Sri Guru Granth Sahib Ji — Ang 825 (punjabi)
ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥
ਹੇ ਸਰਬ-ਵਿਆਪਕ ਦਾਤਾਰ ਪ੍ਰਭੂ! ਮੇਹਰ ਕਰ, ਤਾ ਕਿ ਤੇਰਾ ਦਾਸ ਨਾਨਕ ਪਵਿੱਤਰ ਕਰਨ ਵਾਲੀ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹੇ ।੨।੧੭।੧੦੩।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਸੁਲਹੀ ਤੇ ਨਾਰਾਇਣ ਰਾਖੁ ॥
(ਹੇ ਪ੍ਰਭੂ! ਮੇਰੀ ਸੇਵਕ ਦੀ ਤਾਂ ਤੇਰੇ ਪਾਸ ਹੀ ਅਰਜ਼ੋਈ ਸੀ ਕਿ) ਹੇ ਪ੍ਰਭੂ! (ਸਾਨੂੰ) ਸੁਲਹੀ (ਖਾਂ) ਤੋਂ ਬਚਾ ਲੈ, ਅਤੇ ਸੁਲਹੀ ਦਾ (ਜ਼ੁਲਮ-ਭਰਿਆ) ਹੱਥ (ਸਾਡੇ ਉੱਤੇ) ਕਿਤੇ ਭੀ ਨਾਹ ਅੱਪੜ ਸਕੇ ।
ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥
(ਹੇ ਭਾਈ! ਪ੍ਰਭੂ ਨੇ ਆਪ ਹੀ ਮੇਹਰ ਕੀਤੀ ਹੈ) ਸੁਲਹੀ (ਖਾਂ) ਮਲੀਨ-ਬੁੱਧਿ ਹੋ ਕੇ ਮਰਿਆ ਹੈ ।੧।ਰਹਾਉ।
ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥
ਹੇ ਭਾਈ! ਖਸਮ ਪ੍ਰਭੂ ਨੇ (ਮੌਤ-ਰੂਪ) ਕੁਹਾੜਾ ਕੱਢ ਕੇ (ਸੁਲਹੀ ਦਾ) ਸਿਰ ਵੱਢ ਦਿੱਤਾ ਹੈ, (ਜਿਸ ਕਰ ਕੇ ਉਹ) ਇਕ ਖਿਨ ਵਿਚ ਹੀ ਸੁਆਹ ਦੀ ਢੇਰੀ ਹੋ ਗਿਆ ਹੈ ।
ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥
ਹੋਰਨਾਂ ਦਾ ਨੁਕਸਾਨ ਕਰਨਾ ਸੋਚਦਾ ਸੋਚਦਾ (ਸੁਲਹੀ) ਸੜ ਮਰਿਆ ਹੈ । ਜਿਸ ਪ੍ਰਭੂ ਨੇ ਉਸ ਨੂੰ ਪੈਦਾ ਕੀਤਾ ਸੀ, ਉਸ ਨੇ (ਹੀ ਉਸ ਨੂੰ ਪਰਲੋਕ ਵਲ ਦਾ) ਧੱਕਾ ਦੇ ਦਿੱਤਾ ਹੈ ।੧।
ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥
ਹੇ ਭਾਈ! ਸਾਰਾ ਸਾਕ (ਕੁਟੰਬ) ਛੱਡ ਕੇ (ਸੁਲਹੀ ਇਸ ਦੁਨੀਆ ਤੋਂ) ਤੁਰ ਗਿਆ ਹੈ । ਉਸ ਦੇ ਭਾ ਦੇ ਨਾਹ ਕੋਈ ਪੁੱਤਰ ਰਹਿ ਗਏ, ਨਾਹ ਕੋਈ ਮਿੱਤਰ ਰਹਿ ਗਏ, ਨਾਹ ਧਨ ਰਹਿ ਗਿਆ, ਉਸ ਦੇ ਭਾ ਦਾ ਕੁਝ ਭੀ ਨਹੀਂ ਰਹਿ ਗਿਆ ।
ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥
ਹੇ ਨਾਨਕ! ਆਖ—ਮੈਂ ਉਸ ਪ੍ਰਭੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਆਪਣੇ ਸੇਵਕ ਦੀ ਅਰਦਾਸ ਸੁਣੀ ਹੈ (ਤੇ, ਸੇਵਕ ਨੂੰ ਸੁਲਹੀ ਤੋਂ ਬਚਾਇਆ ਹੈ) ।੨।੧੮।੧੦੪।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਪੂਰੇ ਗੁਰ ਕੀ ਪੂਰੀ ਸੇਵ ॥
