Sri Guru Granth Sahib Ji — Ang 826 (punjabi)
ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥
ਹੇ ਨਾਨਕ! ਉਹ ਮਨੁੱਖ ਸਾਰੇ ਦੁਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਅਤੇ ਅੰਦਰ ਬਾਹਰ ਹਰ ਥਾਂ ਪ੍ਰਭੂ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ ।੨।੨੨।੧੦੮।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਦਰਸਨੁ ਦੇਖਤ ਦੋਖ ਨਸੇ ॥
(ਹੇ ਪ੍ਰਭੂ! ਤੇਰਾ) ਦਰਸਨ ਕਰਦਿਆਂ (ਜੀਵਾਂ ਦੇ) ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ।
ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥੧॥ ਰਹਾਉ ॥
(ਹੇ ਪ੍ਰਭੂ! ਮੇਹਰ ਕਰ) ਕਦੇ ਭੀ ਮੇਰੀ ਨਜ਼ਰ ਤੋਂ ਉਹਲੇ ਨਾਹ ਹੋ, ਸਦਾ ਮੇਰੀ ਜਿੰਦ ਦੇ ਨਾਲ ਵੱਸਦਾ ਰਹੁ ।੧।ਰਹਾਉ।
ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥
ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਜੀਵਾਂ ਦੀ ਜਿੰਦ ਦੇ ਆਸਰੇ! ਹੇ ਸੁਆਮੀ!
ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥
ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ ਅਤੇ ਸਭ ਵਿਚ ਵਿਆਪਕ ਹੈਂ ।੧।
ਕਿਆ ਗੁਣ ਤੇਰੇ ਸਾਰਿ ਸਮੑਾਰੀ ॥
(ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਆਪਣੇ ਹਿਰਦੇ ਵਿਚ ਵਸਾਵਾਂ?
ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥
ਹੇ ਪ੍ਰਭੂ! (ਕਿਰਪਾ ਕਰ) ਮੈਂ ਆਪਣੇ ਹਰੇਕ ਸਾਹ ਦੇ ਨਾਲ ਤੈਨੂੰ ਹੀ ਯਾਦ ਕਰਦਾ ਰਹਾਂ ।੨।
ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥
ਹੇ ਕਿਰਪਾ ਦੇ ਖ਼ਜ਼ਾਨੇ! ਹੇ ਗਰੀਬਾਂ ਉਤੇ ਦਇਆ ਕਰਨ ਵਾਲੇ ਪ੍ਰਭੂ!
ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥੩॥
ਸਾਰੇ ਜੀਵਾਂ ਦੀ ਤੂੰ ਆਪ ਹੀ ਪਾਲਣਾ ਕਰਦਾ ਹੈਂ ।੩।
ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥
ਹੇ ਪ੍ਰਭੂ! ਤੇਰਾ ਸੇਵਕ ਅੱਠੇ ਪਹਿਰ ਤੇਰਾ ਨਾਮ ਜਪਦਾ ਰਹਿੰਦਾ ਹੈ ।
ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥
(ਪਰ) ਹੇ ਨਾਨਕ! (ਉਹੀ ਮਨੁੱਖ ਸਦਾ ਨਾਮ ਜਪਦਾ ਹੈ, ਜਿਸ ਨੂੰ) ਪ੍ਰਭੂ ਨੇ ਆਪ ਹੀ ਇਹ ਲਗਨ ਲਾਈ ਹੈ ।੪।੨੩।੧੦੯।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਤਨੁ ਧਨੁ ਜੋਬਨੁ ਚਲਤ ਗਇਆ ॥
(ਹੇ ਭਾਈ! ਮਨੁੱਖ ਦਾ ਇਹ) ਸਰੀਰ, ਧਨ, ਜਵਾਨੀ (ਹਰੇਕ ਹੀ) ਸਹਜੇ ਸਹਜੇ (ਮਨੁੱਖ ਦਾ) ਸਾਥ ਛੱਡਦਾ ਜਾਂਦਾ ਹੈ,
ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ ॥੧॥ ਰਹਾਉ ॥
(ਪਰ ਇਹਨਾਂ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ) ਪਰਮਾਤਮਾ ਦੇ ਨਾਮ ਦਾ ਭਜਨ ਨਹੀਂ ਕਰਦਾ, ਮਾੜੇ ਕੰਮ ਕਰਦਿਆਂ ਕਰਦਿਆਂ ਕਾਲੇ ਕੇਸਾਂ ਵਾਲੀ ਉਮਰ ਤੋਂ ਧੌਲਿਆਂ ਵਾਲੀ ਉਮਰ ਆ ਜਾਂਦੀ ਹੈ ।੧।ਰਹਾਉ।
ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥
ਹੇ ਭਾਈ! ਕਈ ਕਿਸਮਾਂ ਦੇ ਖਾਣੇ ਨਿੱਤ ਖਾਂਦਿਆਂ ਮੂੰਹ ਦੇ ਦੰਦ ਭੀ ਘਸ ਕੇ ਕਮਜ਼ੋਰ ਹੋ ਜਾਂਦੇ ਹਨ, ਤੇ ਆਖ਼ਰ ਡਿੱਗ ਪੈਂਦੇ ਹਨ ।
ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥੧॥
ਮਮਤਾ ਦੇ ਪੰਜੇ ਵਿਚ ਫਸ ਕੇ ਮਨੁੱਖ (ਆਤਮਕ ਜੀਵਨ ਦੀ ਰਾਸਿ ਪੂੰਜੀ) ਲੁਟਾ ਲੈਂਦਾ ਹੈ, ਮਾੜੇ ਕੰਮ ਕਰਦਿਆਂ ਇਸ ਦੇ ਅੰਦਰ ਦਇਆ-ਤਰਸ ਦਾ ਨਿਵਾਸ ਨਹੀਂ ਹੁੰਦਾ ।੧।
ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥
(ਹੇ ਭਾਈ! ਇਹ ਸੰਸਾਰ) ਵੱਡੇ ਵਿਕਾਰਾਂ ਅਤੇ ਭਾਰੇ ਦੁੱਖਾਂ ਦਾ ਸਮੁੰਦਰ ਹੈ (ਭਜਨ ਤੋਂ ਖੁੰਝਿਆ ਹੋਇਆ) ਮਨੁੱਖ ਇਸ (ਸਮੁੰਦਰ) ਵਿਚ ਡੁੱਬਿਆ ਰਹਿੰਦਾ ਹੈ ।
ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ ॥੨॥੨੪॥੧੧੦॥
ਹੇ ਨਾਨਕ! ਜੇਹੜੇ ਮਨੁੱਖ ਮਾਲਕ-ਪ੍ਰਭੂ ਦੀ ਸਰਨ ਆ ਪਏ, ਉਹਨਾਂ ਨੂੰ ਪ੍ਰਭੂ ਨੇ ਬਾਂਹ ਫੜ ਕੇ (ਇਸ ਸਮੁੰਦਰ ਵਿਚੋਂ) ਕੱਢ ਲਿਆ, (ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਹੈ) ।੨।੨੪।੧੧੦।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਆਪਨਾ ਪ੍ਰਭੁ ਆਇਆ ਚੀਤਿ ॥
ਹੇ ਮੇਰੇ ਵੀਰ! ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਚਿੱਤ ਵਿਚ ਪਿਆਰਾ ਪ੍ਰਭੂ ਆ ਵੱਸਦਾ ਹੈ,
ਦੁਸਮਨ ਦੁਸਟ ਰਹੇ ਝਖ ਮਾਰਤ ਕੁਸਲੁ ਭਇਆ ਮੇਰੇ ਭਾਈ ਮੀਤ ॥੧॥ ਰਹਾਉ ॥
ਭੈੜੇ ਬੰਦੇ ਅਤੇ ਵੈਰੀ ਉਸ ਨੂੰ ਨੁਕਸਾਨ ਅਪੜਾਣ ਦੇ ਜਤਨ ਕਰਦੇ ਥੱਕ ਜਾਂਦੇ ਹਨ (ਉਸਦਾ ਕੁਝ ਭੀ ਵਿਗਾੜ ਨਹੀਂ ਸਕਦੇ, ਉਸ ਦੇ ਹਿਰਦੇ ਵਿਚ ਸਦਾ) ਆਨੰਦ ਬਣਿਆ ਰਹਿੰਦਾ ਹੈ ।੧।ਰਹਾਉ।
ਗਈ ਬਿਆਧਿ ਉਪਾਧਿ ਸਭ ਨਾਸੀ ਅੰਗੀਕਾਰੁ ਕੀਓ ਕਰਤਾਰਿ ॥
ਹੇ ਮਿੱਤਰ! ਕਰਤਾਰ ਨੇ (ਜਦੋਂ ਭੀ ਕਿਸੇ ਦੀ) ਸਹਾਇਤਾ ਕੀਤੀ, ਉਸ ਦਾ ਹਰੇਕ ਰੋਗ ਦੂਰ ਹੋ ਗਿਆ, (ਉਸ ਨਾਲ ਕਿਸੇ ਦਾ ਭੀ ਕੀਤਾ ਹੋਇਆ) ਕੋਈ ਛਲ ਕਾਮਯਾਬ ਨਾਹ ਹੋਇਆ ।
ਸਾਂਤਿ ਸੂਖ ਅਰੁ ਅਨਦ ਘਨੇਰੇ ਪ੍ਰੀਤਮ ਨਾਮੁ ਰਿਦੈ ਉਰ ਹਾਰਿ ॥੧॥
ਪ੍ਰੀਤਮ ਪ੍ਰਭੂ ਦਾ ਨਾਮ ਹਿਰਦੇ ਵਿਚ ਵਸਾਣ ਦੀ ਬਰਕਤ ਨਾਲ ਉਸ ਮਨੁੱਖ ਦੇ ਅੰਦਰ ਸ਼ਾਂਤੀ ਸੁਖ ਅਤੇ ਅਨੇਕਾਂ ਆਨੰਦ ਪੈਦਾ ਹੋ ਗਏ ।੧।
ਜੀਉ ਪਿੰਡੁ ਧਨੁ ਰਾਸਿ ਪ੍ਰਭ ਤੇਰੀ ਤੂੰ ਸਮਰਥੁ ਸੁਆਮੀ ਮੇਰਾ ॥
