ ਤਿਆਰ ਹੋਵਾਂਗਾ (ਪਰ ਸੰਤ ਜਨਾਂ ਦੇ ਸੇਵਕ ਦੇ ਚਰਨਾਂ ਵਿਚ ਰਹਿਣਾ ਪਸੰਦ ਕਰਾਂਗਾ) ।੧।ਰਹਾਉ।
ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥
ਹੇ ਭਾਈ! ਗੁਰਮੁਖਾਂ ਦੇ ਘਰ ਦੀ ਰੁੱਖੀ ਰੋਟੀ (ਜੇ ਮਿਲੇ ਤਾਂ ਉਸ ਨੂੰ ਦੁਨੀਆ ਦੇ) ਸਾਰੇ ਖ਼ਜ਼ਾਨੇ (ਸਮਝ) ।
ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥
ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੇ ਘਰ ਵਿਚ (ਜੇ) ਕਈ ਕਿਸਮਾਂ ਦੇ ਭੋਜਨ (ਮਿਲਣ, ਤਾਂ) ਉਹ ਜ਼ਹਿਰ ਵਰਗੇ (ਜਾਣ) ।੨।
ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥
ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਮਨੁੱਖਾਂ ਪਾਸੋਂ ਜੇ ਪਾਟਾ ਹੋਇਆ ਭੂਰਾ ਭੀ ਮਿਲ ਜਾਏ, ਤਾਂ ਉਸ ਨੂੰ ਪਹਿਨ ਕੇ ਨੰਗਾ ਹੋਣ ਦਾ ਡਰ ਨਹੀਂ ਰਹਿੰਦਾ ।
ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥
ਪ੍ਰਭੂ ਨਾਲੋਂ ਟੁੱਟੇ ਹੋਏ ਮਨੁੱਖ ਪਾਸੋਂ ਜੇ ਰੇਸ਼ਮੀ ਸਿਰੋਪਾ ਭੀ ਮਿਲੇ, ਉਹ ਪਹਿਨਿਆਂ ਇੱਜ਼ਤ ਗਵਾ ਲਈਦੀ ਹੈ ।੩।
ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਨਾਲ ਮੇਲ-ਜੋਲ ਰੱਖਿਆਂ ਉਹ ਮੇਲ-ਜੋਲ (ਤੋੜ ਨਹੀਂ ਨਿਭਦਾ) ਅੱਧ ਵਿਚੋਂ ਹੀ ਟੁੱਟ ਜਾਂਦਾ ਹੈ ।
ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥੪॥
ਜੇਹੜਾ ਮਨੁੱਖ ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦਿਆਂ ਦੀ ਸੇਵਾ ਕਰਦਾ ਹੈ ਉਹ ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ (ਝਗੜਿਆਂ ਬਖੇੜਿਆਂ ਤੋਂ) ਬਚਿਆ ਰਹਿੰਦਾ ਹੈ ।੪।
ਸਭ ਕਿਛੁ ਤੁਮੑ ਹੀ ਤੇ ਹੋਆ ਆਪਿ ਬਣਤ ਬਣਾਈ ॥
ਹਰੇਕ ਕੰਮ ਤੇਰੀ ਪ੍ਰੇਰਨਾ ਨਾਲ ਹੀ ਹੁੰਦਾ ਹੈ । ਤੂੰ ਆਪ ਹੀ ਇਹ ਸਾਰੀ ਖੇਡ ਰਚੀ ਹੋਈ ਹੈ ।
ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥੫॥੧੪॥੪੪॥
ਹੇ ਨਾਨਕ! ਮੈਂ ਗੁਰੂ ਦਾ ਦਰਸ਼ਨ ਕਰ ਕੇ (ਗੁਰੂ ਦੀ ਸੰਗਤਿ ਵਿਚ ਰਹਿ ਕੇ ਸਦਾ) ਤੇਰੇ ਗੁਣ ਗਾਂਦਾ ਰਹਾਂ ।੫।੧੪।੪੪।