ਹੇ ਭਾਈ! ਪੂਰੇ ਗੁਰੂ ਦਾ ਆਸਰਾ (ਜ਼ਿੰਦਗੀ ਨੂੰ) ਕਾਮਯਾਬ (ਬਣਾ ਦੇਂਦਾ ਹੈ) ।
ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥੧॥ ਰਹਾਉ ॥
(ਸਰਨ ਪਏ ਸਿੱਖ ਦਾ) ਹਰੇਕ ਕੰਮ ਗੁਰੂ ਨੇ (ਸਦਾ) ਸਫਲ ਕੀਤਾ ਹੈ ।(ਗੁਰੂ ਦੀ ਕਿਰਪਾ ਨਾਲ ਇਹ ਯਕੀਨ ਬਣ ਜਾਂਦਾ ਹੈ ਕਿ) ਮਾਲਕ-ਪ੍ਰਭੂ ਹਰ ਥਾਂ ਆਪ ਹੀ ਆਪ ਮੌਜੂਦ ਹੈ ।੧।ਰਹਾਉ।
ਆਦਿ ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥
(ਹੇ ਭਾਈ! ਗੁਰੂ ਇਹ ਸ਼ਰਧਾ ਪੈਦਾ ਕਰਦਾ ਹੈ ਕਿ) ਜਿਸ ਪ੍ਰਭੂ ਨੇ ਆਪਣੀ ਇਹ ਜਗਤ-ਖੇਡ ਬਣਾਈ ਹੈ ਉਹ ਮਾਲਕ ਪ੍ਰਭੂ (ਇਸ ਖੇਡ ਦੇ) ਸ਼ੁਰੂ ਵਿਚ, ਹੁਣ ਅਤੇ ਅਖ਼ੀਰ ਵਿਚ ਸਦਾ ਕਾਇਮ ਰਹਿਣ ਵਾਲਾ ਹੈ ।
ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭ ਮੇਰੇ ਕੋ ਵਡ ਪਰਤਾਪੁ ॥੧॥
(ਗੁਰੂ ਤੋਂ ਇਹ ਨਿਸ਼ਚਾ ਮਿਲਦਾ ਹੈ ਕਿ) ਉਸ ਪਰਮਾਤਮਾ ਦੀ ਬੜੀ ਤਾਕਤ ਹੈ, ਆਪਣੇ ਸੇਵਕ ਦੀ ਲਾਜ ਉਹ ਆਪ ਹੀ (ਸਦਾ) ਰੱਖਦਾ ਹੈ ।੧।
ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨੑੇ ਜਿਨਿ ਸਗਲੇ ਜੰਤ ॥
ਹੇ ਨਾਨਕ! ਜਿਸ ਪਾਰਬ੍ਰਹਮ ਪਰਮੇਸਰ ਨੇ ਸਾਰੇ ਜੀਅ ਜੰਤ ਆਪਣੇ ਵੱਸ ਵਿਚ ਰੱਖੇ ਹੋਏ ਹਨ, ਉਸ ਦੇ ਸੋਹਣੇ ਚਰਨਾਂ ਦੀ ਸਰਨ ਪਏ ਰਹਿਣਾ ਚਾਹੀਦਾ ਹੈ, ਗੁਰੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ ।
ਚਰਨ ਕਮਲ ਨਾਨਕ ਸਰਣਾਈ ਰਾਮ ਨਾਮ ਜਪਿ ਨਿਰਮਲ ਮੰਤ ॥੨॥੧੯॥੧੦੫॥
(ਗੁਰੂ ਦੀ ਸਰਨ ਪੈ ਕੇ) ਪ੍ਰਭੂ ਦਾ ਨਾਮ-ਮੰਤਰ ਜਪਿਆਂ ਪਵਿੱਤਰ ਜੀਵਨ ਵਾਲਾ ਬਣ ਜਾਈਦਾ ਹੈ ।੨।੧੯।੧੦੫।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਤਾਪ ਪਾਪ ਤੇ ਰਾਖੇ ਆਪ ॥
ਕਿਉਂਕਿ ਪਰਮਾਤਮਾ ਆਪ ਉਹਨਾਂ ਨੂੰ ਸਾਰੇ ਦੁੱਖਾਂ-ਕਲੇਸ਼ਾਂ ਤੋਂ ਵਿਕਾਰਾਂ ਤੋਂ ਬਚਾ ਲੈਂਦਾ ਹੈ
ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥੧॥ ਰਹਾਉ ॥
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ ਅਤੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਜਪਦੇ ਹਨ, ਉਹਨਾਂ ਦੇ ਹਿਰਦੇ ਠੰਢੇ-ਠਾਰ ਹੋ ਜਾਂਦੇ ਹਨ ।੧।ਰਹਾਉ।
ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ ਨਵ ਖੰਡ ਪ੍ਰਤਾਪ ॥
(ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਨਾਮ ਜਾਪਦੇ ਹਨ) ਪ੍ਰਭੂ ਨੇ ਸਦਾ ਮੇਹਰ ਕਰ ਕੇ ਆਪਣੇ ਹੱਥ (ਉਹਨਾਂ ਦੇ ਸਿਰ ਉਤੇ) ਰੱਖੇ ਹਨ ।ਉਹ ਪ੍ਰਭੂ ਸਾਰੇ ਜਗਤ ਨੂੰ ਪਾਰ ਲੰਘਾਣ ਵਾਲਾ ਹੈ, ਉਸ ਦਾ ਤੇਜ ਸਾਰੇ ਸੰਸਾਰ ਵਿਚ ਚਮਕ ਰਿਹਾ ਹੈ ।
ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥੧॥
(ਸਿਮਰਨ ਕਰਨ ਵਾਲੇ ਮਨੁੱਖਾਂ ਦੇ) ਸਾਰੇ ਦੁੱਖ ਨਾਸ ਹੋ ਜਾਂਦੇ ਹਨ, ਉਹਨਾਂ ਦੇ ਹਿਰਦੇ ਵਿਚ ਸੁਖ ਆਨੰਦ ਆ ਵੱਸਦੇ ਹਨ, ਸਦਾ-ਥਿਰ ਹਰਿ-ਨਾਮ ਜਪ ਕੇ ਉਹਨਾਂ ਦੀ ਤਿ®ਸ਼ਨਾ ਮਿਟ ਜਾਂਦੀ ਹੈ, ਉਹਨਾਂ ਦਾ ਮਨ ਰੱਜ ਜਾਂਦਾ ਹੈ, ਉਹਨਾਂ ਦਾ ਸਰੀਰ (ਇੰਦ®ੇ) ਰੱਜ ਜਾਂਦਾ ਹੈ ।੧।
ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸ੍ਰਿਸਟਿ ਕੋ ਮਾਈ ਬਾਪੁ ॥
ਹੇ ਨਾਨਕ! ਪਰਮਾਤਮਾ ਨਿਖਸਮਿਆਂ ਦਾ ਖਸਮ ਹੈ, ਸਰਨ ਆਇਆਂ ਦੀ ਸਹਾਇਤਾ ਕਰਨ-ਜੋਗ ਹੈ, ਸਾਰੀ ਸ੍ਰਿਸ਼ਟੀ ਦਾ ਮਾਂ-ਪਿਉ ਹੈ ।
ਭਗਤਿ ਵਛਲ ਭੈ ਭੰਜਨ ਸੁਆਮੀ ਗੁਣ ਗਾਵਤ ਨਾਨਕ ਆਲਾਪ ॥੨॥੨੦॥੧੦੬॥
ਉਹ ਮਾਲਕ-ਪ੍ਰਭੂ ਭਗਤੀ ਨੂੰ ਪਿਆਰ ਕਰਨ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਉਸ ਦੇ ਗੁਣ ਗਾ ਗਾ ਕੇ ਉਸ ਦਾ ਨਾਮ ਜਪਿਆ ਕਰ ।੨।੨੦।੧੦੬।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਜਿਸ ਤੇ ਉਪਜਿਆ ਤਿਸਹਿ ਪਛਾਨੁ ॥
ਹੇ ਭਾਈ! ਜਿਸ ਪਰਮਾਤਮਾ ਤੋਂ ਤੂੰ ਪੈਦਾ ਹੋਇਆ ਹੈਂ, ਉਸ ਨਾਲ ਹੀ (ਸਦਾ) ਸਾਂਝ ਪਾਈ ਰੱਖ ।
ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥੧॥ ਰਹਾਉ ॥
ਜਿਸ ਮਨੁੱਖ ਨੇ ਉਸ ਪਾਰਬ੍ਰਹਮ ਪਰਮੇਸਰ ਦਾ ਨਾਮ ਸਿਮਰਿਆ ਹੈ ਉਸ ਦੇ ਅੰਦਰ ਸ਼ਾਂਤੀ ਸੁਖ ਆਨੰਦ ਬਣੇ ਰਹਿੰਦੇ ਹਨ ।੧।ਰਹਾਉ।
ਗੁਰੁ ਪੂਰਾ ਭੇਟਿਓ ਬਡ ਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥
ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਬੰਦਿਆਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹਨਾਂ ਨੂੰ ਹੱਥ ਦੇ ਕੇ ਆਪਣੇ ਬਣਾ ਕੇ ਉਹ ਪਰਮਾਤਮਾ (ਸਭ ਡਰਾਂ ਭਰਮਾਂ ਤੋਂ) ਬਚਾਈ ਰੱਖਦਾ ਹੈ ਜੋ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ,
ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥੧॥
