Sri Guru Granth Sahib Ji — Ang 858 (punjabi)
ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥੧॥
ਮੈਂ ਹੁਣ (ਜਗਤ ਦੇ ਸਾਰੇ) ਦੁੱਖ ਭੁਲਾ ਕੇ (ਆਤਮਕ) ਸੁਖ ਵਿਚ ਲੀਨ ਹੋ ਗਿਆ ਹਾਂ ।੧।
ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥
ਮੈਨੂੰ ਸਤਿਗੁਰੂ ਨੇ ਆਪਣੇ ਗਿਆਨ ਦਾ (ਐਸਾ) ਸੁਰਮਾ ਦਿੱਤਾ ਹ।
ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥੧॥ ਰਹਾਉ ॥
ਹੇ ਮਨ! ਹੁਣ ਪ੍ਰਭੂ ਦੀ ਬੰਦਗੀ ਤੋਂ ਬਿਨਾ ਜੀਊਣਾ ਵਿਅਰਥ ਜਾਪਦਾ ਹੈ ।੧।ਰਹਾਉ।
ਨਾਮਦੇਇ ਸਿਮਰਨੁ ਕਰਿ ਜਾਨਾਂ ॥
ਮੈਂ ਨਾਮਦੇਵ ਨੇ ਪ੍ਰਭੂ ਦਾ ਭਜਨ ਕਰ ਕੇ ਪ੍ਰਭੂ ਨਾਲ ਸਾਂਝ ਪਾ ਲਈ ਹੈ ।
ਜਗਜੀਵਨ ਸਿਉ ਜੀਉ ਸਮਾਨਾਂ ॥੨॥੧॥
ਜਗਤ-ਦੇ-ਆਸਰੇ ਪ੍ਰਭੂ ਵਿਚ ਮੇਰੀ ਜਿੰਦ ਲੀਨ ਹੋ ਗਈ ਹੈ ।੨।੧।
ਬਿਲਾਵਲੁ ਬਾਣੀ ਰਵਿਦਾਸ ਭਗਤ ਕੀ
ਬਿਲਾਵਲ ਸ਼ਬਦ ਭਗਤ ਰਵਿਦਾਸ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥
ਹਰੇਕ ਬੰਦਾ (ਕਿਸੇ ਦੀ) ਗ਼ਰੀਬੀ ਵੇਖ ਕੇ ਮਖ਼ੌਲ ਕਰਦਾ ਹੈ, (ਤੇ) ਇਹੋ ਜਿਹੀ ਹਾਲਤ ਹੀ ਮੇਰੀ ਭੀ ਸੀ (ਕਿ ਲੋਕ ਮੇਰੀ ਗ਼ਰੀਬੀ ਤੇ ਠੱਠੇ ਕਰਿਆ ਕਰਦੇ ਸਨ),
ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥੧॥
ਪਰ ਹੁਣ ਅਠਾਰਾਂ ਸਿੱਧੀਆਂ ਮੇਰੇ ਹੱਥ ਦੀ ਤਲੀ ਉੱਤੇ (ਨੱਚਦੀਆਂ) ਹਨ; ਹੇ ਪ੍ਰਭੂ! ਇਹ ਸਾਰੀ ਤੇਰੀ ਹੀ ਮਿਹਰ ਹੈ ।੧।
ਤੂ ਜਾਨਤ ਮੈ ਕਿਛੁ ਨਹੀ ਭਵ ਖੰਡਨ ਰਾਮ ॥
ਹੇ ਜੀਵਾਂ ਦੇ ਜਨਮ-ਮਰਨ ਦਾ ਗੇੜ ਨਾਸ ਕਰਨ ਵਾਲੇ ਰਾਮ! ਹੇ ਸਭ ਦੀ ਕਾਮਨਾ ਪੂਰੀ ਕਰਨ ਵਾਲੇ ਪ੍ਰਭੂ!