ਹੇ ਪ੍ਰਭੂ! ਮੇਰੀ ਇਹ ਜਿੰਦ, ਮੇਰਾ ਇਹ ਸਰੀਰ, ਮੇਰਾ ਇਹ ਧਨ—ਸਭ ਕੁਝ ਤੇਰਾ ਦਿੱਤਾ ਸਰਮਾਇਆ ਹੈ । ਤੂੰ ਮੇਰਾ ਸੁਆਮੀ ਸਭ ਤਾਕਤਾਂ ਦਾ ਮਾਲਕ ਹੈਂ ।
ਦਾਸ ਅਪੁਨੇ ਕਉ ਰਾਖਨਹਾਰਾ ਨਾਨਕ ਦਾਸ ਸਦਾ ਹੈ ਚੇਰਾ ॥੨॥੨੫॥੧੧੧॥
ਤੂੰ ਆਪਣੇ ਸੇਵਕ ਨੂੰ (ਉਪਾਧੀਆਂ ਵਿਆਧੀਆਂ ਤੋਂ ਸਦਾ) ਬਚਾਣ ਵਾਲਾ ਹੈਂ । ਹੇ ਨਾਨਕ! (ਆਖ—ਹੇ ਪ੍ਰਭੂ!) ਮੈਂ ਭੀ ਤੇਰਾ ਹੀ ਦਾਸ ਹਾਂ, ਤੇਰਾ ਹੀ ਗ਼ੁਲਾਮ ਹਾਂ (ਮੈਨੂੰ ਤੇਰਾ ਹੀ ਭਰੋਸਾ ਹੈ) ।੨।੨੫।੧੧੧।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਗੋਬਿਦੁ ਸਿਮਰਿ ਹੋਆ ਕਲਿਆਣੁ ॥
ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ ।
ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥
ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ ।੧।ਰਹਾਉ।
ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥
ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ ।
ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥
ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ । ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ।੧।
ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥
(ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ ।
ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥
ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ । ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ ।੨।੨੬।੧੧੨।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ,
ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ ਭਏ ਨਿਹਾਲ ॥੧॥ ਰਹਾਉ ॥
ਗੁਰੂ ਉਹਨਾਂ ਦੇ ਸਾਰੇ ਕੰਮ ਸਿਰੇ ਚਾੜ੍ਹ ਦੇਂਦਾ ਹੈ । ਉਹ ਮਨੁੱਖ ਗੁਰੂ ਦੀ Eਟ ਹਰ ਵੇਲੇ ਚਿਤਾਰ ਕੇ ਸਦਾ ਪ੍ਰਸੰਨ ਰਹਿੰਦੇ ਹਨ ।੧।ਰਹਾਉ।
ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥
ਹੇ ਭਾਈ! ਪ੍ਰਭੂ ਨੇ (ਜਿਨ੍ਹਾਂ ਆਪਣੇ ਸੇਵਕਾਂ ਦੀ) ਸਹਾਇਤਾ ਕੀਤੀ, ਉਹਨਾਂ ਦੇ ਸਾਰੇ ਵੈਰੀ ਨਾਸ ਹੋ ਗਏ (ਵੈਰ-ਭਾਵ ਚਿਤਵਣੋਂ ਹਟ ਗਏ) ।
ਕੰਠਿ ਲਾਇ ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥
ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਸਦਾ) ਆਪਣੇ ਗਲ ਨਾਲ ਲਾ ਕੇ (ਉਹਨਾਂ ਦੀ) ਸਹਾਇਤਾ ਕੀਤੀ, ਉਹਨਾਂ ਨੂੰ ਆਪਣੇ ਲੜ ਲਾ ਕੇ (ਦੋਖੀਆਂ ਤੋਂ) ਬਚਾਇਆ ।੧।