ਸੋਹਣਾ ਤੇ ਸਿਆਣਾ ਹੈ, ਜੋ ਵੱਡੀ ਤਾਕਤ ਦਾ ਮਾਲਕ ਹੈ ਅਤੇ ਜੋ ਨਿਮਾਣਿਆਂ ਨੂੰ ਆਦਰ-ਮਾਣ ਦੇਣ ਵਾਲਾ ਹੈ ।੧।
ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥
(ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ) ਸਾਰੇ ਡਰ ਭਰਮ ਖਿਨ ਵਿਚ ਨਾਸ ਹੋ ਜਾਂਦੇ ਹਨ, (ਉਸ ਦੇ ਅੰਦਰੋਂ ਮੋਹ ਦਾ) ਹਨੇਰਾ ਦੂਰ ਹੋ ਕੇ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ ।
ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ ਕੁਰਬਾਣੁ ॥੨॥੨੧॥੧੦੭॥
ਨਾਨਕ (ਤਾਂ) ਹਰੇਕ ਸਾਹ ਦੇ ਨਾਲ (ਉਸੇ ਪਰਮਾਤਮਾ ਨੂੰ) ਸਿਮਰਦਾ ਹੈ । (ਹੇ ਭਾਈ! ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਣਾ ਚਾਹੀਦਾ ਹੈ ।੨।੨੧।੧੦੭।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਦੋਵੈ ਥਾਵ ਰਖੇ ਗੁਰ ਸੂਰੇ ॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਸੂਰਮਾ ਗੁਰੂ (ਉਸ ਦਾ ਇਹ ਲੋਕ ਅਤੇ ਪਰਲੋਕ) ਦੋਵੇਂ ਹੀ (ਵਿਗੜਨ ਤੋਂ) ਬਚਾ ਲੈਂਦਾ ਹੈ ।
ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥
ਪਰਮਾਤਮਾ ਨੇ (ਸਦਾ ਹੀ ਅਜੇਹੇ ਮਨੁੱਖ ਦੇ) ਇਹ ਲੋਕ ਅਤੇ ਪਰਲੋਕ ਸੋਹਣੇ ਬਣਾ ਦਿੱਤੇ, ਉਸ ਮਨੁੱਖ ਦੇ ਸਾਰੇ ਹੀ ਕੰਮ ਸਫਲ ਹੋ ਜਾਂਦੇ ਹਨ ।੧।ਰਹਾਉ।
ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥
(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਦਿਆਂ ਆਨੰਦ ਪ੍ਰਾਪਤ ਹੁੰਦਾ ਹੈ, ਆਤਮਕ ਅਡੋਲਤਾ ਵਿਚ ਟਿਕੇ ਰਹੀਦਾ ਹੈ, ਗੁਰੂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਪ੍ਰਾਪਤ ਹੁੰਦਾ ਹੈ,
ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥
ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, (ਪ੍ਰਭੂ-ਚਰਨਾਂ ਵਿਚ) ਟਿਕਾਉ ਪ੍ਰਾਪਤ ਹੁੰਦਾ ਹੈ, ਜਨਮ ਤੋਂ ਮਰਨ ਤਕ ਦੇ ਸਾਰੇ ਚਿੰਤਾ-ਝੋਰੇ ਮਿਟ ਜਾਂਦੇ ਹਨ ।੧।
ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪਦਾ ਹੈ, ਉਹ ਸੰਸਾਰ-ਸਮੁੰਦਰ ਦੇ ਸਾਰੇ) ਡਰਾਂ ਭਰਮਾਂ ਤੋਂ ਪਾਰ ਲੰਘ ਜਾਂਦਾ ਹੈ, ਜਮਦੂਤਾਂ ਬਾਰੇ ਭੀ ਉਸ ਦੇ ਸਾਰੇ ਡਰ ਮੁੱਕ ਜਾਂਦੇ ਹਨ,