ਸਗਲ ਜੀਅ ਸਰਨਾਗਤੀ ਪ੍ਰਭ ਪੂਰਨ ਕਾਮ ॥੧॥ ਰਹਾਉ ॥
ਸਾਰੇ ਜੀਆ ਜੰਤ ਤੇਰੀ ਹੀ ਸਰਨ ਆਉਂਦੇ ਹਨ (ਮੈਂ ਗ਼ਰੀਬ ਭੀ ਤੇਰੀ ਹੀ ਸ਼ਰਨ ਹਾਂ) ਤੂੰ ਜਾਣਦਾ ਹੈਂ ਕਿ ਮੇਰੀ ਆਪਣੀ ਕੋਈ ਪਾਂਇਆਂ ਨਹੀਂ ਹੈ ।੧।ਰਹਾਉ।
ਜੋ ਤੇਰੀ ਸਰਨਾਗਤਾ ਤਿਨ ਨਾਹੀ ਭਾਰੁ ॥
ਚਾਹੇ ਉੱਚੀ ਜਾਤਿ ਵਾਲੇ ਹੋਣ, ਚਾਹੇ ਨੀਵੀਂ ਜਾਤਿ ਦੇ, ਜੋ ਜੋ ਭੀ ਤੇਰੀ ਸ਼ਰਨ ਆਉਂਦੇ ਹਨ, ਉਹਨਾਂ (ਦੀ ਆਤਮਾ) ਉੱਤੇ (ਵਿਕਾਰਾਂ ਦਾ) ਭਾਰ ਨਹੀਂ ਰਹਿ ਜਾਂਦਾ,
ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥੨॥
ਇਸ ਵਾਸਤੇ ਉਹ ਤੇਰੀ ਮਿਹਰ ਨਾਲ ਇਸ ਬਖੇੜਿਆਂ-ਭਰੇ ਸੰਸਾਰ(-ਸਮੁੰਦਰ) ਵਿਚੋਂ (ਸੌਖੇ ਹੀ) ਲੰਘ ਜਾਂਦੇ ਹਨ ।੨।
ਕਹਿ ਰਵਿਦਾਸ ਅਕਥ ਕਥਾ ਬਹੁ ਕਾਇ ਕਰੀਜੈ ॥
ਰਵਿਦਾਸ ਆਖਦਾ ਹੈ—ਹੇ ਪ੍ਰਭੂ! ਤੇਰੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ (ਤੂੰ ਕੰਗਾਲਾਂ ਨੂੰ ਭੀ ਸ਼ਹਨਸ਼ਾਹ ਬਣਾਉਣ ਵਾਲਾ ਹੈਂ), ਭਾਵੇਂ ਕਿਤਨਾ ਜਤਨ ਕਰੀਏ, ਤੇਰੇ ਗੁਣ ਕਹੇ ਨਹੀਂ ਜਾ ਸਕਦੇ;
ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ ॥੩॥੧॥
ਆਪਣੇ ਵਰਗਾ ਤੂੰ ਆਪ ਹੀ ਹੈਂ; (ਜਗਤ) ਵਿਚ ਕੋਈ ਐਸਾ ਨਹੀਂ ਜਿਸ ਨੂੰ ਤੇਰੇ ਵਰਗਾ ਕਿਹਾ ਜਾ ਸਕੇ ।੩।੧।
ਬਿਲਾਵਲੁ ॥
ਬਿਲਾਵਲ।
ਜਿਹ ਕੁਲ ਸਾਧੁ ਬੈਸਨੌ ਹੋਇ ॥
ਜਿਸ ਕਿਸੇ ਭੀ ਕੁਲ ਵਿਚ ਪਰਮਾਤਮਾ ਦਾ ਭਗਤ ਜੰਮ ਪਏ,
ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥
ਚਾਹੇ ਉਹ ਚੰਗੀ ਜਾਤ ਦਾ ਹੈ ਚਾਹੇ ਨੀਵੀਂ ਜਾਤ ਦਾ, ਚਾਹੇ ਕੰਗਾਲ ਹੈ ਚਾਹੇ ਧਨਾਢ, (ਉਸ ਦੀ ਜਾਤ ਤੇ ਧਨ ਆਦਿਕ ਦਾ ਜ਼ਿਕਰ ਹੀ) ਨਹੀਂ (ਛਿੜਦਾ), ਉਹ ਜਗਤ ਵਿਚ ਨਿਰਮਲ ਸੋਭਾ ਵਾਲਾ ਮਸ਼ਹੂਰ ਹੁੰਦਾ ਹੈ ।੧।ਰਹਾਉ।
ਬ੍ਰਹਮਨ ਬੈਸ ਸੂਦ ਅਰੁ ਖੵਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥
ਕੋਈ ਬ੍ਰਾਹਮਣ ਹੋਵੇ, ਖੱਤ®ੀ ਹੋਵੇ, ਡੂਮ ਚੰਡਾਲ ਜਾਂ ਮਲੀਨ ਮਨ ਵਾਲਾ ਹੋਵੇ, ਪਰਮਾਤਮਾ ਦੇ ਭਜਨ ਨਾਲ ਮਨੁੱਖ ਪਵਿਤ® ਹੋ ਜਾਂਦਾ ਹੈ;
ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੋਇ ॥੧॥
ਉਹ ਆਪਣੇ ਆਪ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਕੇ ਆਪਣੀਆਂ ਦੋਵੇਂ ਕੁਲਾਂ ਭੀ ਤਾਰ ਲੈਂਦਾ ਹੈ ।੧।
ਧੰਨਿ ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੋਇ ॥
ਸੰਸਾਰ ਵਿਚ ਉਹ ਪਿੰਡ ਮੁਬਾਰਿਕ ਹੈ, ਉਹ ਥਾਂ ਧੰਨ ਹੈ, ਉਹ ਪਵਿਤ® ਕੁਲ ਭਾਗਾਂ ਵਾਲੀ ਹੈ, (ਜਿਸ ਵਿਚ ਜੰਮ ਕੇ) ਕਿਸੇ ਨੇ ਪਰਮਾਤਮਾ ਦੇ ਨਾਮ ਦਾ ਸ੍ਰੇਸ਼ਟ ਰਸ ਪੀਤਾ ਹੈ,
ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ ਮਗਨ ਡਾਰੇ ਬਿਖੁ ਖੋਇ ॥੨॥
ਹੋਰ (ਮੰਦੇ) ਰਸ ਛਡੇ ਹਨ, ਤੇ, ਪ੍ਰਭੂ ਦੇ ਨਾਮ-ਰਸ ਵਿਚ ਮਸਤ ਹੋ ਕੇ (ਵਿਕਾਰ-ਵਾਸ਼ਨਾ ਦਾ) ਜ਼ਹਿਰ (ਆਪਣੇ ਅੰਦਰੋਂ) ਨਾਸ ਕਰ ਦਿੱਤਾ ਹੈ ।੨।
ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥
ਭਾਰਾ ਵਿਦਵਾਨ ਹੋਵੇ ਚਾਹੇ ਸੂਰਮਾ, ਚਾਹੇ ਛੱਤਰਪਤੀ ਰਾਜਾ ਹੋਵੇ, ਕੋਈ ਭੀ ਮਨੁੱਖ ਪਰਮਾਤਮਾ ਦੇ ਭਗਤ ਦੇ ਬਰਾਬਰ ਦਾ ਨਹੀਂ ਹੋ ਸਕਦਾ ।
ਜੈਸੇ ਪੁਰੈਨ ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥੩॥੨॥
ਰਵਿਦਾਸ ਆਖਦਾ ਹੈ—ਭਗਤਾਂ ਦਾ ਹੀ ਜੰਮਣਾ ਜਗਤ ਵਿਚ ਮੁਬਾਰਿਕ ਹੈ (ਉਹ ਪ੍ਰਭੂ ਦੇ ਚਰਨਾਂ ਵਿਚ ਰਹਿ ਕੇ ਹੀ ਜੀਊ ਸਕਦੇ ਹਨ), ਜਿਵੇਂ ਚੁਪੱਤੀ ਪਾਣੀ ਦੇ ਨੇੜੇ ਰਹਿ ਕੇ ਹੀ (ਹਰੀ) ਰਹਿ ਸਕਦੀ ਹੈ ।੩।੨।
ਬਾਣੀ ਸਧਨੇ ਕੀ ਰਾਗੁ ਬਿਲਾਵਲੁ
ਸਧਨੇ ਦੇ ਸ਼ਬਦ ਰਾਗ ਬਿਲਾਵਲ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।
ਨ੍ਰਿਪ ਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ ॥
ਹੇ ਪ੍ਰਭੂ! ਤੂੰ ਉਸ ਕਾਮੀ ਤੇ ਖ਼ੁਦਗ਼ਰਜ਼ ਬੰਦੇ ਦੀ ਭੀ ਲਾਜ ਰੱਖੀ (ਭਾਵ, ਤੂੰ ਉਸ ਨੂੰ ਕਾਮ ਵਾਸ਼ਨਾ ਦੇ ਵਿਕਾਰ ਵਿਚ ਡਿੱਗਣ ਤੋਂ ਬਚਾਇਆ ਸੀ),
ਕਾਮਾਰਥੀ ਸੁਆਰਥੀ ਵਾ ਕੀ ਪੈਜ ਸਵਾਰੀ ॥੧॥
ਜਿਸ ਨੇ ਇਕ ਰਾਜੇ ਦੀ ਲੜਕੀ ਦੀ ਖ਼ਾਤਰ (ਧਰਮ ਦਾ) ਭੇਖ ਧਾਰਿਆ ਸੀ ।੧।
ਤਵ ਗੁਨ ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥
ਹੇ ਜਗਤ ਦੇ ਗੁਰੂ ਪ੍ਰਭੂ! ਜੇ ਮੇਰੇ ਪਿਛਲੇ ਕੀਤੇ ਕਰਮਾਂ ਦਾ ਫਲ ਨਾਸ ਨਾਹ ਹੋਇਆ (ਭਾਵ, ਜੇ ਮੈਂ ਪਿਛਲੇ ਕੀਤੇ ਮੰਦ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ ਮੰਦੇ ਕਰਮ ਕਰੀ ਹੀ ਗਿਆ) ਤਾਂ ਤੇਰੀ ਸ਼ਰਨ ਆਉਣ ਦਾ ਕੀਹ ਗੁਣ ਹੋਵੇਗਾ?
ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥੧॥ ਰਹਾਉ ॥
ਸ਼ੇਰ ਦੀ ਸ਼ਰਨ ਪੈਣ ਦਾ ਕੀਹ ਲਾਭ, ਜੇ ਫਿਰ ਭੀ ਗਿੱਦੜ ਖਾ ਜਾਏ?।੧।ਰਹਾਉ।
ਏਕ ਬੂੰਦ ਜਲ ਕਾਰਨੇ ਚਾਤ੍ਰਿਕੁ ਦੁਖੁ ਪਾਵੈ ॥
ਪਪੀਹਾ ਜਲ ਦੀ ਇਕ ਬੰੂਦ ਵਾਸਤੇ ਦੁਖੀ ਹੁੰਦਾ ਹੈ (ਤੇ ਕੂਕਦਾ ਹੈ; ਪਰ ਉਡੀਕ ਵਿਚ ਹੀ) ਜੇ ਉਸ ਦੀ ਜਿੰਦ ਚਲੀ ਜਾਏ ਤਾਂ ਫਿਰ ਉਸ ਨੂੰ (ਪਾਣੀ ਦਾ) ਸਮੁੰਦਰ ਭੀ ਮਿਲੇ ਤਾਂ ਉਸ ਦੇ ਕਿਸੇ ਕੰਮ ਨਹੀਂ ਆ ਸਕਦਾ;
ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥੨॥
(ਤਿਵੇਂ, ਹੇ ਪ੍ਰਭੂ! ਜੇ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਖੁਣੋਂ ਮੇਰੀ ਜਿੰਦ ਵਿਕਾਰਾਂ ਵਿਚ ਮਰ ਹੀ ਗਈ, ਤਾਂ ਫਿਰ ਤੇਰੀ ਮਿਹਰ ਦਾ ਸਮੁੰਦਰ ਮੇਰਾ ਕੀਹ ਸਵਾਰੇਗਾ? ।੨।
ਪ੍ਰਾਨ ਜੁ ਥਾਕੇ ਥਿਰੁ ਨਹੀ ਕੈਸੇ ਬਿਰਮਾਵਉ ॥
(ਤੇਰੀ ਮਿਹਰ ਨੂੰ ਉਡੀਕ ਉਡੀਕ ਕੇ) ਮੇਰੀ ਜਿੰਦ ਥੱਕੀ ਹੋਈ ਹੈ, (ਵਿਕਾਰਾਂ ਵਿਚ) ਡੋਲ ਰਹੀ ਹੈ, ਇਸ ਨੂੰ ਕਿਸ ਤਰ੍ਹਾਂ ਵਿਕਾਰਾਂ ਵਲੋਂ ਰੋਕਾਂ?
ਬੂਡਿ ਮੂਏ ਨਉਕਾ ਮਿਲੈ ਕਹੁ ਕਾਹਿ ਚਢਾਵਉ ॥੩॥
ਹੇ ਪ੍ਰਭੂ! ਜੇ ਮੈਂ (ਵਿਕਾਰਾਂ ਦੇ ਸਮੁੰਦਰ ਵਿਚ) ਡੁੱਬ ਹੀ ਗਿਆ, ਤੇ ਪਿਛੋਂ ਤੇਰੀ ਬੇੜੀ ਮਿਲੀ, ਤਾਂ, ਦੱਸ, ਉਸ ਬੇੜੀ ਵਿਚ ਮੈਂ ਕਿਸ ਨੂੰ ਚੜ੍ਹਾਵਾਂਗਾ? ।੩।
ਮੈ ਨਾਹੀ ਕਛੁ ਹਉ ਨਹੀ ਕਿਛੁ ਆਹਿ ਨ ਮੋਰਾ ॥
ਹੇ ਪ੍ਰਭੂ! ਮੇਰੀ ਕੋਈ ਪਾਂਇਆਂ ਨਹੀਂ, ਮੇਰਾ ਹੋਰ ਕੋਈ ਆਸਰਾ ਨਹੀਂ;
ਅਉਸਰ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥੪॥੧॥
(ਇਹ ਮਨੁੱਖਾ ਜਨਮ ਹੀ) ਮੇਰੀ ਲਾਜ ਰੱਖਣ ਦਾ ਸਮਾ ਹੈ, ਮੈਂ ਸਧਨਾ ਤੇਰਾ ਦਾਸ ਹਾਂ, ਮੇਰੀ ਲਾਜ ਰੱਖ (ਤੇ ਵਿਕਾਰਾਂ ਦੇ ਸਮੁੰਦਰ ਵਿਚ ਡੁੱਬਣ ਤੋਂ ਮੈਨੂੰ ਬਚਾ ਲੈ) ।੪।੧।